ਸਿੱਖਿਆ ਅਧਿਕਾਰੀਆਂ ਨੇ ਖੁਦ ਪਹੁੰਚ ਕੇ ਦਾਖਲਾ ਪ੍ਰਕ੍ਰਿਆ ਬਾਰੇ ਜਾਣਕਾਰੀ ਦਿੱਤੀ
ਹਰਿੰਦਰ ਨਿੱਕਾ , ਬਰਨਾਲਾ,14 ਅਪ੍ਰੈਲ 2021
ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜ਼ਾਫਾ ਕਰਨ ਦੇ ਮਨੋਰਥ ਨਾਲ ਦਫਤਰ ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸ਼ੁਰੂ ਕੀਤੀ ਦਾਖਲਾ ਜਾਗਰੂਕਤਾ ਮੁਹਿੰਮ ਅਧੀਨ ਵਿਸਾਖੀ ਮੌਕੇ ਲੱਗੇ ਮੇਲਿਆਂ ‘ਤੇ ਕਨੌਪੀ ਦਾਖਲਾ ਹੈਲਪ ਡੈਸਕ ਸਥਾਪਿਤ ਕਰਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਬਦਲੀ ਦਿੱਖ ਤੋਂ ਜਾਣੁ ਕਰਵਾਉਣ ਦੇ ਨਾਲ ਨਾਲ ਦਾਖਲਾ ਲੈਣ ਦੀ ਪ੍ਰਕ੍ਰਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ, ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਪਿੰਡ ਢਿੱਲਵਾਂ ਵਿਖੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਵਿਸਾਖੀ ਦੇ ਮੇਲੇ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਢਿੱਲਵਾਂ ਦੇ ਸਹਿਯੋਗ ਨਾਲ ਕਨੌਪੀ ਹੈਲਪ ਡੈਸਕ ਸਥਾਪਿਤ ਕਰਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਬੁਨਿਆਦੀ ਅਤੇ ਪੜ੍ਹਾਉਣ ਤਕਨੀਕਾਂ ਪੱਖੋਂ ਬਦਲੀ ਨੁਹਾਰ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ।
ਇਸ ਹੈਲਪ ਡੈਸਕ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਗੈਰ ਸਰਕਾਰੀ ਸਕੂਲਾਂ ਵਿੱਚੋਂ ਹਟਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੀ ਪ੍ਰਕ੍ਰਿਆ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਹੋਰਨਾਂ ਸਕੂਲਾਂ ਵਿੱਚੋਂ ਹਟਾਕੇ ਸਰਕਾਰੀ ਸਕੂਲਾਂ ਵਿੱਚ ਬੱਚੇ ਦਾਖਲ ਕਰਵਾਉਣ ਵਾਲੇ ਮਾਪਿਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਜਾਂ ਹੋਰ ਕੋਈ ਵੀ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ । ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਕੂਲਾਂ ਨੂੰ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਸਿਰਫ਼ ਆਧਾਰ ਕਾਰਡ ਦੇ ਆਧਾਰ ‘ਤੇ ਹੀ ਵਿਦਿਆਰਥੀਆਂ ਦਾ ਦਾਖਲਾ ਕਰਨ ਲਈ ਕਿਹਾ ਜਾ ਚੁੱਕਿਆ ਹੈ ।
ਜੇਕਰ ਕਿਸੇ ਵਿਦਿਆਰਥੀ ਕੋਲ ਆਧਾਰ ਕਾਰਡ ਜਾਂ ਜਨਮ ਸਰਟੀਫਿਕੇਟ ਵੀ ਨਹੀਂ ਤਾਂ ਵੀ ਉਸ ਵਿਦਿਆਰਥੀ ਦਾ ਦਾਖਲਾ ਮਾਪਿਆਂ ਵੱਲੋਂ ਅਰਜ਼ੀ ਦੇ ਆਧਾਰ ‘ਤੇ ਕਰਕੇ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਸਮੇਤ ਲੋੜੀਂਦੇ ਦਸਤਾਵੇਜ਼ ਬਾਅਦ ਵਿੱਚ ਬਣਵਾਉਣ ਲਈ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਮੱਦਦ ਕੀਤੀ ਜਾਵੇਗੀ । ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਨਰੇਸ਼ ਕੁਮਾਰ ਪ੍ਰਿੰਸੀਪਲ ਢਿੱਲਵਾਂ, ਸ੍ਰ ਬਿੰਦਰ ਸਿੰਘ ਖੁੱਡੀ ਕਲਾਂ ਜਿਲ੍ਹਾ ਮੀਡੀਆ ਕੋ-ਆਰਡੀਨੇਟਰ, ਸ੍ਰੀ ਕਮਲਦੀਪ ਜਿਲ੍ਹਾ ਮੈਂਟਰ ਗਣਿਤ ,ਸ੍ਰੀ ਮਹਿੰਦਰਪਾਲ ਜਿਲ੍ਹਾ ਮੈਂਟਰ ਕੰਪਿਊਟਰ,ਸ੍ਰੀ ਪੁਨੀਤ ਕੁਮਾਰ, ਸ੍ਰ ਹਰਜਿੰਦਰ ਸਿੰਘ ਅਤੇ ਸ੍ਰ ਜਸਵਿੰਦਰ ਸਿੰਘ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਢਿੱਲਵਾਂ ਦਾ ਸਟਾਫ਼ ਵੀ ਹਾਜ਼ਰ ਰਿਹਾ । ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੀ ਪ੍ਰਬੰਧਕ ਕਮੇਟੀ ਵੱਲੋਂ ਉਪ ਜਿਲ੍ਹਾ ਸਿੱਖਿਆ ਅਫ਼ਸਰ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਕਾਲਾ ਮਾਲਾ ਛਾਪਾ ਵਿਖੇ ਵੀ ਵਿਸਾਖੀ ਮੇਲੇ ‘ਤੇ ਵਿਭਾਗ ਵੱਲੋਂ ਪ੍ਰਿੰਸੀਪਲ ਸ੍ਰੀ ਖੁਸ਼ਦੀਪ ਗੋਇਲ ਅਤੇ ਸ੍ਰ ਕੁਲਦੀਪ ਸਿੰਘ ਹੈਡਮਾਸਟਰ ਦੀ ਅਗਵਾਈ ਹੇਠ ਕਨੌਪੀ ਦਾਖਲਾ ਹੈਲਪ ਡੈਸਕ ਸਥਾਪਿਤ ਕਰਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮਾਰੀਆਂ ਜਾ ਰਹੀਆਂ ਮੱਲਾਂ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਕਾਨੂੰਗੋ ਉਜਾਗਰ ਸਿੰਘ, ਸਰਪੰਚ ਸਰਬਜੀਤ ਕੌਰ,ਪ੍ਧਾਨ ਨਾਜਰ ਸਿੰਘ ਅਤੇ ਮਾਸਟਰ ਭੀਮ ਸਿੰਘ ਵੱਲੋਂ ਵੀ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਕਰਵਾ ਕੇ ਬਿਨਾਂ ਮਹਿੰਗੀਆਂ ਫੀਸਾਂ ਦੇ ਮਿਆਰੀ ਸਿੱਖਿਆ ਹਾਸਿਲ ਕਰਵਾਉਣ ਲਈ ਪ੍ਰੇਰਿਤ ਕੀਤਾ।