ਜ਼ਿਲ੍ਹਾ ਬਰਨਾਲਾ ਵਿਚ ਕਿਸਾਨਾਂ ਨੂੰ 103 ਕਰੋੜ ਦੀ ਆਨਲਾਈਨ ਅਦਾਇਗੀ ਕੀਤੀ: ਡਿਪਟੀ ਕਮਿਸ਼ਨਰ

Advertisement
Spread information

ਜ਼ਿਲ੍ਹੇ ਦੀਆਂ ਮੰਡੀਆਂ ਵਿਚ 1.98 ਲੱਖ ਟਨ ਕਣਕ ਦੀ ਖਰੀਦ

ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਪਣਾਉਣ ਦੀ ਅਪੀਲ


ਹਰਿੰਦਰ ਨਿੱਕਾ, ਬਰਨਾਲਾ, 21 ਅਪਰੈਲ 2021 
    ਜ਼ਿਲ੍ਹਾ ਬਰਨਾਲਾ ਵਿਚ ਕਿਸਾਨਾਂ ਨੂੰ ਕਣਕ ਦੀ ਖਰੀਦ ਵਜੋਂ ਆਨਲਾਈਨ ਅਦਾਇਗੀ ਹੋਣੀ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 103 ਕਰੋੜ ਰੁਪਏ ਦੀ ਪੇਮੈਂਟ ਟਰਾਂਸਫਰ ਕੀਤੀ ਜਾ ਚੁੱਕੀ ਹੈ।
   ਇਸ ਮੌਕੇ ਕਿਸਾਨ ਅਮਨਦੀਪ ਸਿੰਘ ਵਾਸੀ ਪਿੰਡ ਕੱਟੂ (ਬਰਨਾਲਾ) ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ 225 ਕੁਇੰਟਲ ਫਸਲ 14 ਅਪਰੈਲ ਨੂੰ ਵੇਚੀ ਸੀ, ਜਿਸ ਦੀ  ਅਦਾਇਗੀ ਉਨ੍ਹਾਂ ਦੇ ਖਾਤੇ ਵਿਚ ਹੋ ਚੁੱਕੀ ਹੈ। ਉਨ੍ਹਾਂ ਇਸ ਆਨਲਾਈਨ ਪ੍ਰਣਾਲੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
  ਇਸ ਮੌਕੇ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ  2,38,743 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,98,386 ਟਨ ਕਣਕ ਦੀ ਖਰੀਦ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 68,495 ਟਨ, ਮਾਰਕਫੈਡ ਨੇ 42,025 ਟਨ, ਪਨਸਪ ਵੱਲੋਂ 47,870, ਵੇਅਰ ਹਾਊਸ ਵੱਲੋਂ 28,611.0 ਤੇ ਐਫ.ਸੀ.ਆਈ. ਵੱਲੋਂ 11, 335 ਟਨ ਕਣਕ ਦੀ ਖਰੀਦ ਕੀਤੀ ਗਈ ਹੈ।
  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਨਾਲੋ-ਨਾਲ ਲਿਫਟਿੰਗ ਜ਼ਰੂਰ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਅਦਾਇਗੀ ਹੋ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵੱਡੀਆਂ ਮੰਡੀਆਂ ਵਿੱਚ ਸੈਨੇਟਾਈਜ਼ੇਸ਼ਨ ਕਰਵਾਈ ਗਈ ਹੈ ਤੇ ਸਮਾਜਿਕ ਦੂਰੀ ਲਈ ਮਾਰਕਿੰਗ ਵੀ ਕਰਾਈ ਗਈ ਹੈ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Advertisement
error: Content is protected !!