ਜਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 5 ਲੱਖ 34 ਹਜ਼ਾਰ 248 ਮੀਟਰਕ ਟਨ ਕਣਕ ਦੀ ਆਮਦ ਹੋਈ- ਡਿਪਟੀ ਕਮਿਸਨਰ
ਬੀ ਟੀ ਐੱਨ, ਫਿਰੋਜ਼ਪੁਰ 24 ਅਪ੍ਰੈਲ 2021:
ਜਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 5 ਲੱਖ 34 ਹਜ਼ਾਰ 248 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਮੰਡੀਆਂ ਵਿੱਚ ਹੁਣ ਤੱਕ 5 ਲੱਖ 19 ਹਜ਼ਾਰ 347 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਡਿਪਟੀ ਕਮਿਸਨਰ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 1,87,317 ਮੀਟਰਕ ਟਨ, ਮਾਰਕਫੈਡ ਵੱਲੋਂ 1,34,459 ਮੀਟਰਕ ਟਨ, ਪਨਸਪ ਵੱਲੋਂ 1,07,000 ਮੀਟਰਕ ਟਨ, ਵੇਅਰ ਹਊਸ ਵੱਲੋਂ 79,032 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 10,989 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 550 ਮੀਟਿਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਆਈ ਕਣਕ ਦੀ ਨਾਲੋ—ਨਾਲ ਲਿਫ਼ਟਿੰਗ ਕਰਵਾਉਣ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਢੇਰ ਨਾ ਲੱਗਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ—19 ਤੋਂ ਬਚਾਅ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਆੜਤੀਆਂ ਤੇ ਮਜਦੂਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਦਰਸਾਈਆਂ ਜਰੂਰੀ ਸਾਵਧਾਨੀਆਂ ਜ਼ਰੂਰ ਅਪਣਾਉਣ।