ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਪੰਜਾਬ ਸਰਕਾਰ ਵਲੋਂ 30 ਰੁਪਏ ਦੇ ਕਾਰਡ ਤੇ ਦਿੱਤਾ ਜਾ ਰਿਹਾ ਹੈ 5 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ
ਰਘਵੀਰ ਹੈਪੀ , ਬਰਨਾਲਾ, 25 ਫਰਵਰੀ 2021
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਇੱਕ ਹਫ਼ਤੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਰਾਹੀਂ 28 ਫਰਵਰੀ ਤੱਕ ਲਾਭਪਾਤਰੀ ਆਪਣਾ ਈ-ਕਾਰਡ ਬਣਵਾ ਸਕਦੇ ਹਨ। ਇਸ ਯੋਜਨਾ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਫ਼ਤ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਕਸਬਿਆਂ, ਪਿੰਡਾਂ ਆਦਿ ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਵਾ ਕੇ ਵੱਧ ਤੋਂ ਵੱਧ ਈ-ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਅੱਜ ਧਨੌਲਾ, ਸਹਿਣਾ, ਭੈਣੀ ਮਹਿਰਾਜ, ਕੋਟਦੁੰਨਾ ਵਿਖੇ ਕੈਂਪ ਲਗਾ ਕੇ ਲੋਕਾਂ ਨੂੰ ਈ-ਕਾਰਡ ਮੁਹੱਈਆ ਕਰਵਾਏ ਗਏ।
ਸ਼੍ਰੀ ਫੂਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਕੀਮ ਹੇਠ ਉਹ ਲੋਕ ਸ਼ਾਮਲ ਹਨ ਜਿਹੜੇ ਵਸਨੀਕ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ। ਉਨ੍ਹਾਂ ਲਗਾਏ ਜਾ ਰਹੇ ਇਨ੍ਹਾ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਅਧੀਨ ਆਉਂਦੇ ਪਰਿਵਾਰ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਇਹ ਕਾਰਡ ਬਣਵਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਵਧੇਰੀ ਜਾਣਕਾਰੀ ਲਈ www.sha.punjab.nic.in ਉੱਤੇ ਵੇਰਵੇ ਪੜ੍ਹੇ ਜਾ ਸਕਦੇ ਹਨ।