ਕਿਹਾ- 7 ਮਹੀਨਿਆਂ ਦੇ ਸੰਘਰਸ਼ ਨੂੰ ਵਾਪਿਸ ਲੈਣ ਦਾ ਫੈਸਲਾ ਸਮਾਜਿਕ ਸਰੋਕਾਰਾਂ ਹਿੱਤ ਲਿਆ
ਸੰਗਰੂਰ 2 ਅਪ੍ਰੈਲ 2020
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ 8 ਸਤੰਬਰ 2019 ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਲਾਏ ਹੋਏ ਪੱਕੇ-ਧਰਨੇ ਨੂੰ ਵੀਰਵਾਰ ਨੂੰ ਖਤਮ ਕਰ ਦਿੱਤਾ ਗਿਆ। ਮੋਰਚੇ ‘ਤੇ ਪਹੁੰਚੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਿਲ੍ਹਾ ਪ੍ਰਧਾਨ ਕੁਲਵੰਤ ਲੌਂਗੋਵਾਲ, ਜਿਲ੍ਹਾ ਆਗੂ ਹਰਦਮ ਸਿੰਘ ਨੇ ਕਿਹਾ ਕਿ ਜਥੇਬੰਦੀ ਨੇ ਕਰੋਨਾ ਦੀ ਬਿਮਾਰੀ ਕਾਰਨ ਬਣੇ ਮੌਕੇ ਦੇ ਹਾਲਾਤਾਂ ਅਨੁਸਾਰ ਸਮਾਜਿਕ ਸਰੋਕਾਰਾਂ ਨੂੰ ਮੁੱਖ ਰੱਖਦਿਆਂ ਪੱਕਾ-ਮੋਰਚਾ ਸਮਾਪਤ ਕਰ ਲਿਆ ਹੈ। ਉਹਨਾਂ ਕਿਹਾ ਕਿ ਪਿਛਲੇ 6 ਮਹੀਨਿਆਂ ਦੇ ਸੰਘਰਸ਼ ਦੌਰਾਨ ਯੂਨੀਅਨ ਨੇ ਮਿਸਾਲੀ ਪ੍ਰਾਪਤੀਆਂ ਕੀਤੀਆਂ ਹਨ, ਜਿਹਨਾਂ ਵਿੱਚ 2182 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣਾ, 55 ਫੀਸਦੀ ਅੰਕਾਂ ਦੀ ਸ਼ਰਤ ਕਰਵਾਉਣਾ, ਸੇਵਾ-ਮੁਕਤੀ ਲਈ ਉਮਰ ਹੱਦ ਮੁੜ 58 ਸਾਲ ਕਰਵਾਉਣਾ ਆਦਿ ਸ਼ਾਮਿਲ ਹੈ। ਆਗੂਆਂ ਨੇ ਐਲਾਨ ਕੀਤਾ ਕਿ ਹਾਲਾਤ ਠੀਕ ਹੋਣ ਉਪਰੰਤ ਸਾਰੀਆਂ ਮੰਗਾਂ ਦੀ ਪ੍ਰਾਪਤੀ ਲਈ ਮੁੜ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਬੇਰੁਜ਼ਗਾਰੀ ਭੱਤੇ ਦੀ ਫੌਰੀ ਰਾਹਤ ਦਿਵਾਉਣ, ਕਿਉਂਕਿ ਹਜ਼ਾਰਾਂ ਟੈਸਟ ਪਾਸ ਉਮੀਦਵਾਰ ਅਜਿਹੇ ਹਨ, ਜਿਹੜੇ ਘਰੇਲੂ ਹਾਲਾਤਾਂ ਕਾਰਨ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨ ਲਈ ਬੇਬੱਸ ਹਨ। ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਪ੍ਰਗਟ ਸਿੰਘ ਕਾਲਝਾੜ ਵੀ ਹਾਜ਼ਰ ਸਨ।