ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਵੀ ਗੁਰੇਜ ਕੀਤਾ ਜਾਵੇ
ਰਘਵੀਰ ਹੈਪੀ , ਬਰਨਾਲਾ, 26 ਮਾਰਚ:2021
ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ ਦੇ ਮੱਦੇਨਜਰ 27 ਮਾਰਚ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਵੀ ਲੋਕਾਂ ਵੱਲੋਂ ਕਰੋਨਾ ਕਾਲ ਵਿਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ । ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਭ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਮੌਨ ਧਾਰ ਕੇ ਉਨ੍ਹਾਂ ਲੋਕਾਂ ਨੂੰ ਯਾਦ ਕਰਨ ਜੋ ਕਰੋਨਾ ਖਿਲਾਫ਼ ਜੰਗ ਦੌਰਾਨ ਇਸ ਫ਼ਾਨੀ ਦੁਨੀਆਂ ਤੋਂ ਚਲੇ ਗਏ ਹਨ । ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਵੀ ਗੁਰੇਜ ਕੀਤਾ ਜਾਵੇ ।
ਨਾਲ ਹੀ ਡਿਪਟੀ ਕਮਿਸ਼ਨਰ ਸ੍ਰੀ ਫ਼ੂਲਕਾ ਨੇ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਜ਼ਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ । ਉਨ੍ਹਾਂ ਨੇ ਕਿਹਾ ਕਿ ਹਰ ਸਮੇਂ ਮਾਸਕ ਪਾ ਕੇ ਰੱਖੋ, ਸਮਾਜਿਕ ਦੂਰੀ ਰੱਖੋ ਅਤੇ ਵਾਰ-ਵਾਰ ਹੱਥ ਧੋਂਦੇ ਰਹੋ, ਇਸ ਨਾਲ ਅਸੀਂ ਕਰੋਨਾ ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਾਂਗੇ। ਸ੍ਰੀ ਫੂਲਕਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ-ਆਪਣੇ ਪਿੰਡਾਂ ਵਿਚ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਚੁੱਪੀ ਧਾਰ ਕੇ ਸ਼ਰਧਾਂਜਲੀ ਦੇਣ ਅਤੇ ਇਸ ਇੱਕ ਘੰਟੇ ਦੌਰਾਨ ਸੜਕੀ ਆਵਾਜਾਈ ਤੋਂ ਗੁਰੇਜ਼ ਕੀਤਾ ਜਾਵੇ l