ਤਿੰਨ ਦਿਨਾਂ ਵਿਚ ਨਿਯਮਾਂ ਦੇ ਵਿਰੁੱਧ ਚੱਲਣ ਵਾਲੀਆਂ ਤਕਰੀਬਨ 52 ਬੱਸਾਂ ਦੇ ਚਲਾਨ ਕੱਟੇ
ਦਵਿੰਦਰ ਡੀ ਕੇ, ਲੁਧਿਆਣਾ, 23 ਅਪ੍ਰੈਲ 2021
ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਟਰਾਂਸਪੋਰਟ ਵਾਹਨਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਮੰਤਵ ਨਾਲ ਇੱਕ ਵਿਸ਼ੇਸ਼ ਮੁਹਿੰਮ ਦੌਰਾਨ, ਟਰਾਂਸਪੋਰਟ ਵਿਭਾਗ ਨੇ ਲੁਧਿਆਣਾ ਵਿੱਚ 52 ਬੱਸਾਂ ਦੇ ਚਾਲਾਨ ਕਰਕੇ ਉਨ੍ਹਾਂ ਨੂੰ ਬੰਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ) ਲੁਧਿਆਣਾ, ਸ੍ਰੀ ਸੰਦੀਪ ਸਿੰਘ ਗੜ੍ਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੇਟ ਟ੍ਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ) ਦੇ ਨਿਰਦੇਸ਼ਾਂ ‘ਤੇ ਜ਼ਿਲ੍ਹੇ ਵਿੱਚ ਟੂਰਿਸਟ ਬੱਸਾਂ ਸਮੇਤ ਟਰਾਂਸਪੋਰਟ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਵੱਡੀ ਗਿਣਤੀ ਵਿੱਚ ਵੱਖ-ਵੱਖ ਨਾਕਿਆਂ ‘ਤੇ ਬੱਸਾਂ ਦੀ ਚੈਕਿੰਗ ਕੀਤੀ ਗਈ।
ਆਰ.ਟੀ.ਏ. ਨੇ ਅੱਗੇ ਕਿਹਾ ਕਿ ਇਸ ਮੁਹਿੰਮ ਦੌਰਾਨ ਪਿਛਲੇ ਤਿੰਨ ਦਿਨਾਂ ਵਿਚ ਨਿਯਮਾਂ ਦੇ ਵਿਰੁੱਧ ਚੱਲਣ ਵਾਲੀਆਂ ਤਕਰੀਬਨ 52 ਬੱਸਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਰਹੇਗੀ ਅਤੇ ਕਿਹਾ ਕਿ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੁਆਰਾ ਪਰਮਿਟ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਆਰਟੀਏ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਗੈਰ ਕਾਨੂੰਨੀ ਢੰਗ ਨਾਲ ਟ੍ਰਾਂਸਪੋਰਟ ਵਾਹਨਾਂ ਨੂੰ ਚਲਾਉਣ ਦੀ ਆਗਿਆ ਨਹੀਂ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।