ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਕੈਂਪ ਲਾ ਕੇ ਬਣਾਏ ਗਏ ਈ-ਕਾਰਡ
ਰਘਬੀਰ ਹੈਪੀ ,ਬਰਨਾਲਾ, 11 ਮਾਰਚ 2021
ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਬਰਨਾਲਾ ਵਿੱਚ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਅਰੋਗਿਆ ਮਿੱਤਰ ਰਾਹੀਂ ਸਹੂਲਤ ਦਿੱਤੀ ਜਾ ਰਹੀ ਹੈ, ਉਥੇ ਸੇਵਾ ਕੇਂਦਰਾਂ ਅਤੇ ਸੀਐਸਸੀ ਵਿਚ ਵੀ ਇਹ ਸਹੂਲਤ ਜਾਰੀ ਹੈ। ਇਸ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ ਵਿਚ ਰੋਜ਼ਾਨਾ ਪੱਧਰ ’ਤੇ ਕੈਂਪ ਲਾ ਕੇ ਈ-ਕਾਰਡ ਬਣਾਏ ਜਾ ਰਹੇ ਹਨ।
ਉਨਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਇਸ ਸਕੀਮ ਤਹਿਤ ਲਾਭਪਾਤਰੀ ਪਰਿਵਾਰ ਦਾ ਸਾਲਾਨਾ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਸੂਚੀਬੱਧ ਹਸਪਤਾਲਾਂ ਵਿਚ ਮੁਫਤ ਹੈ।
ਇਸ ਦੌਰਾਨ ਬਰਨਾਲਾ ਸ਼ਹਿਰ ਤੋਂ ਇਲਾਵਾ ਪਿੰਡ ਕੁਰੜ, ਛਾਪਾ, ਚੰਨਣਵਾਲ, ਗਹਿਲ ਆਦਿ ਪਿੰਡਾਂ ਵਿਚ ਕੈਂਪ ਲਾ ਕੇ ਲਾਭਪਾਤਰੀਆਂ ਦੇ ਈ-ਕਾਰਡ ਬਣਵਾਏ ਗਏ।