ਭਾਰਤ ਭੂਸ਼ਣ ਆਸ਼ੂ ਵੱਲੋਂ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ

Advertisement
Spread information

ਆਸ਼ੂ ਨੇ ਕਿਹਾ ! ਯਕੀਨੀ ਬਣਾਉਣ ਕਿ ਫਿਰੋਜ਼ਪੁਰ ਰੋਡ ‘ਤੇ ਟ੍ਰੈਫਿਕ ਜਾਮ ਨਾ ਲੱਗੇ

ਕੰਮ ਦੀ ਧੀਮੀ ਰਫਤਾਰ ਲਈ ਫਿਰੋਜ਼ਪੁਰ ਰੋਡ ਐਲੀਵੇਟਿਡ ਸੜਕ ਪ੍ਰਾਜੈਕਟ ਦੇ ਠੇਕੇਦਾਰ ਦੀ ਕੀਤੀ ਖਿਚਾਈ


ਦਵਿੰਦਰ ਡੀ.ਕੇ. ,ਲੁਧਿਆਣਾ, 30 ਜਨਵਰੀ 2021

      ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨਾਲ ਜੁੜੇ ਕਈ ਮੁੱਦਿਆਂ ਨੂੰ ਵਿਚਾਰਿਆ। ਅੱਜ ਵਿਚਾਰੇ ਗਏ ਮੁੱਦਿਆਂ ਵਿੱਚ ਐਨ.ਐਚ-44, ਐਲੀਵੇਟਿਡ ਰੋਡ ਪ੍ਰਾਜੈਕਟ (ਸਮਰਾਲਾ ਚੌਕ ਤੋਂ ਫਿਰੋਜ਼ਪੁਰ ਰੋਡ), ਲਾਢੋਵਾਲ ਬਾਈਪਾਸ ਤੋਂ ਇਲਾਵਾ ਹੋਰ ਕਈ ਕੰਮ ਸ਼ਾਮਲ ਹਨ। ਇਸ ਮੀਟਿੰਗ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਸੁਬਰਾਮਨੀਅਮ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਏ.ਡੀ.ਸੀ.ਪੀ. ਸ੍ਰੀ ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਐਸ.ਡੀ.ਐਮ. ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਏ.ਸੀ.ਪੀ. ਸ.ਗੁਰਦੇਵ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
     ਮੀਟਿੰਗ ਦੌਰਾਨ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਮਿਲ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਐਲੀਵੇਟਿਡ ਰੋਡ ਦੇ ਨਾਲ ਲੱਗਦੀ ਸਰਵਿਸ ਲੇਨ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ ਕਿਉਂਕਿ ਇਸ ਪ੍ਰਾਜੈਕਟ ਦੇ ਚੱਲ ਰਹੇ ਨਿਰਮਾਣ ਕਾਰਨ ਵਸਨੀਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਵਿਸ ਲੇਨ ਹਰ ਪ੍ਰਾਜੈਕਟ ਦਾ ਹਿੱਸਾ ਹਨ ਅਤੇ ਜੇਕਰ ਇਹ ਸੜਕਾਂ ਖਰਾਬ ਰਹਿੰਦੀਆਂ ਹਨ ਤਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਲਿਖਤੀ ਤੌਰ ‘ਤੇ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
        ਉਨ੍ਹਾਂ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਕੰਮ ਦੀ ਧੀਮੀ ਰਫਤਾਰ ਲਈ ਫਿਰੋਜ਼ਪੁਰ ਰੋਡ ਐਲੀਵੇਟਿਡ ਸੜਕ ਪ੍ਰਾਜੈਕਟ ਦੇ ਠੇਕੇਦਾਰ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰੋਜੈਕਟ ਦੀ ਰਫਤਾਰ ਤੇਜ਼ ਨਾ ਕੀਤੀ ਗਈ ਤਾਂ ਠੇਕੇਦਾਰ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।
     ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਅਜਿਹੇ ਸਾਰੇ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਨਜਿੱਠਿਆ ਜਾਵੇਗਾ। ਸ੍ਰੀ ਆਸ਼ੂ ਨੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਬੱਸ ਸਟੈਂਡ ਵੱਲ ਜਾਣ ਵਾਲੇ ਭਾਰਤ ਨਗਰ ਚੌਕ ਫਲਾਈਓਵਰ ਦੀ ਉਸਾਰੀ ਦੀ ਯੋਜਨਾ ਨੂੰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਪੀ.ਐਸ.ਪੀ.ਸੀ.ਐਲ. ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਸਾਰੇ ਪੈਂਡਿੰਗ ਮੁੱਦਿਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਨਿਬੇੜ ਦਿੱਤਾ ਜਾਵੇ।
      ਉਨ੍ਹਾਂ ਇਹ ਵੀ ਦੱਸਿਆ ਕਿ ਦੱਖਣੀ ਸ਼ਹਿਰ ਅਤੇ ਇਆਲੀ ਦੇ ਆਸ ਪਾਸ ਦੇ ਹੋਰ ਇਲਾਕਿਆਂ ਦੇ ਵਸਨੀਕਾਂ ਦੇ ਹਿੱਤ ਲਈ, ਸਿੱਧਵਾਂ ਨਹਿਰ ਦੇ ਕਿਨਾਰੇ ਸੜਕਾਂ ਦੇ ਦੋਵਾਂ ਪਾਸਿਆਂ ਨੂੰ ਜੋੜਨ ਵਾਲਾ ਇੱਕ ਪੁਲ ਗਲਾਡਾ ਦੁਆਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਡਿਜ਼ਾਇਨ ਤਿਆਰ ਕਰ ਲਿਆ ਗਿਆ ਹੈ ਅਤੇ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ 45 ਦਿਨਾਂ ਦੇ ਰਿਕਾਰਡ ਸਮੇਂ ਵਿਚ ਇਸ ਪੁਲ ਦੇ ਨਿਰਮਾਣ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਰਹੇ ਹਨ।
      ਉਨ੍ਹਾਂ ਅੱਗੇ ਦੱਸਿਆ ਕਿ ਸਾਈਕਲ ਸਵਾਰਾਂ ਦੀ ਸੁਰੱਖਿਆ ਲਈ ਸ਼ਹਿਰ ਵਿੱਚ ਸਾਈਕਲਿੰਗ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇਸ ਪ੍ਰਾਜੈਕਟ ਦੇ ਦੋਵਾਂ ਪਾਸਿਆਂ ਤੋਂ ਲਾਡੋਵਾਲ ਬਾਈਪਾਸ ਦੇ ਨਾਲ ਲਗਭਗ 13 ਕਿਲੋਮੀਟਰ ਲੰਬਾ ਸਮਰਪਿਤ ਸਾਈਕਲਿੰਗ ਟਰੈਕ ਬਣਾਇਆ ਜਾਵੇਗਾ, ਜਿਸ ਨੂੰ ਦੱਖਣੀ ਬਾਈਪਾਸ ਵੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਸੁਰੱਖਿਆ ਲਈ ਐਨ.ਐਚ-44 ‘ਤੇ ਸ਼ੇਰਪੁਰ ਚੌਕ ਤੋਂ ਦੰਡਾਰੀ ਤੱਕ ਸਾਈਕਲਿੰਗ ਟਰੈਕ ਬਣਾਉਣ ਦੀ ਯੋਜਨਾ ਵੀ ਬਣਾ ਰਹੇ ਹਨ।
    ਉਨ੍ਹਾਂ ਲਾਢੋਵਾਲ ਬਾਈਪਾਸ ਅਤੇ ਮੁੱਖ ਜੀ.ਟੀ. ਰੋਡ (ਐਨਐਚ 44) ਨੂੰ 32 ਏਕੜ ਵਿੱਚ ਉਸਾਰੀ ਅਧੀਨ ਜੈਨਪੁਰ ਸਪੋਰਟਸ ਪਾਰਕ ਨਾਲ ਜੋੜਨ ਦੀਆਂ ਯੋਜਨਾਵਾਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ।

Advertisement
Advertisement
Advertisement
Advertisement
Advertisement
Advertisement
error: Content is protected !!