ਦੂਜੇ ਦਿਨ ਘਰ ਘਰ ਪਹੁੰਚ ਕਰਨਗੀਆਂ ਸਿਹਤ ਵਿਭਾਗ ਦੀਆਂ ਟੀਮਾਂ
ਸੋਨੀ ਪਨੇਸਰ , ਬਰਨਾਲਾ, 31 ਜਨਵਰੀ 2021
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਹਰਿੰਦਰਜੀਤ ਸਿੰਘ ਸਿਵਲ ਸਰਜਨ ਬਰਨਾਲਾ ਵੱਲੋਂ ਸਿਵਲ ਹਸਪਤਾਲ ਬਰਨਾਲਾ ਦੇ ਬੂਥ ਨੰਬਰ 1 ’ਤੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਜ਼ਿਲੇ ਅੰਦਰ ਇਸੇ ਤਰਾਂ ਦੇ 221 ਬੂਥ, 9 ਟ੍ਰਾਜ਼ਿਟ ਬੂਥ ਅਤੇ 14 ਮੋਬਾਈਲ ਟੀਮਾਂ ਹਨ, ਜਿਨਾਂ ਦੀ ਨਿਗਰਾਨੀ ਕਰਨ ਲਈ 47 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਪਹਿਲੇ ਦਿਨ ਸਾਰੇ ਬੂਥਾਂ ਉੱਪਰ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ ਅਤੇ ਦੂਜੇ ਤੇ ਤੀਜੇ ਦਿਨ ਪੋਲੀਓ ਦੀਆਂ ਬੂੰਦਾਂ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਮੋਬਾਈਲ ਟੀਮਾਂ ਦੁਆਰਾ ਭੱਠਿਆਂ, ਝੁੱਗੀਆਂ-ਝੌਂਪੜੀਆਂ, ਪਰਵਾਸੀ ਘਰਾਂ, ਫੈਕਟਰੀਆਂ ਅਤੇ ਨਿਰਮਾਣ ਅਧੀਨ ਇਮਾਰਤਾਂ ਵਿੱਚ ਜਾ ਕੇ ਵੀ ਯੋਗ ਬੱਚਿਆਂ ਤੱਕ ਪਹੁੰਚ ਕੀਤੀ ਜਾਵੇਗੀ। ਉਨਾਂ ਕਿਹਾ ਕਿ ਤਿੰਨ ਦਿਨਾਂ ਦੇ ਵਿੱਚ ਲਗਭਗ 60971 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਰਾਜਿੰਦਰ ਸਿੰਗਲਾ , ਐਸਐਮਓ ਡਾ. ਤਪਿੰਦਰਜੋਤ ਕੌਸ਼ਲ, ਜ਼ਿਲਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ, ਗੁਰਦੀਪ ਸਿੰਘ ਤੇ ਹੋਰ ਸਿਹਤ ਕਰਮੀ ਹਾਜ਼ਰ ਸਨ।