ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ‘ਰਣਯੋਧੇ’ ਸੋਵੀਨਾਰ ਜਾਰੀ
ਹਰਪ੍ਰੀਤ ਕੌਰ ਸੰਗਰੂਰ, 7 ਦਸੰਬਰ:2020
ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹਾਦਰ ਫੌਜੀ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਤੌਰ ਤੇ ਰੱਖੇ ਸਾਦੇ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਵੱਲੋਂ 5 ਲੋੜਵੰਦ ਸਾਬਕਾ ਸੈਨਿਕਾਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਭੇਂਟ ਕੀਤੇ ਗਏ ਅਤੇ ‘ਰਣਯੋਧੇ’ ਨਾਂ ਦੇ ਸੋਵੀਨਾਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ।
ਡਿਪਟੀ ਕਮਿਸ਼ਨਰ ਨੇ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸ਼ਹੀਦ ਹੋਣ ਵਾਲੇ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਸਤਿਕਾਰ ਦੇਣਾ ਹਰੇਕ ਨਾਗਰਿਕ ਦਾ ਮੁਢਲਾ ਫਰਜ਼ ਹੈ। ਉਨਾਂ ਕਿਹਾ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਜਾ ਰਹੇ ਫੰਡ ’ਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਸਮੇਤ ਐਸ.ਡੀ.ਐਮ. ਸੰਗਰੂਰ ਸ੍ਰੀ ਬਬਨਦੀਪ ਸਿੰਘ ਵਾਲੀਆਂ ਨੇ ਫਲੈਗ ਡੇਅ ਫੰਡ ’ਚ ਯੋਗਦਾਨ ਪਾਇਆ।
ਇਸ ਮੌਕੇ ਪਰਮਜੀਤ ਸਿੰਘ ਸੁਰਪਡੈਂਟ, ਅਸ਼ੋਕ ਕੁਮਾਰ ਕਲਰਕ, ਕਲਰਕ ਵੀਨਾ ਸ਼ਰਮਾ, ਕਲਰਕ ਕੁਲਵੰਤ ਸਿੰਘ ਜ਼ਿਲ੍ਰਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੰਗਰੂਰ ਸ੍ਰੀ ਬਬਨਦੀਪ ਸਿੰਘ ਵਾਲੀਆ, ਸ੍ਰੀ ਰਾਜਕੁਮਾਰ ਜ਼ਿਲਾ ਲੋਕ ਸੰਪਰਕ ਅਫ਼ਸਰ ਸੰਗਰੂਰ ਅਤੇ ਹੋਰ ਅਧਿਕਾਰੀਆਂ ਦੇ ਫਲੈਗ ਲਗਾਏ ਗਏ।