ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ 22 ਦਸੰਬਰ 2020
ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਵੋਟਰ ਸੂਚੀਆਂ ਦੀ ਤਿਆਰੀ, ਛਪਾਈ ਸਬੰਧੀ, ਪੋਲਿੰਗ ਸਟੇਸ਼ਨਾਂ/ਬੂਥਾਂ ਦੀ ਸੂਚਨਾ ਸਬੰਧੀ, ਚੋਣ ਮਟੀਰੀਅਲ ਅਤੇ ਟਰਾਂਸਪੋਰਟ ਸਬੰਧੀ ਸਬੰਧੀ ਵਿਚਾਰ ਚਰਚਾ ਕੀਤਾ ਗਿਆ।ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਵਿੱਚ ਪਾਣੀ ਦੀ ਸਪਲਾਈ ਅਤੇ ਬੇ ਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਸਬੰਧੀ ਵੀ ਸਬੰਧਿਤ ਵਿਭਾਗੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਦੇਰੀ ਨਾ ਕੀਤੀ ਜਾਵੇ। ਇਸ ਉਪਰੰਤ ਜ਼ਿਲ੍ਹੇ ਦੇ ਸਮੂਹ ਈਓਜ਼ ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰ ਵੱਲੋਂ ਆਂਗਣਵਾੜੀ ਸੈਂਟਰਾਂ ਦੀ ਬਲਾਕ ਵਾਈਜ ਲਿਸਟ ਦਿੱਤੀ ਗਈ ਤਾਂ ਜੋ ਆਂਗਣਵਾੜੀ ਸੈਂਟਰਾਂ ਨੂੰ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਨਗਰ ਕੌਂਸਲ ਦੇ ਈਓਜ਼ ਨੂੰ ਕਿਹਾ ਗਿਆ ਕਿ ਉਨ੍ਹਾਂ ਦੇ ਅਧੀਨ ਆਉਂਦੇ ਬੱਚਿਆਂ ਨੂੰ ਰੁਜ਼ਗਾਰ ਦਫਤਰ ਦੇ ਪੋਰਟਲ ਤੇ ਰਜਿਸਟਰ ਕਰਵਾਇਆ ਜਾਵੇ ਤੇ ਰਿਪੋਰਟ ਰੁਜ਼ਗਾਰ ਦਫਤਰ ਨੂੰ ਭੇਜੀ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚਿਆ ਤੱਕ ਰੁਜ਼ਗਾਰ ਦੀਆਂ ਸਕੀਮਾਂ ਪਹੁੰਚਾਈਆਂ ਜਾ ਸਕਣ। ਉਨ੍ਹਾਂ ਸਮੂਹ ਈਓਜ਼ ਨੂੰ ਕਿਹਾ ਕਿ QR ਕੋਰਡ ਵੱਖ-ਵੱਖ ਦੁਕਾਨਾਂ, ਕੰਪਨੀਆਂ, ਦਫਤਰਾਂ ਦੇ ਮੇਨ ਨੌਟਿਸ ਬੋਰਡ ਤੇ ਲਗਾਇਆ ਜਾਵੇ ਤਾਂ ਜੋ ਬੱਚੇ ਇਸ QR ਕੋਰਡ ਨੂੰ ਸਕੈਨ ਕਰਕੇ ਆਪ ਖੁਦ ਰੁਜ਼ਗਾਰ ਦੀ ਰਜਿਸਟ੍ਰੇਸ਼ਨ ਕਰ ਸਕਣ।
ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਪਰਮਿੰਦਰ ਸਿੰਘ, ਰੁਜ਼ਗਾਰ ਅਫਸਰ ਅਸੋਕ ਜਿੰਦਲ, ਪਲੇਸਮੈਂਟ ਅਫਸਰ ਗੁਰਜੰਟ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨਗਰ ਕੌਂਸਲ ਦੇ ਈਓਜ਼ ਹਾਜ਼ਰ ਸਨ।