ਅਸ਼ੋਕ ਵਰਮਾ , ਬਠਿੰਡਾ 20 ਮਾਰਚ 2021
21 ਮਾਰਚ ਨੂੰ ਬਾਘਾਪੁਰਾਣਾ ਵਿੱਖੇ ਆਯੋਜਿਤ ਹੋਣ ਵਾਲੇ ਕਿਸਾਨ ਮਹਾ ਸੰਮੇਲਨ ਨੂੰ ਲੈ ਕੇ ਕਿਸਾਨਾਂ ਤੇ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਹੋ ਚੁਕੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਕਰਦੇ ਹੋਏ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਨਲਾਇਕੀਆਂ ਦੇ ਚੱਲਦਿਆਂ ਸਾਡਾ ਕਿਸਾਨ ਅੱਜ ਦਿੱਲੀ ਦੇ ਬਾਰਡਰਾਂ ’ਤੇ ਬੈਠਣ ਨੂੰ ਮਜ਼ਬੂਰ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਤੇ ਸੂਬਾ ਸਰਕਾਰ ਦੀਆਂ ਕਮੀਆਂ ਨੂੰ ਉਜਾਗਰ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ 21 ਮਾਰਚ ਨੂੰ ਬਾਘਾ ਪੁਰਾਣਾ ਦੀ ਦਾਣਾ ਮੰਡੀ ’ਚ ਕਿਸਾਨ ਮਹਾਂ ਸੰਮੇਲਨ ਕਰਵਾਇਆ ਜਾ ਰਿਹਾ ਹੈ। ਜਿਸ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਪਹੁੰਚ ਰਹੇ ਹਨ। ਵਿਧਾਇਕਾ ਪ੍ਰੋ ਰੂਬੀ ਨੇ ਕਿਹਾ ਕਿ ਸੰਮੇਲਨ ਨੂੰ ਲੈ ਕੇ ਵਰਕਰਾਂ ’ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਸੰਮੇਲਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕੱਲ ਮਿਤੀ 21 ਮਾਰਚ ਨੂੰ ਬਠਿੰਡਾ ਦਿਹਾਤੀ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ, ਲੋਕ ਅਤੇ ਵਲੰਟੀਅਰ ਬਾਘਾ ਪੁਰਾਣਾ ਨੂੰ ਰਵਾਨਾ ਹੋਣਗੇ। ਉਹਨਾਂ ਕਿਹਾ ਕਿ ਬਠਿੰਡਾ ਦਿਹਾਤੀ ਦੇ ਸਾਰੇ ਹੀ ਪਿੰਡਾਂ ਵਿੱਚੋਂ ਬਾਘਾਪੁਰਾਣਾ ਨੂੰ ਬੱਸਾਂ ਰਵਾਨਾ ਹੋਣਗੀਆਂ।