ਸਕੂਲਾਂ ਦੇ ਹੱਥ ਲਿਖਤ ਮੈਗਜ਼ੀਨ ਕੀਤੇ ਲੋਕਅਰਪਣ
ਰਘਵੀਰ ਹੈਪੀ , ਬਰਨਾਲਾ,14 ਜਨਵਰੀ 2021
ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਚਲਾਏ ਮਿਸ਼ਨ ਸ਼ਤ ਪ੍ਰਤੀਸ਼ਤ ਅਤੇ ਹੋਰ ਪ੍ਰਾਜੈਕਟਾਂ ਦੀ ਸਫ਼ਲਤਾ ਲਈ ਸਿੱੱਖਿਆ ਅਧਿਕਾਰੀਆਂ ਨੂੰ ਸਕੂਲਾਂ ਦੇ ਦੌਰੇ ਕਰਦਿਆਂ ਅਧਿਆਪਕਾਂ ਦਾ ਮਾਰਗ ਦਰਸ਼ਨ ਕਰਨ ਦੀਆਂ ਜਾਰੀ ਹਦਾਇਤਾਂ ਅਨੁਸਾਰ ਸ੍ਰੀਮਤੀ ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਜਿਲ੍ਹੇ ਦੇ ਵੱਖ ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ ਗਿਆ।
ਜਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਤੋਂ ਵਿਦਿਆਰਥੀ,ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਬਹੁਤ ਖੁਸ਼ ਹਨ।ਉਹਨਾਂ ਕਿਹਾ ਕਿ ਸਰਕਾਰੀ ਹਦਾਇਤਾਂ ਅਨੁਸਾਰ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਦਿਆਂ ਪ੍ਰਾਇਮਰੀ ਸਕੂਲਾਂ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪੜ੍ਹਾਈ ਕਰਵਾਈ ਜਾ ਰਹੀ ਹੈ ਜਦਕਿ ਬਾਕੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਤਰੀਕੇ ਪੜ੍ਹਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਖੁੱਡੀ ਖੁਰਦ,ਢਿੱਲਵਾਂ ਨਾਭਾ, ਢਿੱਲਵਾਂ ਪਟਿਆਲਾ, ਸ਼ਹਿਣਾ(ਕ),ਸੰਘੇੜਾ, ਅਮਲਾ ਸਿੰਘ ਵਾਲਾ, ਜੁਮਲਾ ਮਲਕਾਨ,ਹੰਡਿਆਇਆ ਅਤੇ ਖੁੱਡੀ ਕਲਾਂਂ ਆਦਿ ਸਕੂਲਾਂ ਦੇ ਨਿਰੀਖਣ ਦੌਰਾਨ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਹਾਜ਼ਰੀ ਤਸ਼ੱਲੀਬਖਸ਼ ਪਾਈ ਗਈ।
ਉਹਨਾਂ ਕਿਹਾ ਕਿ ਬੇਸ਼ੱਕ ਅਧਿਆਪਕਾਂ ਵੱਲੋਂ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਦਿਆਂ ਸਕੂਲਾਂ ਦੀ ਤਾਲਾਬੰਦੀ ਦੌਰਾਨ ਵੀ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਕਾਰਜ਼ ਜਾਰੀ ਰੱਖਿਆ ਗਿਆ ਪਰ ਹੁਣ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਨਾਲ ਸਕੂਲਾਂ ਦੀਆਂ ਇਮਾਰਤਾਂ ਦੀ ਸਾਫ਼ ਸਫ਼ਾਈ ਅਤੇ ਰੱਖ ਰਖਾਵ ਕਰਨਾ ਸੌਖਾ ਹੋ ਗਿਆ ਹੈ।ਉਹਨਾਂ ਕਿਹਾ ਕਿ ਬਹੁਤ ਸਾਰੇ ਸਕੂਲਾਂ ਵੱਲੋਂ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਦੀ ਪ੍ਰਫੁੱਲਤਾ ਲਈ ਸੁੰਦਰ ਹੱਥ ਲਿਖਤ ਮੈਗਜ਼ੀਨ ਵੀ ਰਿਲੀਜ਼ ਕੀਤੇ ਜਾ ਰਹੇ ਹਨ।ਉਹਨਾਂ ਦੇ ਨਾਲ ਮੌਜ਼ੂਦ ਸ੍ਰ ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਨੇ ਕਿਹਾ ਕਿ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਪੜ੍ਹੋ ਪੰਜਾਬ ਟੀਮ ਵੱਲੋਂ ਵੀ ਅਧਿਆਪਕਾਂ ਨੂੰ ਪੂਰਨ ਸਹਿਯੋਗ ਕੀਤਾ ਜਾ ਰਿਹਾ ਹੈ।ਵਿਦਿਆਰਥੀਆਂ ਨੂੰ ਉਹਨਾਂ ਦੀ ਸਿੱਖਣ ਸਮਰੱਥਾ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਹੋਰਨਾਂ ਨੂੰ ਤੋਂ ਇਲਾਵਾ ਸ੍ਰੀ ਸੰਜੀਵ ਕੁਮਾਰ, ਭੁਪਿੰਦਰ ਸਿੰਘ ਅਤੇ ਨਰਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।