ਡੀ.ਸੀ. ਰਾਮਵੀਰ ਨੇ ਕਿਹਾ , ਚੋਣ ਪ੍ਰਕਿਰਿਆ ਦੌਰਾਨ ਵੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ
ਰਿੰਕੂ ਝਨੇੜੀ , ਸੰਗਰੂਰ 10 ਫ਼ਰਵਰੀ:2021
ਜ਼ਿਲੇ ’ਚ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀ ਪ੍ਰਕਿਰਿਆ ਦੌਰਾਨ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਕੋਰੋਨਾਵਾਇਰਸ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਫ਼ੇਸਬੁੱਕ ਪੇਜ਼ ’ਤੇ ਲਾਇਵ ਦੌਰਾਨ ਰੂ-ਬ-ਰੂ ਹੁੰਦਿਆਂ ਕੀਤਾ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਜ਼ਿਲਾ ਵਾਸੀ ਆਪਣੀ ਇੱਛਾ ਅਨੁਸਾਰ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਕੋਵਿਡ-19 ਨੂੰ ਧਿਆਨ ਵਿੱਚ ਰੱਖਦਿਆਂ ਚੋਣਾਂ ਵਾਲੀ ਥਾਂ ’ਤੇ ਪ੍ਰਸ਼ਾਸਨ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਦੌਰਾਨ ਮਾਸਕ ਪਹਿਨਣਾ ਯਕੀਨੀ ਬਣਾਉਣ ਅਤੇ ਉੱਚਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ ਕਰੀਬ 18 ਹਜ਼ਾਰ ਉਦਯੋਗਿਕ ਯੁਨਿਟ ਕਾਰਜਸ਼ੀਲ ਹਨ। ਇਹਨਾਂ ਵਿੱਚ ਵੱਡੀ ਗਿਣਤੀ ਕਾਮੇ ਕੰਮ ਕਰਦੇ ਹਨ। ਅਜਿਹੇ ਵਿੱਚ ਉਦਯੋਗਪਤੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਪ੍ਰਤੀ ਸੁਚੇਤ ਰਹਿਣ। ਉਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਬਿਲਕੁੱਲ ਮੁਫ਼ਤ ਕੀਤੀ ਜਾਂਦੀ ਹੈ ਇਸ ਲਈ ਵਪਾਰਕ, ਵਿੱਦਿਅਕ ਅਤੇ ਹੋਰਨਾ ਸੰਸਥਾਵਾਂ ਨੂੰ ਸਮੇਂ ਸਮੇਂ ਸਿਰ ਜਾਂਚ ਕਰਵਾ ਲੈਣੀ ਚਾਹੀਂਦੀ ਹੈ।
ਇਸ ਤੋਂ ਪਹਿਲਾਂ ਉਨਾਂ ਜ਼ਿਲੇ ਅੰਦਰ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੋਵਿਡ-19 ਦੀ ਜਾਂਚ ਲਈ 220717 ਨਮੂਨੇ ਭੇਜੇ ਗਏ ਹਨ, ਜਿੰਨਾ ਵਿੱਚੋਂ 216236 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਜ਼ਿਲੇ ਦੇ 4245 ਮਰੀਜ਼ ਕੋਰੋਨਾਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਜ਼ਿਲੇ ਵਿੱਚ ਹਾਲ ਦੀ ਘੜੀ ਕੁੱਲ 31 ਐਕਟਿਵ ਕੇਸ ਹਨ। ਉਨਾਂ ਦੱਸਿਆ ਕਿ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਇੱਕ ਵਿਅਕਤੀ ਸਿਹਤਯਾਬ ਹੋ ਕੇ ਘਰ ਪਰਤਿਆ ਹੈ।