ਸਿਵਲ ਸਰਜਨ ਨੇ ਰਵਾਨਾ ਕੀਤੀਆਂ ਜਾਗਰੂਕਤਾ ਵੈਨਾਂ
ਰਵੀ ਸੈਣ , ਬਰਨਾਲਾ, 27 ਮਾਰਚ
ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਜ਼ਿਲਾ ਬਰਨਾਲਾ ਵਿੱਚ ਕੋਰੋਨਾ ਤੋਂ ਬਚਾਅ ਅਤੇ ਵੈਕਸੀਨ ਲਗਵਾਉਣ ਲਈ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸ ਸਬੰਧੀ ਜਾਗਰੂਕਤਾ ਵੈਨਾਂ ਨੂੰ ਰਵਾਨਾ ਕਰਨ ਸਮੇਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਫਲੈਕਸ ਬੈਨਰਾਂ ਨਾਲ ਤਿਆਰ ਕਰਕੇ ਪਿੰਡ-ਪਿੰਡ, ਗਲੀ ਮੁੱਹਲੇ ਅਤੇ ਸ਼ਹਿਰਾਂ ਵਿੱਚ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਕੋਰੋਨਾ ਸਬੰਧੀ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਵੈਕਸੀਨ ਲਗਵਾਉਣ ਲਈ ਪੇ੍ਰਰਿਤ ਕੀਤਾ ਜਾ ਸਕੇ।
ਜ਼ਿਲਾ ਟੀਕਾਕਰਨ ਅਫ਼ਸਰ ਡਾ. ਰਜਿੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿੱਚ ਸਿਵਲ ਹਸਪਤਾਲ ਬਰਨਾਲਾ, ਸ਼ਹਿਰੀ ਮੁਢਲਾ ਸਿਹਤ ਕੇਂਦਰ ਸੰਧੂ ਪੱਤੀ, ਪ੍ਰੇਮ ਨਗਰ, ਕਮਿਊਨਿਟੀ ਹੈਲਥ ਸੈਂਟਰ, ਮੁੱਢਲਾ ਸਹਿਤ ਕੇਂਦਰਾਂ ਵਿੱਚ ਹੁਣ ਤੱਕ 9870 ਵਿਆਕਤੀਆਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਲਗਾਈ ਜਾ ਚੁੱਕੀ ਹੈ। ਐਸਐਮਓ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ 2 ਜਾਗਰੂਕਤਾ ਵੈਨਾਂ ਚੱਲ ਰਹੀਆਂ ਹਨ। ਪਹਿਲੀ ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦੇ ਵੈਕਸੀਨ ਲਗਾਉਣੀ ਸ਼ੁਰੂ ਕੀਤੀ ਜਾ ਰਹੀ ਹੈ।
ਜ਼ਿਲਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਸ. ਕੁਲਦੀਪ ਸਿੰਘ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿੱਚ ਜਾਗਰੂਕਤਾ ਮੁਹਿੰਮ ਜਾਰੀ ਹੈ, ਜਿਸ ਤਹਿਤ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਉਣਾ, ਘੱਟੋ ਘੱਟ 6 ਫੁੱਟ ਦੀ ਦੂਰੀ ਰੱਖਣ ਅਤੇ ਹੱਥਾਂ ਨੂੰ ਵਾਰ ਵਾਰ ਪਾਣੀ ਤੇ ਸਾਬਣ ਨਾਲ ਧੋਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਵੈਕਸੀਨ ਲਵਾਉਣ ਬਾਰੇ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।