ਵਿਦਿਆਰਥੀਆਂ ਦੀਆਂ ਪਹਿਲੀਆਂ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਅਹਿਮ
ਰਘਬੀਰ ਹੈਪੀ , ਬਰਨਾਲਾ,5 ਜਨਵਰੀ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਕਾਮਯਾਬੀ ਲਈ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਹੇਠ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਉਪਰਾਲਿਆਂ ਅਧੀਨ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਸਮੂਹ ਸਰਕਾਰੀ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨਾਲ ਐਜੂਸੈਟ ਮੀਟਿੰਗ ਕੀਤੀ ਗਈ।
ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀਆਂ ਪਾਬੰਦੀਆਂ ਦੌਰਾਨ ਵੀ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਹੋਏ ਰਿਕਾਰਡ ਤੋੜ ਵਾਧੇ ਅਤੇ ਨਿਰਵਿਘਨ ਤਰੀਕੇ ਪੜ੍ਹਾਈ ਜਾਰੀ ਰੱਖਣ ਦਾ ਸਿਹਰਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਮਿਹਨਤ ਨੂੰ ਜਾਂਦਾ ਹੈ।ਸਿੱਖਿਆ ਸਕੱਤਰ ਨੇ ਕਿਹਾ ਕਿ ਦਾਖਲਿਆਂ ਅਤੇ ਆਨਲਾਈਨ ਪੜ੍ਹਾਈ ਦੇ ਖੇਤਰ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਪੱਧਰ ਦੀਆਂ ਕੋਸ਼ਿਸ਼ਾਂ ਹੋਰ ਕਿਸੇ ਵੀ ਸੂਬੇ ਵਿੱਚ ਵੇਖਣ ਨੂੰ ਨਹੀਂ ਮਿਲੀਆਂ।ਉਹਨਾਂ ਕਿਹਾ ਕਿ ਸਰਕਾਰੀ ਹਦਾਇਤਾਂ ਅਨੁਸਾਰ ਨੌਵੀਂ ਤੋਂ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲਣ ਦੀ ਮਿਲੀ ਇਜਾਜ਼ਤ ਦਾ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਾਰਥਿਕ ਉਪਯੋਗ ਕੀਤਾ ਜਾ ਰਿਹਾ ਹੈ।ਸਿੱਖਿਆ ਸਕੱਤਰ ਨੇ ਅਧਿਆਪਕਾਂ ਵੱਲੋਂ ਸਕੂਲਾਂ ਦੇ ਫਰਨੀਚਰ ਨੂੰ ਸੋਹਣਾ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਵੀ ਪ੍ਰਸੰਸਾ ਕੀਤੀ।ਅਧਿਆਪਕਾਂ ਵੱਲੋਂ ਸਵੈ ਇੱਛਾ ਨਾਲ ਵਿਦਿਆਰਥੀਆਂ ਦੀਆਂ ਸਕੂਲ ਸਮੇਂ ਤੋਂ ਵਾਧੂ ਜਮਾਤਾਂ ਲਗਾਉਣ ਦਾ ਰੁਝਾਨ ਉਹਨਾਂ ਦੀ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਪੂਰਤੀ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।ਸਿੱਖਿਆ ਸਕੱਤਰ ਨੇ ਕਿਹਾ ਕਿ ਬਡੀ ਗਰੁੱਪਾਂ ਜਰੀਏ ਵਿਦਿਆਰਥੀਆਂ ਨੂੰ ਇੱਕ ਦੂਜੇ ਦੇ ਸਿੱਖਿਆ ਸਾਥੀ ਬਣਾਉਣ ਦੇ ਵੀ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਵਿਦਿਆਰਥੀਆਂ ਵਿੱਚ ਇੱਕ ਦੂਜੇ ਦੀ ਭਾਵਨਾ ਉਤਪੰਨ ਹੋਈ ਹੈ।
ਸਿੱਖਿਆ ਸਕੱਤਰ ਨੇ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਨਜ਼ਦੀਕ ਆਉਣ ‘ਤੇ ਵਿਦਿਆਰਥੀਆਂ ਦੇ ਬਿਹਤਰ ਅਤੇ ਕਮਜ਼ੋਰ ਪੱਖਾਂ ਦੀ ਸਨਾਖਤ ਲਈ ਦਸੰਬਰ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਬੇਹੱਦ ਜਰੂਰੀ ਹੈ।ਉਹਨਾਂ ਕਿਹਾ ਕਿ ਪ੍ਰਾਪਤੀਆਂ ਦੇ ਆਧਾਰ ‘ਤੇ ਸਨਾਖਤ ਕੀਤੇ ਕਮਜ਼ੋਰ, ਮੱਧ ਅਤੇ ਹੁਸ਼ਿਆਰ ਵਿਦਿਆਰਥੀਆਂ ਬਾਰੇ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਿਲ੍ਹੇ ਦੇ ਸਮੂਹ ਸਕੂਲਾਂ, ਸਕੂਲ ਮੁਖੀਆਂ ਨੂੰ ਆਪੋ ਆਪਣੇ ਸਕੂਲਾਂ ਅਤੇ ਅਧਿਆਪਕਾਂ ਨੂੰ ਆਪੋ ਆਪਣੇ ਵਿਸ਼ਿਆਂ ਦੇ ਵਿਦਿਆਰਥੀਆਂ ਬਾਰੇ ਜਾਣਕਾਰੀ ਹੋਣੀ ਬੇਹੱਦ ਜਰੂਰੀ ਹੈ ਤਾਂਕਿ ਹਰ ਵਿਦਿਆਰਥੀ ਨੂੰ ਉਸ ਦੇ ਸਿੱਖਣ ਪੱਧਰ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾ ਕੇ ਹਰ ਵਿਦਿਆਰਥੀ ਨੂੰ ਸਾਲਾਨਾ ਪ੍ਰੀਖਿਆਵਾਂ ਵਿੱਚੋਂ ਬਿਹਤਰ ਪ੍ਰਾਪਤੀਆਂ ਨਾਲ ਪਾਸ ਕਰਵਾਇਆ ਜਾ ਸਕੇ। ਸਿੱਖਿਆ ਸਕੱਤਰ ਵੱਲੋਂ ਕਾਰਗੁਜ਼ਾਰੀ ਦੇ ਆਧਾਰ ‘ਤੇ ਵਿਦਿਆਰਥੀਆਂ ਦੀ ਪਹਿਚਾਣ ਦਾ ਨਮੂਨਾ ਵਿਸਲੇਸ਼ਣ ਵੀ ਮੀਟਿੰਗ ਦੌਰਾਨ ਸਾਂਝਾ ਕੀਤਾ ਗਿਆ।
ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਕਿਹਾ ਕਿ ਸਿੱਖਿਆ ਸਕੱਤਰ ਵੱਲੋਂ ਕੀਤੀ ਐਜੂਸੈਟ ਮੀਟਿੰਗ ਵਿੱਚ ਸਮੂਹ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਿੱਖਿਆ ਸਕੱਤਰ ਵੱਲੋਂ ਸਾਂਝੇ ਕੀਤੇ ਨੁਕਤਿਆਂ ਅਤੇ ਹਦਾਇਤਾਂ ਅਨੁਸਾਰ ਕੰਮ ਕਰਦਿਆਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਅਧਿਕਾਰੀਆਂ ਨੇ ਕਿਹਾ ਕਿ ਪਹਿਲੀਆਂ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਹਰ ਸਕੂਲ ਵੱਲੋਂ ਵਿਦਿਆਰਥੀਆਂ ਦੀ ਸਨਾਖਤ ਕਰ ਲਈ ਗਈ ਹੈ ਅਤੇ ਅਧਿਆਪਕਾਂ ਵੱਲੋਂ ਹਰ ਵਿਦਿਆਰਥੀ ਵੱਲ ਨਿੱਜੀ ਧਿਆਨ ਦੇ ਕੇ ਉਸ ਦੇ ਸਿੱਖਣ ਪੱਧਰ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਮੈਰਿਟ ਦੇ ਸੰਭਾਵੀ ਹੁਸ਼ਿਆਰ ਵਿਦਿਆਰਥੀਆਂ ਲਈ ਵੀ ਵਿਸ਼ੇਸ਼ ਜਮਾਤਾਂ ਦੀ ਵਿਵਸਥਾ ਕੀਤੀ ਗਈ ਹੈ।