ਸਵੇਰ ਅਤੇ ਸ਼ਾਮ ਦੇ ਸੈਸ਼ਨ ‘ਚ ਵੰਡ ਕੇ ਹੋਈਆਂ ਪ੍ਰੀਖਿਆਵਾਂ
ਹਰਿੰਦਰ ਨਿੱਕਾ , ਬਰਨਾਲਾ, 15 ਮਾਰਚ 2021
ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੀਆਂ ਘਰੇਲੂ ਪ੍ਰੀਖਿਆਵਾਂ ਕੋਰੋਨਾ ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਦੇ ਪਾਲਣ ਨਾਲ ਸ਼ੁਰੂ ਹੋ ਗਈਆਂ ਹਨ।ਪ੍ਰੀਖਿਆਵਾਂ ਦੇ ਪਹਿਲੇ ਦਿਨ ਵਿਦਿਆਰਥੀ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨ ਕੇ ਸਕੂਲਾਂ ਵਿੱਚ ਪਹੁੰਚੇ।
ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਸੂਬੇ ‘ਚ ਕੋਰੋਨਾ ਕੇਸਾਂ ‘ਚ ਮੁੜ ਤੋਂ ਇਜ਼ਾਫਾ ਹੋਣ ਨਾਲ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਪ੍ਰੀਖਿਆ ਤਿਆਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਇਹਨਾਂ ਹਦਾਇਤਾਂ ਦੇ ਮੱਦੇਨਜ਼ਰ ਵਿਦਿਆਰਥੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੋਰੋਨਾ ਬਚਾਅ ਸਾਵਧਾਨੀਆਂ ਦਾ ਪਾਲਣ ਕਰਦਿਆਂ ਪ੍ਰੀਖਿਆਵਾਂ ਦੇਣ ਲਈ ਸਕੂਲਾਂ ਵਿੱਚ ਆਉਣਗੇ।
ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗੀ ਫੈਸਲੇ ਅਨੁਸਾਰ ਅੱਜ ਸ਼ੁਰੂ ਹੋਈਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਦੇ ਪਹਿਲੇ ਦਿਨ ਸਵੇਰ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਅਤੇ ਹਾਈ ਸਕੂਲਾਂ ਵਿੱਚ ਛੇਵੀਂ ਜਮਾਤ ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਸੀਨੀਅਰ ਸੈਕੰਡਰੀ ਸਕੂਲਾਂ ਵਿੱੱਚ ਛੇਵੀਂ ਜਮਾਤ ਦੀ ਗਣਿਤ ਅਤੇ ਗਿਆਰਵੀਂ ਜਮਾਤ ਦੀ ਜਨਰਲ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।ਇਸੇ ਤਰ੍ਹਾਂ ਸ਼ਾਮ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਅਤੇ ਨੌਵੀਂ ਜਮਾਤ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।
ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਕੰਨਿਆ ਹਾਈ ਸਕੂਲ ਤਪਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰ, ਸਰਕਾਰੀ ਹਾਈ ਸਕੂਲ ਜੰਗੀਆਣਾ, ਸਰਕਾਰੀ ਹਾਈ ਸਕੂਲ ਨੰਗਲ,ਸਰਕਾਰੀ ਮਿਡਲ ਸਕੂਲ ਮਹਿਤਾ, ਸਰਕਾਰੀ ਹਾਈ ਸਕੂਲ ਗੁਰਮ,ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ ਬਰਨਾਲਾ, ਸਰਕਾਰੀ ਹਾਈ ਸਕੂਲ ਧੂਰਕੋਟ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਸਰਕਾਰੀ ਹਾਈ ਸਕੂਲ ਬਦਰਾ,ਸਰਕਾਰੀ ਮਿਡਲ ਸਕੂਲ ਖਿਆਲੀ,ਸਰਕਾਰੀ ਮਿਡਲ ਸਕੂਲ ਬਾਜਵਾ ਪੱਤੀ,ਸਰਕਾਰੀ ਮਿਡਲ ਸਕੂਲ ਗੁੰਮਟੀ,ਸਰਕਾਰੀ ਹਾਈ ਸਕੂਲ ਮਹਿਲ ਖੁਰਦ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਨੌਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ,ਸਰਕਾਰੀ ਹਾਈ ਸਕੂਲ ਭੱਠਲਾਂ,ਸਰਕਾਰੀ ਹਾਈ ਸਕੂਲ ਤਲਵੰਡੀ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਅੱਜ ਪ੍ਰੀਖਿਆਵਾਂ ਲਈ ਸਕੂਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਿੱਥੇ ਮਾਸਕ ਪਹਿਨ ਕੇ ਸਕੂਲ ਆਉਣ, ਪੇਪਰ ਕਰਨ ਲਈ ਲੋੜੀਂਦੀ ਸਮੱਗਰੀ ਆਪੋ ਆਪਣੀ ਲਿਆਉਣ ਆਦਿ ਹਦਾਇਤਾਂ ਦੀ ਵਟਸਐਪ ਗਰੁੱਪਾਂ ਰਾਹੀਂ ਅਗਾਊਂ ਜਾਣਕਾਰੀ ਦਿੱਤੀ ਗਈ ਉੱਥੇ ਹੀ ਸਕੂਲਾਂ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਉਪਲਬਧ ਕਰਵਾਏ ਗਏ।ਵਿਦਿਆਰਥੀਆਂ ਨੂੰ ਆਪਣੀ ਪਾਣੀ ਦੀ ਬੋਤਲ,ਜੁਮੈਟਰੀ, ਪੈੱਨ ਅਤੇ ਪੈਨਸਿਲ ਆਦਿ ਦੂਜੇ ਵਿਦਿਆਰਥੀਆਂ ਨਾਲ ਸਾਂਝਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸਕੂਲ ਮੁਖੀਆਂ ਨੇ ਦੱਸਿਆ ਕਿ ਸੋਸ਼ਲ ਡਿਸਟੈਂਸ ਬਣਾਈ ਰੱਖਣ ਲਈ ਇੱਕ ਡੈਸਕ ‘ਤੇ ਸਿਰਫ਼ ਇੱਕ ਵਿਦਿਆਰਥੀ ਹੀ ਬਿਠਾਇਆ ਗਿਆ।