ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਰੋਕ
ਰਵੀ ਸੈਣ ਬਰਨਾਲਾ, 4 ਜਨਵਰੀ 2021
ਜ਼ਿਲਾ ਮੈਜਿਸਟਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਸ. ਫੂਲਕਾ ਨੇ ਕਿਹਾ ਕਿ ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸਦੇ ਖਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
ਇਸੇ ਤਰਾਂ ਇਕ ਹੋਰ ਹੁਕਮ ਤਹਿਤ ਉਨਾਂ ਜ਼ਿਲੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਲੋਕਾਂ ਦੁਆਰਾ ਸਭਿਆਚਾਰਕ ਅਤੇ ਧਾਰਮਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜਾਈ ’ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ। ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣਗੇ। ਇਹ ਹੁਕਮ ਮਿਤੀ 25 ਫਰਵਰੀ 2021 ਤੱਕ ਲਾਗੂ ਰਹਿਣਗੇ।