ਕਿਸਾਨ ਯੂਨੀਅਨ ਦਾ ਐਲਾਨ, ਸ਼ਹੀਦ ਕਿਸਾਨ ਦੇ ਪਰਿਵਾਰ ਨੂੰ 10 ਲੱਖ ਦਾ ਮੁਆਵਜਾ ਅਤੇ ਸਰਕਾਰੀ ਨੌਕਰੀ ਨਾ ਦੇਣ ਤੱਕ ਨਹੀਂ ਕਰਾਂਗੇ ਸੰਸਕਾਰ
ਹਰਿੰਦਰ ਨਿੱਕਾ , ਬਰਨਾਲਾ 28 ਦਸੰਬਰ 2020
ਕੇਂਦਰ ਸਰਕਾਰ ਦੁਆਰਾ ਲਾਗੂ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ ਸ਼ੁਰੂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲਿਆਂ ਦੀ ਫਹਿਰਿਸਤ ਲਗਾਤਾਰ ਵੱਧਦੀ ਜਾ ਰਹੀ ਹੈ। ਇਸੇ ਲੜੀ ਤਹਿਤ ਭਾਜਪਾ ਦੇ ਜਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਘਰ ਅੱਗੇ ਚੱਲ ਰਹੇ ਲਗਾਤਾਰ ਧਰਨੇ ਤੇ ਅੱਜ ਕਿਸਾਨ ਆਗੂ ਮਾਸਟਰ ਸੁਖਦੇਵ ਸਿੰਘ ਗੁਰਮ ਦੀ ਅਚਾਨਕ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਕੇ.ਯੂ ਉਗਰਾਹਾਂ ਦੇ ਜਿਲ੍ਹਾ ਆਗੂ ਜਰਨੈਲ ਸਿੰਘ ਬਦਰਾ ਨੇ ਦੱਸਿਆ ਕਿ ਸੁਖਦੇਵ ਸਿੰਘ ਗੁਰਮ ਸਾਡੀ ਮਾਸਟਰ ਦੀ ਨੌਕਰੀ ਤੋਂ ਰਿਟਾਇਰ ਹੋਣ ਬਾਅਦ ਜਥੇਬੰਦੀ ਨਾਲ ਜੁੜਿਆ ਸੀ। ਉਨ੍ਹਾਂ ਦੱਸਿਆ ਕਿ ਪੱਕੇ ਧਰਨੇ ਵਾਲੀ ਅੱਜ ਮੀਟਿੰਗ ਵਿੱਚ ਉਹ ਸ਼ਾਮਿਲ ਹੋਇਆ। ਮੀਟਿੰਗ ਦੇ ਦੌਰਾਨ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ ਉਨ੍ਹੀਂ ਦੇਰ ਤੱਕ ਸੁਖਦੇਵ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ, ਜਿੰਨੀ ਦੇਰ ਤੱਕ ਸਰਕਾਰ ਕਿਸਾਨ ਸੰਘਰਸ਼ ਦੇ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਮ੍ਰਿਤਕ ਦੇ ਪਰਿਵਾਰ ਦਾ ਪੂਰਾ ਕਰਜਾ ਮਾਫ ਨਹੀਂ ਕਰਦੀ। ਇਸ ਮੌਕੇ ਕਿਸਾਨ ਆਗੂਆਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਵੀ ਦੁਹਰਾਇਆ।