ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕਰਨ ਸ਼ਾਮਲ
ਕਿਹਾ! ਯੋਗ ਲਾਭਪਾਤਰੀ 05 ਲੱਖ ਤੱਕ ਕੈਸ਼ਲੈਸ ਸਿਹਤ ਬੀਮਾ ਯੋਜਨਾ ਦਾ ਲੈ ਸਕਦੇ ਹਨ ਲਾਭ
ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 18 ਫਰਵਰੀ 2021
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਨ। ਇਸ ਸਕੀਮ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 05 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੰਪਲੈਕਸ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਵਿੱਚ ਸਥਾਈ ਕੈਂਪ ਲਗਾਏ ਜਾ ਰਹੇ ਹਨ, ਜਦੋਂਕਿ ਇਸ ਯੋਜਨਾ ਦੇ ਈ-ਕਾਰਡ ‘ਕਾਮਨ ਸਰਵਿਸ ਸੈਂਟਰਾਂ’ (ਸੀ.ਐਸ.ਸੀਜ.) ‘ਤੇ ਵੀ ਬਣਾਏ ਜਾ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ, ਜਿਨ੍ਹਾਂ ਅਜੇ ਤੱਕ ਇਸ ਸਕੀਮ ਦੇ ਲਾਭਹਿੱਤ ਕਾਰਡ ਨਹੀਂ ਬਣਵਾਏ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ ਉਹ ਆਪਣੇ ਆਪ ਨੂੰ ਐਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 05 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰਡ ਕਰਵਾ ਸਕਦੇ ਹਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਜਾਰੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਇਹ ਸਹੂਲਤ ਤੁਰੰਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧ ਵਿਚ ਹਰ ਹਫ਼ਤੇ ਇਕ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਏ.ਬੀ.ਐੱਸ.ਐੱਸ.ਬੀ.ਵਾਈ. ਸਕੀਮ ਦੇ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਮੀਟਿੰਗ ਵਿੱਚ ਸਿਵਲ ਸਰਜਨ ਬਲਜੀਤ ਕੌਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।