ਆਸ਼ੂ ਤੇ ਬਿੱਟੂ ਵੱਲੋਂ ਲੋਕਾਂ ਨੂੰ ਅਪੀਲ, ਮਹਾਂਮਾਰੀ ‘ਤੇ ਕਾਬ ਪਾਉਣ ਲਈ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਬੇਹੱਦ ਜ਼ਰੂਰੀ
ਦਵਿੰਦਰ ਡੀ ਕੇ , ਲੁਧਿਆਣਾ, 13 ਮਈ 2021
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੇ ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਵੱਦੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਥਾਪਤ ਨਵੇਂ 50 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ।
ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਸ੍ਰੀ ਦਿਲਰਾਜ ਸਿੰਘ, ਐਸ.ਡੀ.ਐਮ. ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਦੇ ਨਾਲ ਸੈਂਟਰ ਦਾ ਦੌਰਾ ਕਰਦਿਆਂ ਮੰਤਰੀ ਤੇ ਐਮ. ਪੀ. ਨੇ ਕਿਹਾ ਕਿ ਇਸ ਸੈਂਟਰ ਦੇ ਮਰੀਜ਼ਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਡਾਕਟਰਾਂ, ਨਰਸਿੰਗ ਸਟਾਫ ਅਤੇ ਹੋਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੰਕਟ ਦੀ ਇਸ ਘੜੀ ਵਿੱਚ ਮਨੁੱਖਤਾ ਦੀ ਨਿਰਸਵਾਰਥ ਸੇਵਾ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਪੂਰੀ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਧਿਕਾਰੀ ਕੋਵਿਡ ਮਾਮਲਿਆਂ ਵਿੱਚ ਵੱਧ ਰਹੇ ਵਾਧੇ ਨਾਲ ਨਜਿੱਠਣ ਲਈ ਸਿਹਤ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਅਣਥੱਕ ਯਤਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਥੇ 50 ਆਕਸੀਜਨ ਬੈਡ ਸਥਾਪਿਤ ਕੀਤੇ ਗਏ ਹਨ ਅਤੇ ਇਹ ਇਕ ਲੈਵਲ-2 ਕੋਵਿਡ ਇਲਾਜ ਕੇਂਦਰ ਵਜੋਂ ਕੰਮ ਕਰ ਰਿਹਾ ਹੈ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਪ੍ਰਤੀ ਕਿਸੇ ਵੀ ਤਰਾਂ ਦੀ ਲਾਪਰਵਾਹੀ ਨਾ ਵਰਤਣ। ਉਨ੍ਹਾਂ ਕਿਹਾ ਕਿ ਸਾਨੂੰ ਇਸ ਬਿਮਾਰੀ ਦੇ ਵਿਰੁੱਧ ਬਚਾਅ ਲਈ ਮੋਹਰੀ ਰੋਲ ਅਦਾ ਕਰਦਿਆਂ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਮਾਸਕ ਪਾਉਣ, ਸਰੀਰਕ ਦੂਰੀ ਬਣਾਈ ਰੱਖਣ ਅਤੇ ਹੱਥਾਂ ਦੀ ਸਫਾਈ ਲਈ ਇਕ ਦੂਜੇ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਮਹਾਂਮਾਰੀ ਤੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੀਆਂ ਹਨ ਅਤੇ ਜਨਤਾ ਨੂੰ ਇਸ ਲੜਾਈ ਵਿੱਚ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਆਕਸੀਜਨ, ਰੀਮਡੇਸਵੀਵਰ ਅਤੇ ਹੋਰ ਜ਼ਰੂਰੀ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਕਿਸੇ ਵੀ ਵਿਅਕਤੀ ਦੁਆਰਾ ਜ਼ਰੂਰੀ ਚੀਜ਼ਾਂ ਦੀ ਕਾਲਾ ਬਾਜ਼ਾਰੀ ਨੂੰੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ.
ਇਸ ਮੌਕੇ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ ਅਤੇ ਪੰਜਾਬ ਸਰਕਾਰ ਮਹਾਂਮਾਰੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦ ਦੂਸਰੀ ਲਹਿਰ ‘ਤੇ ਕਾਬੂ ਪਾ ਲਿਆ ਜਾਵੇਗਾ।