ਪਟਿਆਲਾ ‘ਚ ਕੌਮੀ ਲੋਕ ਅਦਾਲਤ ਮੌਕੇ, 14 ਬੈਂਚਾਂ ਨੇ ਨਿਬੇੜੇ 1265 ਕੇਸ , 27 ਕਰੋੜ 61 ਲੱਖ 3 ਹਜਾਰ 254 ਰੁਪਏ ਦੇ ਅਵਾਰਡ ਪਾਸ

Advertisement
Spread information

ਲੋਕ ਅਦਾਲਤਾਂ ‘ਚ ਕੇਸਾਂ ਦੇ ਨਿਬੇੜੇ ਨਾਲ ਵੱਧਦੈ ਭਾਈਚਾਰਾ ਤੇ ਦੋਵੇਂ ਧਿਰਾਂ ਦੀ ਹੁੰਦੀ ਜਿੱਤ-ਜਿਲ੍ਹਾ ਤੇ ਸੈਸ਼ਨ ਜੱਜ ਅਗਰਵਾਲ


ਰਾਜੇਸ਼ ਗੌਤਮ  , ਪਟਿਆਲਾ, 12 ਦਸੰਬਰ:2020 
        ਸੈਸ਼ਨਜ਼ ਡਿਵੀਜ਼ਨ, ਪਟਿਆਲਾ ਵਿਖੇ ਅੱਜ ਈ-ਕੌਮੀ ਲੋਕ ਅਦਾਲਤ ਲਗਾਈ ਗਈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਡਾ. ਐਸ. ਮੁਰਲੀਧਰ ਦੀ ਅਗਵਾਈ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀ ਰਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਲਗਾਈ ਗਈ ਇਸ ਕੌਮੀ ਲੋਕ ਅਦਾਲਤ ਦੌਰਾਨ ਗ਼ੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲੀ ਮਾਮਲੇ ਲਏ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਅਤੇ ਸੈਸ਼ਨਜ਼ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹੇ ‘ਚ ਅਦਾਲਤਾਂ ਦੇ 14 ਬੈਂਚ ਗਠਿਤ ਕੀਤੇ ਗਏ। ਇਨ੍ਹਾਂ ਵਿੱਚ ਪਟਿਆਲਾ ‘ਚ 11, ਰਾਜਪੁਰਾ ‘ਚ 01, ਸਮਾਣਾ ‘ਚ 01 ਅਤੇ ਨਾਭਾ ‘ਚ 01 ਬੈਂਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿਚ ਵਕੀਲ ਸਾਹਿਬਾਨ ਅਤੇ ਸਮਾਜ ਸੇਵਕ ਲੋਕ ਅਦਾਲਤ ਬੈਂਚਾਂ ਦੇ ਮੈਂਬਰ ਬਣੇ।
          ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 1265 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ, ਜਿਸ ਵਿੱਚ ਲਗਭਗ 27,61,03,254 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਦੌਰਾਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਡਾ. ਐਸ. ਮੁਰਲੀਧਰ ਨੇ ਵੀਡੀੳ ਕਾਨਫਰੰਸਿੰਗ ਰਾਹੀ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਸ਼ਿਵ ਮੋਹਨ ਗਰਗ ਦੀ ਕੋਰਟ ਵਿੱਚ ਲੱਗੀ ਈ-ਲੋਕ ਅਦਾਲਤ ਵਿੱਚ ਚੱਲ ਰਹੇ ਕੇਸ ਦਾ ਜਇਜ਼ਾ ਲਿਆ।
             ਲੋਕ ਅਦਾਲਤਾਂ ਦੇ ਲਾਭਾਂ ਬਾਰੇ ਗੱਲ ਕਰਦਿਆਂ ਹੋਇਆ ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਜਦੋਂ ਲੋਕ ਅਦਾਲਤ ਵਿੱਚ ਕੇਸ ਦਾ ਸਮਝੌਤਾ ਹੋ ਜਾਂਦਾ ਹੈ ਤਾਂ ਇਸ ਦਾ ਅਵਾਰਡ ਫਾਈਨਲ ਹੋ ਜਾਂਦਾ ਹੈ ਅਤੇ ਇਸਦੇ ਖ਼ਿਲਾਫ਼ ਅਪੀਲ ਨਹੀਂ ਪਾਈ ਜਾ ਸਕਦੀ। ਕਿਉਂਕਿ ਇਹ ਫੈਸਲਾ ਆਪਸੀ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਧਿਰਾਂ ਨੂੰ ਉਹਨਾਂ ਦੀ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਕੇਸ ਦਾ ਨਿਪਟਾਰਾ ਵੀ ਤੇਜੀ ਨਾਲ ਹੋ ਜਾਂਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਰਾਜੀ ਨਾਮਾ ਯੋਗ ਹਰ ਤਰਾਂ ਦੇ ਕੇਸ ਲਗਾਏ ਜਾ ਸਕਦੇ ਹਨ।ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਜਿੰਦਰ ਅਗਰਵਾਨ ਅਤੇ ਸੀ.ਜੇ.ਐਮ. ਮਿਸ ਪਰਮਿੰਦਰ ਕੌਰ ਨੇ ਪਟਿਆਲਾ ਕੋਰਟ ਵਿੱਚ ਗਠਿਤ ਹਰੇਕ ਬੈਂਚ ਦਾ ਦੌਰਾ ਕੀਤਾ ਅਤੇ ਇਸ ਲੋਕ ਅਦਾਲਤ ਵਿੱਚ ਪਾਰਟੀਆਂ/ਲੋਕਾਂ ਨੂੰ ਰਾਜੀਨਾਮੇ ਦੇ ਨਾਲ ਝਗੜੇ ਦਾ ਸਮਾਧਾਨ ਕਰਨ ਲਈ ਪ੍ਰੋਤਸਾਹਿਤ ਕੀਤਾ। ਇਸ ਦੌਰਾਨ ਸਮਾਜਿਕ ਦੂਰ, ਮਾਸਕ ਪਾਉਣ ਅਤੇ ਸੈਨੇਟਾਈਜੇਸ਼ਨ ਦਾ ਖਾਸ ਖਿਆਲ ਰੱਖਿਆ ਗਿਆ।

Advertisement
Advertisement
Advertisement
Advertisement
Advertisement
error: Content is protected !!