ਦਸੰਬਰ ਦੇ ਅੰਤ ਤੱਕ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ- ਮਨਪ੍ਰੀਤ ਸਿੰਘ ਬਾਦਲ
ਅਸ਼ੋਕ ਵਰਮਾ ,ਬਠਿੰਡਾ 18 ਦਸੰਬਰ 2020
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਦੂਸਰੀ ਮੁਹਿੰਮ ਨੇਪਰੇ ਚੜ੍ਹ ਗਈ ਹੈ। ਜਿਸ ਦੇ ਤਹਿਤ ਅੱਜ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ 50 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 2774 ਵਿਦਿਆਰਥੀਆਂ ਨੂੰ ਫੋਨ ਵੰਡੇ ਗਏ। ਜ਼ਿਲ੍ਹਾ ਹੈਡਕੁਆਰਟਰ ‘ਤੇ ਹੋਏ ਸਮਾਗਮ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਮਾਰਟ ਫੋਨ ਵੰਡਣ ਦੀ ਰਸਮ ਅਦਾ ਕੀਤੀ।
ਇਸ ਤੋਂ ਇਲਾਵਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਵਿਖੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਨ ਸਭਾ ਹਲਕਾ ਭੁੱਚੋ ਮੰਡੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ ਵਿਖੇ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ਵਿਖੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ, ਵਿਧਾਨ ਸਭਾ ਹਲਕਾ ਮੌੜ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ ਵਿਖੇ ਹਲਕਾ ਮੌੜ ਦੇ ਇੰਚਾਰਜ ਸ੍ਰੀਮਤੀ ਮੰਜੂ ਬਾਂਸਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਤੀਵਾਲ ਵਿਖੇ ਮੰਗਤ ਰਾਏ ਬਾਂਸਲ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਉਣ ਵਿਖੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਨੇ ਅਤੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ‘ਚ ਵੀ ਵਿਦਿਆਰਥੀਆਂ ਨੂੰ ਫੋਨ ਪ੍ਰਦਾਨ ਕੀਤੇ ਗਏ।ਇਸ ਮੌਕੇ ਆਪਣੇ ਸੰਬੋਧਨ ‘ਚ ਮੁੱਖ ਮਹਿਮਾਨ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੇ ਕਿਹਾ ਕਿ ਜ਼ਿਲ੍ਹੇ ‘ਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਿਲ ਕਰਨ ‘ਚ ਸੌਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚੇ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ ਅਤੇ ਬਾਕੀ ਰਹਿੰਦੇ ਬੱਚਿਆਂ ਨੂੰ ਦਸੰਬਰ ਮਹੀਨੇ ਦੇ ਅੰਤ ਤੱਕ ਸਮਾਰਟ ਫੋਨ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਸਦਕਾ 276 ਸਕੂਲ ਸਮਾਰਟ ਬਣ ਚੁੱਕੇ ਹਨ। ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਹੁਣ ਤੱਕ ਸੈਂਕੜੇ ਪ੍ਰੋਜੈਕਟਰ ਪ੍ਰਦਾਨ ਕੀਤੇ ਗਏ ਹਨ।
ਇਸ ਤੋਂ ਇਲਾਵਾ ਸਕੂਲਾਂ ‘ਚ ਸਮਾਰਟ ਕਲਾਸ ਰੂਮਜ਼ ਬਣਾਉਣ ਲਈ ਵੱਡੇ ਪੱਧਰ ‘ਤੇ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਜਸਪਾਲ ਸਿੰਘ ਔਲਖ ਨੇ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਦੀ ਬਦਲੀ ਨੁਹਾਰ ਨੂੰ ਦੇਖਦੇ ਹੋਏ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀ ਗਿਣਤੀ ‘ਚ 10.50 ਫੀਸਦੀ ਵਾਧਾ ਹੋਇਆ ਹੈ। ਜਿਸ ਤੋਂ ਪ੍ਰਤੱਖ ਰੂਪ ‘ਚ ਪਤਾ ਲੱਗਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ ਅਤੇ ਮਾਪਿਆਂ ਨੂੂੰ ਆਕਰਸ਼ਤ ਕਰ ਰਹੇ ਹਨ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਭੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਸਕੂਲ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ‘ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਹਨ। ਜਿਸ ਤੋਂ ਪ੍ਰੇਰਿਤ ਹੋ ਕੇ ਹੀ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਵਰ੍ਹੇ ਪਹਿਲਾ ਆਰੰਭ ਹੋ ਚੁੱਕੀ ਹੈ ਅਤੇ ਤਿੰਨ ਲੱਖ ਤੋਂ ਵਧੇਰੇ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਦਾ ਦੇ ਵਿਦਿਆਰਥੀ ਰਾਹੁਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਰੋਨਾ ਸੰਕਟ ਦੌਰਾਨ ਆਨਲਾਈਨ ਪੜ੍ਹਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਆਪਣੇ ਪਿਤਾ ਕੋਲ ਹੀ ਘਰ ‘ਚ ਇਕਲੌਤਾ ਫੋਨ ਹੋਣ ਕਰਕੇ, ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਸਮਾਰਟ ਫੋਨ ਪ੍ਰਦਾਨ ਕਰਕੇ, ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨ ਨੇੜੇ ਆਉਣ ‘ਤੇ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਨ ਦਾ ਰਸਤਾ ਖੋਲ੍ਹ ਦਿੱਤਾ ਹੈ। ਇਸ ਮੌਕੇ ਜਿਲ੍ਹਾ ਸਿੱਖਿਆ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.) ਇਕਬਾਲ ਸਿੰਘ ਬੁੱਟਰ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਬਲਰਾਜ ਸਿੰਘ ਬਰਾੜ, ਜਗਰੂਪ ਸਿੰਘ ਗਿੱਲ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਬਠਿੰਡਾ, ਸ਼੍ਰੀ ਕੇਵਲ ਕ੍ਰਿਸ਼ਨ ਅਗਰਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ, ਮੀਡੀਆ ਕੋਆਰਡੀਨੇਟਰ ਬਲਬੀਰ ਸਿੰਘ ਕਮਾਂਡੋ, ਹਰਜੋਤ ਸਿੰਘ ਸਿੱਧੂ ਮੀਡੀਆ ਸਲਾਹਕਾਰ ਵਿੱਤ ਮੰਤਰੀ ਪੰਜਾਬ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।