ਜਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਨੂੰ ਟਿੱਚ ਸਮਝਣਾ ਪਿਆ ਮਹਿੰਗਾ, palm Classic ਪੈਲੇਸ ਨੂੰ 10 ਹਜ਼ਾਰ ਰੁਪਏ ਜੁਰਮਾਨਾ
ਪੰਜਾਬ ਸਰਕਾਰ ਵੱਲੋਂ ਲਾਗੂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਐਸਐਸਪੀ ਗੋਇਲ
ਮਨੀ ਗਰਗ ,ਬਰਨਾਲਾ 14 ਅਪ੍ਰੈਲ 2021
ਕਰੋਨਾ ਮਹਾਂਮਾਰੀ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਵਿਚ ਨਾਈਟ ਕਰਫਿਊ ਲਗਾਇਆ ਗਿਆ। ਉਥੇ ਹੀ ਬਰਨਾਲਾ ਵਿੱਚ ਪੰਜਾਬ ਸਰਕਾਰ ਦੁਆਰਾ ਲਾਗੂ ਨਿਯਮਾਂ ਤੇ ਪਾਬੰਦੀਆਂ ਦਾ ਸਖਤੀ ਨਾਲ ਪਾਲ਼ਣ ਕਰਵਾਉਣ ਲਈ ਪੁਲਿਸ ਪ੍ਰਸ਼ਾਸ਼ਨ ਪੂਰੀ ਤਰਾਂ ਗੰਭੀਰ ਦਿਖਾਈ ਦੇ ਰਿਹਾ ਹੈ । ਇਸ ਦੀ ਤਾਜ਼ਾ ਉਦਾਹਰਣ ਉਦੋਂ ਦੇਖਣ ਨੂੰ ਮਿਲੀ ਜਦੋਂ ਬੀਤੀ ਰਾਤ ਬਰਨਾਲਾ ਬਠਿੰਡਾ ਟੀ ਪੁਆਇੰਟ ਨੇੜੇ ਇਕ ਪੈਲੇਸ ਮਾਲਕ ਉੱਤੇ ਬਰਨਾਲਾ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸ਼੍ਰੀ ਸੰਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਰਨਾਲਾ ਬਠਿੰਡਾ ਬਾਈਪਾਸ ਨੇੜੇ ਪਾਲ੍ਮ ਕਲਾਸਿਕ ਪੈਲੇਸ ਵਿਚ ਵਿਆਹ ਸਮਾਗਮ ਦੇਰ ਰਾਤ ਤੱਕ ਚੱਲ ਰਿਹਾ ਹੈ । ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਐਸਪੀ ਲਖਵੀਰ ਸਿੰਘ ਟਿਵਾਣਾ ਸਮੇਤ ਥਾਣਾ ਸਿਟੀ 1 ਬਰਨਾਲਾ ਦੇ ਐਸਐਚਓ ਲਖਵਿੰਦਰ ਸਿੰਘ , ਥਾਣਾ ਸਿਟੀ 2 ਬਰਨਾਲਾ ਦੇ ਐੱਸਐੱਚਓ ਜਸਕਰਨ ਸਿੰਘ ਦੀ ਟੀਮ ਨੇ ਛਾਪਾ ਮਾਰਿਆ। ਪੁਲਿਸ ਪਾਰਟੀ ਨੇ ਮੈਰਿਜ ਪੈਲੇਸ ਮਾਲਕ ਪਿਆਰਾ ਲਾਲ ਤੇ ਸਖਤ ਕਾਰਵਾਈ ਕਰਦਿਆਂ ਉਸਨੂੰ ਮੌਕੇ ਪਰ ਹੀ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ। ਉਨ੍ਹਾਂ ਕਿਹਾ ਪੰਜਾਬ ਸਰਕਾਰ ਅਤੇ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।