ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ
ਹਰਪ੍ਰੀਤ ਕੌਰ , ਸੰਗਰੂਰ, 20 ਮਾਰਚ 2021
ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ 10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਕਣਕ ਦੇ ਖਰੀਦ ਸੀਜ਼ਨ ਸਬੰਧੀ ਸੰਗਰੂਰ ਜ਼ਿਲੇ ਅੰਦਰ ਕੀਤੇ ਜਾ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ ਅਤੇ ਇਸ ਵਾਰ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਗਈ ਸੁੱਕੀ ਫ਼ਸਲ ਨੂੰ ਇੱਕ ਦਿਨ ਦੇ ਅੰਦਰ-ਅੰਦਰ ਖਰੀਦਿਆ ਜਾਵੇ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਜ਼ਿਲਾ ਪੂਰੇ ਪੰਜਾਬ ਵਿਚੋਂ ਕਣਕ ਦੀ ਖਰੀਦ ਵਿਚ ਵੱਡਾ ਹਿੱਸਾ ਪਾਉਦਾ ਹੈ ਅਤੇ ਪਿਛਲੇ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿਚ 12,11,077 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ ਜੋ ਕਿ ਇਸ ਵਾਰ ਹੋਰ ਵੀ ਵਧਣ ਦੀ ਸੰਭਾਵਨਾ ਹੈ। ਉਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਕਣਕ ਦੀ ਖਰੀਦ ਲਈ ਬਣਾਈਆਂ ਗਈਆਂ 211 ਮੰਡੀਆਂ ਵਿਚ ਹਰ ਤਰਾਂ ਦੀ ਸਹੂਲਤ ਉਪਲਬਧ ਕਰਵਾਈ ਜਾਵੇ ਅਤੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋੜੀਂਦੇ ਬਾਰਦਾਨੇ ਦਾ ਵੀ ਇੰਤਜ਼ਾਮ ਕਰਕੇ ਰੱਖਿਆ ਜਾਵੇ।
ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫੜਾਂ ਦੀ ਸਾਫ਼-ਸਫ਼ਾਈ ਤੋਂ ਇਲਾਵਾ ਮੰਡੀਆਂ ਵਿਚ ਲਾਇਟਾਂ, ਸਾਫ਼ ਪੀਣਯੋਗ ਪਾਣੀ ਅਤੇ ਪਖਾਨਿਆਂ ਦਾ ਢੁੱਕਵਾਂ ਪ੍ਰਬੰਧ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਹਰ ਫੜ ’ਤੇ ਮਾਸਕ ਅਤੇ ਸੈਨੇਟਾਇਜ਼ਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਕੋਰੋਨਾਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਵੀ ਲਗਾਤਾਰ ਸੁਚੇਤ ਕੀਤਾ ਜਾਵੇ। ਸ਼੍ਰੀ ਸਿੰਗਲਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਪੂਰੀ ਤਰਾਂ ਪੱਕਣ ’ਤੇ ਹੀ ਇਸਦੀ ਵਾਢੀ ਕੀਤੀ ਜਾਵੇ ਅਤੇ ਮੰਡੀਆਂ ’ਚ ਫ਼ਸਲ ਵੇਚਣ ਆਉਣ ਮੌਕੇ ਕੋਰੋਨਾਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਵੀ ਯਕੀਨੀ ਤੌਰ ’ਤੇ ਕੀਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਡੀ.ਐਮ. ਸੰਗਰੂਰ ਯਸ਼ਪਾਲ ਸ਼ਰਮਾ, ਡੀ.ਐਫ.ਐਸ.ਸੀ. ਤਰਵਿੰਦਰ ਸਿੰਘ ਚੋਪੜਾ ਅਤੇ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਕੁਲਵੰਤ ਰਾਏ ਸਿੰਗਲਾ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।