ਆਵਾਜ਼ ਪ੍ਰਦੂਸ਼ਣ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ
ਹਰਪ੍ਰੀਤ ਕੌਰ ,ਸੰਗਰੂਰ 15 ਮਾਰਚ:2021
ਆਵਾਜ਼ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਨੂੰ ਕੰਟਰੋਲ ਕਰਨ ਅਤੇ ਸ਼ੋਰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਨੂੰ ਲੈ ਕੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਵੱਖ-ਵੱਖ ਧਾਰਮਿਕ/ ਸਾਮਾਜਿਕ ਸੰਸਥਾਵਾਂ, ਮੈਰਿਜ਼/ਹੋਟਲਾਂ, ਡੀ.ਜੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨਾਲ ਅਹਿਮ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਧਾਲੀਵਾਲ ਨੇ ਕਿਹਾ ਕਿ ਸ਼ੋਰ ਸ਼ਰਾਬਾ ਅਤੇ ਆਵਾਜ਼ ਪ੍ਰਦੂਸ਼ਣ ਦੇ ਕਾਰਨ ਆਮ ਲੋਕਾਂ ਦੀ ਮਾਨਸਿਕਤਾ ਅਤੇ ਬਜ਼ਰਗਾਂ ਤੇ ਬੱਚਿਆਂ ਦੀ ਸਿਹਤ ਉਤੇ ਪੈਂਦੇ ਮਾੜੇ ਅਸਰ ਦੇ ਮੱਦੇਨਜ਼ਰ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਸਮਾਜਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਵਾਜ਼ ਪ੍ਰਦੂਸ਼ਣ ਸਬੰਧੀ ਮਾਣਯੋਗ ਹਾਈਕੋਰਟ ਵੱਲੋਂ ਜਾਰੀ ਨਿਯਮਾਂ ਤੇ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।ਉਨਾਂ ਨੇ ਕਿਹਾ ਕਿ ਧਾਰਾ 144 ਅਧੀਨ ਜ਼ਿਲਾ ਸੰਗਰੂਰ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਦੂਜੇ ਆਵਾਜੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਕਰਨ ‘ਤੇ ਪਾਬੰਦੀ ਦੇ ਹੁਕਮ ਲਾਗੂ ਹਨ ਅਤੇ ਮੈਰਿਜ ਪੈਲਸਾਂ ਅਤੇ ਹੋਰ ਥਾਂਵਾਂ ਜਿਥੇ ਕਿ ਸ਼ਾਦੀ ਆਦਿ ਹੁੰਦੀ ਹੈ ਉਥੇ ਦੇਰ ਰਾਤ ਤੱਕ ਆਰਕੈਸਟਰਾ ਅਤੇ ਹੋਰ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਦਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਨਿਯਮ 2000 ਵਿੱਚ ਦਰਜ ਉਪਬੰਧਾਂ ਦੇ ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਪ੍ਰੈਸ਼ਰ ਹਾਰਨ ਆਦਿ ਦੀ ਵਰਤੋਂ ਨਹੀਂ ਕਰ ਸਕਦਾ, ਜਿਸ ਦੀ ਆਵਾਜ਼ ਉਸ ਦੀ ਹੱਦ ਤੋਂ ਬਾਹਰ ਸੁਣਦੀ ਹੋਵੇ।
ਉਨਾਂ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਆਰਕੈਸਟਰਾ, ਬੈਂਡ, ਡੀ.ਜੇ ਸਿਸਟਮ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਮੈਰਿਜ ਪੈਲੇਸ ਅਤੇ ਧਾਰਮਿਕ ਥਾਵਾਂ ‘ਤੇ ਵਜਾਉਣ ‘ਤੇ ਪੂਰਨ ਪਾਬੰਦੀ ਹੈ ਅਤੇ ਮਾਣਯੋਗ ਹਾਈਕੋਰਟ ਤੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਬੰਧਤ ਉਪ ਮੰਡਲ ਮੈਜਿਸਟੇ੍ਰਟ ਦੀ ਪ੍ਰਵਾਨਗੀ ਤੋਂ ਬਿਨਾਂ ਲਾਊਡ ਸਪੀਕਰ ਚਲਾਉਣ ਵਾਲਿਆ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ੍ਰ ਸੰਗਰੂਰ ਯਸ਼ਪਾਲ ਸ਼ਰਮਾ, ਡੀ.ਐਸ.ਪੀ. ਸ਼ਤਪਾਲ ਸ਼ਰਮਾ, ਐਕਸ਼ੀਅਨ ਪ੍ਰਦੂਸ਼ਣ ਬੋਰਡ ਰਾਜੀਵ ਗੁਪਤਾ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ ਅਤੇ ਹੋਰ ਧਾਰਮਿਕ, ਸਾਮਾਜਿਕ ਜੱਥੇਬੰਦੀਆਂ ਸਮੇਤ ਡੀ.ਜੀ./ਮੈਰਿਜ਼ ਪੈਲੇਸਾਂ ਤੋਂ ਆਏ ਨੁਮਾਇੰਦੇ ਹਾਜ਼ਰ ਸਨ।