ਚਾਇਨਾ ਡੋਰ ਸਟੋਰ, ਵੇਚਣ ਅਤੇ ਖਰੀਦਣ ’ਤੇ ਮੁਕੰਮਲ ਪਾਬੰਦੀ- ਜ਼ਿਲਾ ਮੈਜਿਸਟਰੇਟ
ਰਘਵੀਰ ਹੈਪੀ, ਬਰਨਾਲਾ, 01 ਮਈ 2021
ਜ਼ਿਲਾ ਮੈਜਿਸਟਰੇਟ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਆਈ.ਏ.ਐਸ. ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲੇ ਅੰਦਰ ਪਤੰਗ/ਗੁੱਡੀਆਂ ਉਡਾੳਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਉਨਾਂ ਕਿਹਾ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ-ਟੁੱਟਣਯੋਗ ਹਨ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ। ਸਾਈਕਲ, ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਂਦੇ ਹਨ ਅਤੇ ਉੱਡਦੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਹਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਵਾਰਨ ਵੀ ਦੂਸ਼ਿਤ ਹੁੰਦਾ ਹੈ।
ਉਪਰੋਕਤ ਹੁਕਮ ਮਿਤੀ 25 ਜੂਨ, 2021ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।