ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਮੁੜ ਤੋਂ ਆਨਲਾਈਨ ਜਮਾਤਾਂ ਦੀ ਸ਼ੁਰੂਆਤ

Advertisement
Spread information

ਕਈ ਸਰਕਾਰੀ ਸਕੂਲਾਂ ਨੇ ਬਣਾਇਆ ਆਨਲਾਈਨ ਜਮਾਤ ਟਾਈਮ ਟੇਬਲ


ਹਰਿੰਦਰ ਨਿੱਕਾ, ਬਰਨਾਲਾ, 22 ਮਾਰਚ 2021

         ਸੂਬੇ ‘ਚ ਕੋਰੋਨਾ ਕੇਸਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਾਗੂ ਕੀਤੀਆਂ ਕੋਵਿਡ-19 ਪਾਬੰਦੀਆਂ ਦੇ ਚੱਲਦਿਆਂ ਪਿਛਲੇ ਸੈਸ਼ਨ ਵਾਂਗ ਇਸ ਵਾਰ ਵੀ ਸਕੂਲੀ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕੋਰੋਨਾ ਪ੍ਰਛਾਵੇਂ ਹੇਠ ਆ ਗਈਆਂ ਹਨ। ਸੂਬਾ ਸਰਕਾਰ ਵੱਲੋਂ 31 ਮਾਰਚ ਤੱਕ ਵਿਦਿਆਰਥੀਆਂ ਲਈ ਸਕੂਲ ਬੰਦ ਕੀਤੇ ਜਾਣ ਨਾਲ ਸਰਕਾਰੀ ਸਕੂਲਾਂ ਦੀਆਂ ਗੈਰ ਬੋਰਡ ਜਮਾਤਾਂ ਦੀਆਂ ਚੱਲ ਰਹੀਆਂ ਘਰੇਲੂ ਪ੍ਰੀਖਿਆਵਾਂ ਅਤੇ ਪੰਜਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅੱਧ ਵਿਚਕਾਰ ਲਟਕ ਗਈਆਂ ਹਨ। ਅੱਠਵੀਂ ਜਮਾਤ ਦੀਆਂ 22 ਮਾਰਚ ਤੋਂ ਸ਼ੁਰੂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਅੱਗੇ ਪਾਈਆਂ ਗਈਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ ਕੀਤਾ ਹੋਇਆ ਹੈ।
                ਸੂਬਾ ਸਰਕਾਰ ਵੱਲੋਂ ਕੋਰੋਨਾ ਬਚਾਅ ਤੋਂ ਲਾਗੂ ਪਾਬੰਦੀਆਂ ਦੇ ਚੱਲਦਿਆਂ 31 ਮਾਰਚ ਤੱਕ ਵਿਦਿਆਰਥੀਆਂ ਦੇ ਸਕੂਲ ਨਾ ਆਉਣ ਦੀਆਂ ਪਾਬੰਦੀਆਂ ਨੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਖਾਸ ਕਰਕੇ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਬਾਰੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਮਾਪਿਆਂ ਸਮੇਤ ਵਿਦਿਆਰਥੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ।ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਖੁਦ਼ ਹਫਤਾਵਾਰੀ ਮੀਟਿੰਗ ਦੌਰਾਨ ਮੁੱਖ ਦਫ਼ਤਰ ਦੇ ਅਧਿਕਾਰੀਆਂ, ਜਿਲ੍ਹਾ ਸਿੱਖਿਆ ਅਧਿਕਾਰੀਆਂ,ਬਲਾਕ ਸਿੱਖਿਆ ਅਧਿਕਾਰੀਆਂ ਅਤੇ ਜਿਲ੍ਹਾ ਪੱਧਰੀ ਟੀਮਾਂ ਨਾਲ ਇਸ ਮੁੱਦੇ ‘ਤੇ ਵਿਚਾਰ ਵਟਾਂਦਰੇ ਦੌਰਾਨ ਸਰਕਾਰ ਵੱਲੋਂ ਕੋਰੋਨਾ ਬਚਾਅ ਪਾਬੰਦੀਆਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ੍ਹੀ ਰੱਖਣ ਦੀ ਜਰੂਰਤ ‘ਤੇ ਜੋਰ ਦਿੱਤਾ। 
                    ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਕੂਲਾਂ ਨੂੰ ਜਿੱਥੇ ਸਕੂਲਾਂ ਬਾਰੇ ਕੋਰੋਨਾ ਬਚਾਅ ਦੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਉੱਥੇ ਹੀ ਕੋਰੋਨਾ ਹਾਲਾਤਾਂ ਦੇ ਸੁਖਾਵੇਂ ਹੋਣ ‘ਤੇ ਹੋਣ ਵਾਲੀਆਂ ਸਕੂਲੀ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਵੀ ਕਿਹਾ ਗਿਆ ਹੈ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਦੀ ਤਾਲਾਬੰਦੀ ਦੇ ਸਮੇਂ ਵੀ ਆਨਲਾਈਨ ਪੜ੍ਹਾਈ ਜਰੀਏ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਣ ਵਾਲੇ ਸੰਭਾਵੀ ਨੁਕਸਾਨ ਦੀ ਕਾਫ਼ੀ ਹੱਦ ਤੱਕ ਪੂਰਤੀ ਕਰ ਲਈ ਸੀ।ਉਹਨਾਂ ਕਿਹਾ ਕਿ ਸਰਕਾਰੀ ਪਾਬੰਦੀਆਂ ਦੇ ਚੱਲਦਿਆਂ ਅਧਿਆਪਕ ਅਤੇ ਵਿਦਿਆਰਥੀਆਂ ਦਾ ਸਿੱਧਾ ਰਾਬਤਾ ਖਤਮ ਹੋਣ ‘ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਮੁੜ ਤੋਂ ਆਨਲਾਈਨ ਪੜ੍ਹਾਈ ਦਾ ਰੁੱਖ ਕਰਦਿਆਂ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਗਾਉਣ ਸਮੇਤ ਸਮਾਜਿਕ ਸਹਿਯੋਗ ਨਾਲ ਕੀਤੇ ਜਾ ਸਕਣ ਵਾਲੇ ਹੋਰ ਵਸੀਲਿਆਂ ਜਰੀਏ ਵਿਦਿਆਰਥੀਆਂ ਦੀ ਪ੍ਰੀਖਿਆ ਤਿਆਰੀ ਦਾ ਆਲਮ ਜਾਰੀ ਰੱਖਿਆ ਹੋਇਆ ਹੈ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਕਿਸੇ ਵੀ ਵਿਦਿਆਰਥੀ ਦੀ ਪ੍ਰੀਖਿਆ ਤਿਆਰੀ ਪ੍ਰਭਾਵਿਤ ਨਹੀਂ ਹੋਣ ਦਿੱਤੀ ਜਾਵੇਗੀ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਆਨਲਾਈਨ ਪੜ੍ਹਾਈ ਲਈ ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਸਮਾਰਟ ਮੋਬਾਈਲ ਫ਼ੋਨ ਮੁਫ਼ਤ ਉਪਲਬਧ ਕਰਵਾਏ ਹੋਏ ਹਨ।ਆਨਲਾਈਨ ਪੜ੍ਹਾਈ ਦੇ ਸਾਧਨ ਤੋਂ ਸੱਖਣੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਡੀ ਗਰੁੱਪਾਂ ਅਤੇ ਸਮਾਜ ਦੀ ਮੱਦਦ ਨਾਲ ਆਨਲਾਈਨ ਪੜ੍ਹਾਈ ਨਾਲ ਜੋੜਿਆ ਗਿਆ ਹੈ।
       ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁ) ਠੀਕਰੀਵਾਲਾ ਦੇ ਪ੍ਰਿੰਸੀਪਲ ਸ੍ਰੀ ਸੰਜੇ ਸਿੰਗਲਾ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਅਧਿਆਪਕਾਂ ਵੱਲੋਂ ਸਕੂਲ ਸਮੇਂ ਵਾਂਗ ਹੀ ਆਨਲਾਈਨ ਟਾਈਮ ਟੇਬਲ ਬਣਾ ਕੇ ਜ਼ੂਮ ਜਮਾਤਾਂ ਲਗਾਈਆਂ ਜਾ ਰਹੀਆਂ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦੇ ਸ੍ਰੀਮਤੀ ਗਾਇਤਰੀ ਜੋਤੀ ਲੈਕਚਰਾਰ ਅੰਗਰੇਜ਼ੀ ਕਮ ਜਿਲ੍ਹਾ ਇੰਚਾਰਜ ਅੰਗਰੇਜ਼ੀ ਨੇ ਦੱਸਿਆ ਕਿ ਉਹਨਾਂ ਵੱਲੋਂ ਖੁਦ ਅਤੇ ਲੋਕ ਕਵੀ ਸੰਤ ਰਾਮ ਉਦਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਦੇ ਲੈਕਚਰਾਰ ਸ੍ਰੀਮਤੀ ਮਨਜੀਤ ਕੌਰ ਮਾਨ ਸਮੇਤ ਤਕਰੀਬਨ ਸਾਰੇ ਲੈਕਚਰਾਰਾਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ੍ਰੀਮਤੀ ਡਿੰਪੀ ਰਾਣੀ ਹੈਡਮਿਸਟ੍ਰੈਸ ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਕੰਨਿਆ ਹਾਈ ਸਕੂਲ ਤਪਾ ਅਤੇ ਸਰਕਾਰੀ ਹਾਈ ਸਕੂਲ ਬਿਧਾਤੇ ਦੇ ਇੰਚਾਰਜ ਸ੍ਰੀ ਕਮਲਜੀਤ ਸ਼ਰਮਾ ਨੇ ਦੱਸਿਆ ਕਿ ਉਹਨਾਂ ਦੇ ਸਕੂਲਾਂ ਦੇ ਅਧਿਆਪਕਾਂ ਵੱਲੋਂ ਵੀ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
Advertisement
Advertisement
Advertisement
Advertisement
Advertisement
error: Content is protected !!