ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਵਿਖੇ ਲਗਾਏ ਗਏ ਕੈਂਪ ਦਾ ਦੌਰਾ, ਕਿਹਾ ਇਨਾਂ ਕੈਂਪਾਂ ਦਾ ਵੱਧ ਤੋਂ ਵੱਧ ਲੋਕ ਲੈਣ ਫਾਇਦਾ
ਹਰਿੰਦਰ ਨਿੱਕਾ , ਬਰਨਾਲਾ, 27 ਫਰਵਰੀ 2021
ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਈ-ਕਾਰਡ ਬਣਾਉਣ ਲਈ ਇੱਕ ਹਫ਼ਤੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਅੱਜ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਈ-ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸੇਵਾ ਕੇਂਦਰ ਬਰਨਾਲਾ ਵਿਖੇ ਲਗਾਏ ਗਏ ਈ-ਕਾਰਡ ਬਣਾੳਣ ਸਬੰਧੀ ਕੈਂਪ ਦੌਰਾਨ ਦਿੱਤੀ ਜਿੱਥੇ ਈ-ਕਾਰਡ ਬਣਾਉਣ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ।
ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸ਼੍ਰੀ ਫੂਲਕਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਰਜਿਸਟਰਡ ਲਾਭਪਾਤਰੀਆਂ ਦੇ ਇਨਾਂ ਈ-ਕਾਰਡਾਂ ਰਾਹੀਂ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਇਲਾਜ ਮੁਫ਼ਤ ਹੈ। ਉਨਾਂ ਕਿਹਾ ਕਿ ਇਸ ਸਕੀਮ ਹੇਠ ਉਹ ਲੋਕ ਸ਼ਾਮਲ ਹਨ ਜਿਹੜੇ ਵਸਨੀਕ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ। ਉਨਾਂ ਲਗਾਏ ਜਾ ਰਹੇ ਇਨਾਂ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਅਧੀਨ ਆਉਂਦੇ ਪਰਿਵਾਰ ਈ-ਕਾਰਡ ਜ਼ਰੂਰ ਬਣਵਾਉਣ। ਇਹ ਕਾਰਡ ਬਣਵਾਉਣ ਦੀ ਫ਼ੀਸ 30 ਰੁਪਏ ਪ੍ਰਤੀ ਕਾਰਡ ਹੈ। ਵਧੇਰੇ ਜਾਣਕਾਰੀ ਲਈ www.sha.punjab.nic.in ‘ਤੇ ਵੇਰਵੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਸਕੀਮ ਤਹਿਤ ਅੱਜ ਨਗਰ ਕੌਂਸਲ ਬਰਨਾਲਾ, ਸੇਵਾ ਕੇਂਦਰ ਬਰਨਾਲਾ, ਪਿੰਡ ਅਮਲਾ ਸਿੰਘ ਵਾਲਾ ਆਦਿ ਵਿਖੇ ਕੈਂਪ ਲਗਾ ਕੇ ਲੋਕਾਂ ਨੂੰ ਈ-ਕਾਰਡ ਬਣਾ ਕੇ ਦਿੱਤੇ ਗਏ।