ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵੱਲੋਂ 26 ਮਾਰਚ ਦੇ ‘ਭਾਰਤ ਬੰਦ’ ਦੀ ਡਟਵੀਂ ਹਮਾਇਤ
ਹਰਪ੍ਰੀਤ ਕੌਰ , ਸੰਗਰੂਰ, 22 ਮਾਰਚ 2021
ਸੰਯੁਕਤ ਕਿਸਾਨ ਮੋਰਚਾ (ਭਾਰਤ) ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮੱਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ 26 ਮਾਰਚ ਨੂੰ ਕੀਤੇ ਜਾ ਰਹੇ ਭਾਰਤ ਬੰਦ ਸੰਬੰਧੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (DMF) ਦੀ ਸੂਬਾਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਭਾਰਤ ਬੰਦ ਨੂੰ ਸਫ਼ਲ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਨਾਲ ਪੂਰੇ ਪੰਜਾਬ ਵਿੱਚ ਭਰਵਾਂ ਸਹਿਯੋਗ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਜਰਮਨਜੀਤ ਛੱਜਲਵੱਡੀ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਆਖਿਆ ਕਿ ਮੋਦੀ ਸਰਕਾਰ ਜਿੱਥੇ ਵਿਸ਼ਵ ਵਪਾਰ ਸੰਗਠਨ ਦੇ ਦਬਾਅ ਅਧੀਨ ਭਾਰਤ ਦੀ ਖੇਤੀਬਾੜੀ ਦਾ ਉਜਾੜਾ ਕਰ ਰਹੀ ਹੈ ਉੱਥੇ ਨਿੱਜੀਕਰਨ, ਵਿਸ਼ਵੀਕਰਨ ਤੇ ਉਦਾਰੀਕਰਨ ਦੀਆਂ ਨੀਤੀਆਂ ਤਹਿਤ ਵੱਖ-ਵੱਖ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਕੇ ਲੋਕਾਂ ਤੋਂ ਬੁਨਿਆਦੀ ਸਹੂਲਤਾਂ ਖੋਹਣ ਅਤੇ ਮੁਲਾਜ਼ਮ ਵਰਗ ਦੇ ਉਜਾੜੇ ਦਾ ਰਾਹ ਪੱਧਰਾ ਕਰ ਰਹੀ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਮੌਜੂਦਾ ਸੰਯੁਕਤ ਕਿਸਾਨ ਮੋਰਚੇ ਦਾ ਚੱਲ ਰਿਹਾ ਸੰਘਰਸ਼ ਸਿਰਫ਼ ਕਿਸਾਨਾਂ ਦਾ ਸੰਘਰਸ਼ ਨਹੀਂ ਸਗੋਂ ਇਸ ਸੰਘਰਸ਼ ਨਾਲ ਵਿਦਿਆਰਥੀ, ਮਜ਼ਦੂਰ ਅਤੇ ਮੁਲਾਜ਼ਮ ਵਰਗ ਦੇ ਹਿੱਤ ਵੀ ਜੁੜੇ ਹੋਏ ਹਨ।
ਮੁਲਾਜ਼ਮ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਹਰਦੀਪ ਟੋਡਰਪੁਰ, ਪਵਨ ਮੁਕਤਸਰ ਅਤੇ ਗੁਰਮੀਤ ਸੁੱਖਪੁਰ ਨੇ ਆਖਿਆ ਕਿ ਜਿੱਥੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ 26 ਮਾਰਚ ਦੇ ਭਾਰਤ ਬੰਦ ਦੌਰਾਨ ਵੱਡੇ ਪੱਧਰ ਤੇ ਸਹਿਯੋਗ ਕੀਤਾ ਜਾਵੇਗਾ ਉੱਥੇ ਵਾਡੀ ਦੇ ਸੀਜਨ ਦੌਰਾਨ ਦਿੱਲੀ ਮੋਰਚਿਆਂ ਤੇ ਡਟੇ ਕਿਸਾਨ ਸਾਥੀਆਂ ਦਾ ਸਹਿਯੋਗ ਕਰਨ ਲਈ ਜਿਲ੍ਹੇ ਵੰਡ ਕੇ ਲਗਾਤਾਰ ਦਿੱਲੀ ਵੱਲ ਕੂਚ ਕੀਤਾ ਜਾਵੇਗਾ। ਇਸ ਮੌਕੇ ਤੇ ਮੁਲਾਜ਼ਮ ਆਗੂ ਰੁਪਿੰਦਰ ਗਿੱਲ, ਰਾਜੀਵ ਬਰਨਾਲਾ, ਜਗਪਾਲ ਬੰਗੀ, ਹਰਜਿੰਦਰ ਵਡਾਲਾ, ਗੁਰਪਿਆਰ ਕੋਟਲੀ, ਗੁਰਜੀਤ ਘੱਗਾ, ਦਲਜੀਤ ਸਫ਼ੀਪੁਰ, ਅਤਿੰਦਰ ਘੱਗਾ, ਨਿਰਭੈ ਸਿੰਘ ਖਾਈ, ਲਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।