ਕਿਸਾਨ ਧਰਤੀ ਹੇਠਲੇ ਪਾਣੀ ਦੀ ਬਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ
ਰਘੁਬੀਰ ਹੈਪੀ , ਬਰਨਾਲਾ, 13 ਮਈ 2021
ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ’ ਤਹਿਤ ਵੱਖ-ਵੱਖ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਉਪਦਾਨ ਤੇ ਦੇਣ ਲਈ ਅਰਜੀਆਂ ਦੀ ਮੰਗ 26 ਮਈ 2021 ਤੱਕ ਪੋਰਟਲ ਰਾਹੀਂ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਇਸ ਮਸ਼ੀਨਰੀ ਤੇ ਸਬਸਿਡੀ ਲੈਣ ਲਈ ਖੇਤੀਬਾੜੀ ਵਿਭਾਗ ਦੇ ਪੋਰਟਲ https://agrimachinerypb.com ‘ਤੇ ਆਨਲਾਈਨ ਅਪਲਾਈ ਕਰਨਾ ਹੈ, ਜਿਸ ਲਈ ਕਿਸਾਨ ਆਪਣੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਬਲਾਕ ਵਾਈਜ਼ ਜਾਣਕਾਰੀ ਪ੍ਰਾਪਤ ਕਰਨ ਲਈ ਬਲਾਕ ਬਰਨਾਲਾ ਦੇ ਡਾ. ਸੁਖਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ 98724-49779, ਸਹਿਣਾ ਬਲਾਕ ਦੇ ਡਾ. ਗੁਰਬਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ 98148-22665 ‘ਤੇ ਮਹਿਲ ਕਲਾਂ ਬਲਾਕ ਦੇ ਡਾ. ਲਖਵੀਰ ਸਿੰਘ, ਖੇਤੀਬਾੜੀ ਅਫ਼ਸਰ 98760-22022 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨਾਂ ਕਿਹਾ ਕਿ ਕਿਸਾਨ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਨੂੰ ਇੱਕ ਜੂਨ ਤੋਂ ਕਰ ਲੈਣੀ ਚਾਹੀਦੀ ਹੈ। ਇਸ ਲਈ ਜ਼ਮੀਨ ਨੂੰ ਤਿਆਰ ਕਰਕੇ ਥੋੜਾ ਗਿੱਲਾ ਬੱਤਰ ‘ਤੇ ਹੀ ਬੀਜਣੀ ਚਾਹੀਦੀ ਹੈ। ਬਿਜਾਈ ਕਰਦੇ ਸਮੇਂ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਪਾਉਣਾ ਚਾਹੀਦਾ ਹੈ, ਬਿਜਾਈ ਤੋਂ ਤੁਰੰਤ ਬਾਅਦ ਸਟੌਪਨਾ ਦੀ ਦਵਾਈ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ ਤਾਂ ਕਿ ਉੱਗਣ ਵਾਲੇ ਨਦੀਨਾਂ ਤੋਂ ਬਚਿਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦਾ ਸਮਾਂ 10 ਜੂਨ ਤੋਂ ਨਿਸ਼ਚਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਨੂੰ ਸੰਭਾਲਣ ਵਿੱਚ ਮੱਦਦ ਮਿਲ ਸਕੇ। ਉਨਾਂ ਕਿਹਾ ਕਿ ਖੇਤੀਬਾੜੀ ਇਨਪੁਟਸ ਜਿਵੇਂ ਕਿ ਕੀੜੇਮਾਰ ਦਵਾਈਆਂ, ਖਾਦਾਂ ਤੇ ਬੀਜ ਲੈਣ ਸਮੇਂ ਪੱਕੇ ਬਿੱਲ ਲਏ ਜਾਣ ਤੇ ਉਨਾਂ ਨੂੰ ਸੰਭਾਲ ਕੇ ਰੱਖਿਆ ਜਾਵੇ। ਉਨਾਂ ਕਿਹਾ ਕਿ ਇਸ ਸਮੇਂ ਕਰੋੋਨਾ ਮਹਾਂਮਾਰੀ ਬਹੁਤ ਜਿਆਦਾ ਫੈਲ ਰਹੀ ਹੈ। ਕਿਸਾਨ ਵੀਰ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਸਾਵਧਾਨੀਆਂ ਦਾ ਧਿਆਨ ਰੱਖਣ ਤਾਂ ਜੋ ਆਪਣੇ-ਆਪ, ਆਪਣਾ ਪਰਿਵਾਰ ਅਤੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।