ਸਾਂਝੀਆਂ ਥਾਵਾਂ ‘ਤੇ ਲਗਾਏ ਜਾ ਰਹੇ ਹਨ ਪੈਂਫਲਿਟ
ਰਵੀ ਸੈਣ , ਬਰਨਾਲਾ,17 ਫਰਵਰੀ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਅਗਲੇ ਸੈਸ਼ਨ ਲਈ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜ਼ਾਫਾ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਦਾਖਲਿਆਂ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਅਗਲੇ ਸੈਸ਼ਨ ਦੌਰਾਨ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਘਰੋਂ ਘਰੀਂ ਪਹੁੰਚ ਕੇ ਮਾਪਿਆਂ ਨੂੰ ਆਪੋ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸਮਾਰਟ ਸਕੂਲ ਮੁਹਿੰਮ ਤਹਿਤ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਦਿਆਂ ਜਿੱਥੇ ਇਮਾਰਤਾਂ ਨੂੰ ਬਾਲ ਮਨੋਵਿਗਿਆਨਕ ਨਜ਼ਰੀਏ ਤੋਂ ਆਕਰਸ਼ਿਕ ਬਣਾਇਆ ਗਿਆ ਹੈ ਉੱਥੇ ਹੀ ਵਿਦਿਆਰਥੀਆਂ ਦੇ ਬੈਠਣ ਲਈ ਸੁੰਦਰ ਬੈੰਚਾਂ ਦੀ ਵਿਵਸਥਾ ਕੀਤੀ ਗਈ ਹੈ।ਵਿਦਿਆਰਥੀਆਂ ਦੀ ਪੜ੍ਹਾਈ ਲਈ ਸਕੂਲਾਂ ਵਿੱਚ ਐਜੂਸੈਟ, ਕੰਪਿਊਟਰ,ਪ੍ਰੋਜੈਕਟਰ,ਸਮਾਰਟ ਕਲਾਸ ਰੂਮ ਅਤੇ ਭਾਸ਼ਾ ਪ੍ਰਯੋਗਸ਼ਾਲਾਵਾਂ ਦੀ ਸਥਾਪਨਾ ਦੇ ਨਾਲ ਨਾਲ ਅੱਜ ਦਾ ਸ਼ਬਦ ਮੁਹਿੰਮ ਪ੍ਰਾਜੈਕਟ ਜਰੀਏ ਵਿਦਿਆਰਥੀਆਂ ਦੇ ਪੰਜਾਬੀ ਅਤੇ ਅੰਗਰੇਜ਼ੀ ਦੇ ਸ਼ਬਦ ਭੰਡਾਰ ਨੂੰ ਵਿਸ਼ਾਲ ਕੀਤਾ ਜਾ ਰਿਹਾ ਹੈ। ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਦੇ ਨਿਪੁੰਨ ਬਣਾਇਆ ਜਾ ਰਿਹਾ ਹੈ।
ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਦਾਖਲਿਆਂ ਦੇ ਨੋਡਲ ਅਫ਼ਸਰ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਕਿਹਾ ਕਿ ਮੌਜ਼ੂਦਾ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਦਾਖਲਿਆਂ ਪੱਖੋਂ ਜਿਲ੍ਹੇ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਕਾਬਲੇਤਾਰੀਫ਼ ਕਾਰਜ਼ ਕਰਦਿਆਂ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉਪਲਬਧ ਬੁਨਿਆਦੀ ਢਾਚਾਂਗਤ ਅਤੇ ਪੜ੍ਹਾਉਣ ਦੀਆਂ ਅਤਿ ਆਧੁਨਿਕ ਤਕਨੀਕਾਂ ਬਾਰੇ ਮਾਪਿਆਂ ਨੂੰ ਜਾਣਕਾਰੀ ਦੇ ਕੇ ਉਹਨਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਤ ਕੀਤਾ ਜਾਣਾ ਸਮੇਂ ਦੀ ਮੁੱਖ ਜਰੂਰਤ ਹੈ।ਇਸ ਕਾਰਜ਼ ਲਈ ਜਿਲ੍ਹੇ ਦੇ ਬਹੁਤ ਸਾਰੇ ਸਕੂਲਾਂ ਦੇ ਮੁਖੀਆਂ ਵੱਲੋਂ ਸਕੂਲਾਂ ਵਿੱਚ ਸਹੂਲਤਾਂ ਦੀ ਉਪਲਬਧਤਾ ਬਾਬਤ ਜਾਣਕਾਰੀ ਦਿੰਦੇ ਪੈਂਫਲਿਟ ਪ੍ਰਕਾਸ਼ਿਤ ਕਰਵਾਉਣ ਦੇ ਨਾਲ ਨਾਲ ਖੁਦ ਵੀ ਘਰੋ ਘਰੀ ਵਿਦਿਆਰਥੀਆਂ ਤੱਕ ਪਹੁੰਚਿਆ ਜਾ ਰਿਹਾ ਹੈ।ਅਧਿਆਪਕਾਂ ਵੱਲੋਂਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਰਸਾਉਂਦੇ ਪੈਂਫਲਿਟ ਸਾਂਝੀਆਂ ਥਾਵਾਂ ‘ਤੇ ਲਗਾਏ ਜਾ ਰਹੇ ਹਨ।
ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਦੇ ਪ੍ਰਿੰਸੀਪਲ ਕਮ ਜਿਲ੍ਹਾ ਮੈਂਟਰ ਸਮਾਰਟ ਸਕੂਲ ਡਾ.ਆਰ.ਪੀ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਅਗਲੇ ਸੈਸ਼ਨ ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਚੁੱੱਕੀ ਹੈ।ਪੈਂਫਲਿਟ ਪ੍ਰਕਾਸ਼ਿਤ ਕਰਵਾ ਕੇ ਮਾਪਿਆਂ ਅਤੇ ਸਮਾਜ ਦੀਆਂ ਮੋਹਤਬਰ ਸਖਸ਼ੀਅਤਾਂ ਨੂੰ ਵੰਡੇ ਜਾ ਰਹੇ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂਂ ਦੇ ਪ੍ਰਿੰਸੀਪਲ ਸ੍ਰ ਸੁਖਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਘਰੋ ਘਰੀ ਜਾ ਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ।ਸਰਕਾਰੀ ਹਾਈ ਸਕੂਲ ਭੋਤਨਾ ਦੇ ਮੁਖੀ ਸ੍ਰ ਹਰਭਜਨ ਸਿੰਘ ਅਤੇ ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ ਦੇ ਸਕੂਲ ਮੁਖੀ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਸਟਾਫ ਵੱਲੋਂ ਵੀ ਮਾਪਿਆਂ ਨੂੰ ਘਰੋ ਘਰੀ ਜਾ ਕੇ ਆਪੋ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਪ੍ਰਾਜੈਕਟ ਪੜ੍ਹੋ ਪੰਜਾਬ ਦੇ ਬੀ.ਐਮ.ਟੀ ਸ੍ਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ(ਕੁ) ਸ਼ਹਿਣਾ,ਸਰਕਾਰੀ ਪ੍ਰਾਇਮਰੀ ਸਕੂਲ ਮੱਲ੍ਹੀਆਂ,ਸਰਕਾਰੀ ਪ੍ਰਾਇਮਰੀ ਸਕੂਲ ਹਰੀਜ਼ਨ ਬਸਤੀ ਤਪਾ,ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ,ਸਰਕਾਰੀ ਪ੍ਰਾਇਮਰੀ ਸਕੂਲ ਵਿਧਾਤੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਕੇ ਵੱਲੋਂ ਵੀ ਘਰੋ ਘਰੀ ਜਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।