ਰਘਵੀਰ ਹੈਪੀ , ਬਰਨਾਲਾ, 12 ਫਰਵਰੀ 2021
ਜ਼ਿਲਾ ਮੈਜਿਸਟਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਨਗਰ ਕੌਂਸਲ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਰਾਹੀਂ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 14 ਫਰਵਰੀ 2021 ਅਤੇ 17 ਫਰਵਰੀ 2021 ਨੂੰ ਜ਼ਿਲਾ ਬਰਨਾਲਾ ਅੰਦਰ ਡ੍ਰਾਈ ਡੇਅ ਐਲਾਨਿਆ ਗਿਆ ਹੈ।
ਇਨਾਂ ਹੁਕਮਾਂ ਤਹਿਤ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਹੋਰ ਜਨਤਕ ਥਾਵਾਂ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨਰ, ਪੰਜਾਬ ਵੱਲੋਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ 14 ਫਰਵਰੀ ਨੂੰ ਨਿਸ਼ਚਿਤ ਹੋਈਆਂ ਹਨ। ਇਸ ਲਈ ਵੋਟਿੰਗ ਵਾਲੇ ਦਿਨ ਅਤੇ ਵੋਟਾਂ ਦੀ ਗਿਣਤੀ (17 ਫਰਵਰੀ) ਵਾਲੇ ਦਿਨ ਅਮਨ-ਕਾਨੰੂਨ ਦੀ ਸਥਿਤੀ ਬਣਾਈ ਰੱਖਣ ਦੇ ਮੱਦੇਨਜ਼ਰ ਦੋਵੇਂਂ ਦਿਨ ਡ੍ਰਾਈ ਡੇਅ ਐਲਾਨੇ ਗਏ ਹਨ।
ਇਸ ਦੌਰਾਨ ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲੇ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਦੇ ਹੁਕਮ ਵੀ ਜਾਰੀ ਕੀਤੇ ਹੋਏ ਹਨ। ਇਨਾਂ ਹੁਕਮਾਂ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਨੇ ਆਖਿਆ ਕਿ ਚੋਣ ਕਮਿਸ਼ਨ, ਪੰਜਾਬ ਰਾਜ, ਚੰਡੀਗੜ ਵੱਲੋਂ ਐਲਾਨੇ ਪ੍ਰੋਗਰਾਮ ਮੁਤਾਬਕ ਪੰਜਾਬ ਰਾਜ ਵਿਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 14 ਫਰਵਰੀ 2021 ਨੂੰ ਹੋਣੀਆਂ ਤੈਅ ਹੋਈਆਂ ਹਨ। ਇਸ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਲਈ ਅਸਲਾ ਚੁੱਕ ਕੇ ਚੱਲਣ ’ਤੇ ਪਾਬੰਦੀ ਲਾਈ ਹੋਈ ਹੈ, ਇਹ ਹੁਕਮ 21 ਫਰਵਰੀ ਤੱਕ ਲਾਗੂ ਰਹਿਣਗੇ।