25 ਪ੍ਰਵਾਸੀ ਵਿਅਕਤੀਆਂ ਨੂੰ ਮੁਹੱਈਆ ਕਰਵਾਇਆ ਰਾਸ਼ਨ
ਫਿਰੋਜ਼ਪੁਰ 31 ਮਾਰਚ
ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਜ਼ਰੂਰਤਮੰਦਾਂ ਤੱਕ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ 25 ਪ੍ਰਵਾਸੀਆਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਕਿ ਬਿਹਾਰ ਤੋਂ ਫਿਰੋਜਪੁਰ ਵਿਖੇ ਠਹਿਰੇ ਨੌਜਵਾਨ ਅਜੀਤ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਗਈ ਸੀ ਕਿ 25 ਦੇ ਕਰੀਬ ਵਿਅਕਤੀ ਜੋ ਕਿ ਬਾਬਾ ਰਾਮਲਾਲ ਗੁਰਦੁਆਰੇ ਦੇ ਨੇੜ ਕਿਸੇ ਘਰ ਵਿਚ ਰਿਹ ਰਹੇ ਹਨ ਤੇ ਉਨ੍ਹਾਂ ਕੋਲ ਖਾਣ ਲਈ ਰਾਸ਼ਨ ਨਹੀਂ ਹੈ। ਸੂਚਨਾ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਨੇ ਨਾਇਬ ਤਹਿਸੀਲਦਾਰ ਸੁਖਚਰਨਜੀਤ ਸਿੰਘ ਨੂੰ ਇਨ੍ਹਾਂ ਪ੍ਰਵਾਸੀ ਨੌਜਵਾਨਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਹੋਰ ਮੁਸ਼ਕਲਾਂ ਸੁਣਨ ਲਈ ਕਿਹਾ।
ਇਸ ਉਪਰੰਤ ਨਾਇਬ ਤਹਿਸੀਲਦਾਰ ਨੇ ਸਮਾਜਸੇਵੀ ਸੰਸਥਾ ਵੈਅ ਅਹੈੱਡ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਰਾਹੁਲ ਕੱਕੜ ਦੇ ਸਹਿਯੋਗ ਨਾਲ ਇਨ੍ਹਾਂ 25 ਪ੍ਰਵਾਸੀ ਨੌਜਵਾਨਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚੋਂ ਬਾਹਰ ਤੋਂ ਆ ਕੇ ਰੁਕੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੈਲਪਲਾਈਨ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਉਪਰੰਤ ਪ੍ਰਵਾਸੀ ਨੌਜਵਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮਦਦ ਕਰਨ ਲਈ ਧੰਨਵਾਦ ਕੀਤਾ।