ਪ੍ਰਧਾਨ ਮੰਤਰੀ ਵੱਲੋਂ ਕਿਸਾਨ ਨਿਧੀ ਸਕੀਮ ਅਧੀਨ 9.5 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਦੋ- ਦੋ ਹਜਾਰ ਰੁਪਏ ਤੇ ਫ਼ੈਸਲੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ, 16 ਮਈ 2021
ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਦੋ -ਦੋ ਹਜਾਰ ਰੁਪਏ ਪਾਉਣ ਦੇ ਫ਼ੈਸਲੇ ਨਾਲ ਕਿਸਾਨਾਂ ਦੀ ਆਰਥਕ ਹਾਲਤ ਨਹੀਂ ਸੁਧਰੇਗੀ, ਕਿਉਂਕਿ ਇਹ ਫ਼ੈਸਲਾ ਕਿਸਾਨਾਂ ਨੂੰ ਮੂਰਖ ਬਣਾਉਣ ਤੋਂ ਸੂਬਾਈ ਅਸਲ ਮੁੱਦਿਆਂ ਤੋਂ ਕਿਸਾਨਾਂ ਦਾ ਧਿਆਨ ਭਟਕਾਉਣ ਤੋਂ ਸਿਵਾਏ ਹੋਰ ਕੁਝ ਨਹੀਂ ਹੈ। ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਸਾਂਝੇ ਕੀਤੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਨਿਧੀ ਸਕੀਮ ਅਧੀਨ 9.5 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਦੋ- ਦੋ ਹਜਾਰ ਰੁਪਏ ਤੇ ਫ਼ੈਸਲੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਨਹੀਂ ਸੁਧਰੇਗੀ ਇਸ ਦੋ ਹਜਾਰ ਰੁਪਏ ਦੀ ਰਕਮ ਨੂੰ ਪਿਛਲੇ ਸਾਲਾਂ ਦੌਰਾਨ ਡੀਜਲ, ਖਾਦਾਂ, ਕੀੜੇਮਾਰ ਦਵਾਈਆਂ, ਬੀਜਾਂ ਤੇ ਹੋਰ ਖੇਤੀ ਲਾਗਤਾਂ ਵਿੱਚ ਹੋਏ ਅਥਾਹ ਵਾਧੇ ਨਾਲ ਮੇਲ ਕੇ ਦੇਖਣ ਦੀ ਜਰੂਰਤ ਹੈ। ਲਾਗਤਾਂ ਵਿੱਚ ਹੋਏ ਇਸ ਅਥਾਹ ਵਾਧੇ ਦੇ ਮੁਕਾਬਲੇ ਫਸਲਾਂ ਦੀ ਐਮਐਸਪੀ ਵਿੱਚ ਬਿਲਕੁੱਲ ਨਿਗੂਣਾ ਵਾਧਾ ਕੀਤਾ ਗਿਆ ਹੈ। ਡੀਜਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੂੰ ਛੂਹ ਰਹੀ ਹੈ। ਖਾਦਾਂ ਦੀਆਂ ਕੀਮਤਾਂ ਵਿੱਚ ਪਿਛਲੇ ਦਿਨੀਂ ਡੇਢ ਗੁਣਾਂ ਤੱਕ ਵਾਧਾ ਕਰ ਦਿੱਤਾ ਹੈ। ਖੇਤੀ ਲਾਗਤਾਂ ਵਿੱਚ ਇੰਨੇ ਵੱਡੇ ਵਾਧੇ ਦੇ ਮੁਕਾਬਲੇ ਆਉਂਦੇ ਸੀਜਨ ਲਈ ਝੋਨੇ ਦੀ ਐਮਐਸਪੀ ਵਿੱਚ ਮਹਿਜ਼ 72 ਰੁਪਏ ਦਾ ਵਾਧਾ ਕੀਤਾ ਹੈ ਜੋ ਇਕੱਲੇ ਡੀਜਲ ਦੀ ਕੀਮਤ ਵਿੱਚ ਹੋਏ ਵਾਧੇ ਦੀ ਵੀ ਪੂਰਤੀ ਨਹੀਂ ਕਰਦਾ।
ਛੀਨੀਵਾਲ ਨੇ ਕਿਹਾ ਕਿ ਕਿਸਾਨ ਨਿਧੀ ਵਰਗੀਆਂ ਇਹ ਸਕੀਮਾਂ ਲੋਕਾਂ ਦਾ ਧਿਆਨ ਅਸਲੀ ਮੱਦਿਆਂ ਤੋਂ ਲਾਂਭੇ ਲਿਜਾਣ ਲਈ ਚਲਾਈਆਂ ਜਾਂਦੀਆਂ ਹਨ। ਜੇਕਰ ਪ੍ਰਧਾਨ ਮੰਤਰੀ ਸਚਮੁੱਚ ਹੀ ਕਿਸਾਨ ਦਾ ਭਲਾ ਕਰਨਾ ਚਾਹੁੰਦਾ ਹੈ ਤਾਂ ਇਹ ਕਾਲੇ ਕਾਨੂੰਨ ਰੱਦ ਕਿਉਂ ਨਹੀਂ ਕਰ ਦਿੰਦਾ ? ਜਦੋਂ ਇਨ੍ਹਾਂ ਕਾਨੂੰਨਾਂ ਦੀ ਮੰਗ ਕਿਸੇ ਕਿਸਾਨ ਜਥੇਬੰਦੀ ਨੇ ਨਹੀਂ ਕੀਤੀ ਸੀ ਤਾਂ ਇਹ ਕਿਸ ਦੇ ਕਹਿਣ ‘ਤੇ ਬਣਾਏ ਗਏ ਹਨ? ਅਸਲ ਵਿੱਚ ਦੋ ਹਜਾਰ ਰੁਪਏ ਦੇਣ ਦੀ ਇਹ ਸ਼ੋਸ਼ੇਬਾਜੀ ਖੇਤੀ ਕਾਨੂੰਨਾਂ ਵਿਰੁੱਧ ਉਠੇ ਲੋਕ ਰੋਹ ਨੂੰ ਮੱਠਾ ਕਰਨ ਦਾ ਇੱਕ ਢਕਵੰਜ ਮਾਤਰ ਹੈ। ਕਿਸਾਨ ਸਰਕਾਰ ਦੇ ਅਜਿਹੇ ਝਾਂਸਿਆਂ ਵਿੱਚ ਨਹੀਂ ਆਉਣਗੇ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੱਤਾਧਾਰੀ ਮੰਤਰੀ ਅਜੇ ਤੱਕ ਵੀ ਕਿਸਾਨਾਂ ਦੇ ਪੱਖ ਨੂੰ ਸਵੀਕਾਰਨ ਵਿੱਚ ਨਾਕਾਮ ਰਹੇ ਹਨ ਤੇ ਕਾਰੋਬਾਰੀ ਘਰਾਣਿਆਂ ਪੱਖੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਬਜਿੱਦ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਜਗਤ ਦੇ ਹੱਥਾਂ ਦੀ ਕਠਪੁੱਤਲੀ ਬਣ ਕੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ।
ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਪਾਸੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ, ਬਿਜਲੀ ਬਿੱਲ 2020 ਰੱਦ ਕਰਨ, ਐੱਮਐੱਸਪੀ ਕਾਨੂੰਨ ਬਣਾਕੇ ਸਾਰੀਆਂ ਫਸਲਾਂ ਤੇ ਲਾਗੂ ਕਰਨ, ਸਰਕਾਰੀ ਮੰਡੀ ਕਾਨੂੰਨ ਸਾਰੇ ਦੇਸ਼ ‘ਚ ਲਾਗੂ ਕਰਨ, ਲਾਕਡਾਊਨ ਨੂੰ ਲੋਕਾਂ ਵਿਰੁੱਧ ਵਰਤਣਾ ਬੰਦ ਕਰਨ, ਵੱਧ ਰਹੀ ਮਹਿੰਗਾਈ ਨੂੰ ਰੋਕਣ, ਸਭ ਲਈ ਸਸਤੀ ਵਿਦਿਆ ਅਤੇ ਮੁਫਤ ਸਿਹਤ ਸਹੂਲਤਾਂ ਮੁਹੱਈਆ ਕਰਨ, ਹਰੇਕ ਨੂੰ ਯੋਗਤਾ ਅਤੇ ਸਮਰੱਥਾ ਅਨੁਸਾਰ ਰੁਜ਼ਗਾਰ ਦੇਣ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਨੱਥ ਪਾਉਣ ਆਦਿ ਮੰਗਾਂ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਬੀ ਕੇ ਯੂ ਰਾਜੇਵਾਲ ਦੇ ਜਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਛੀਨੀਵਾਲ ਕਲਾਂ , ਜਿਲ੍ਹਾ ਪ੍ਰਧਾਨ ਰਾਜਾ ਸਿੰਘ , ਮਹਿੰਦਰ ਸਿੰਘ , ਜਾਗਰ ਸਿੰਘ , ਬਾਬੂ ਸਿੰਘ , ਗੁਰਜੀਤ ਸਿੰਘ ਬਰਨਾਲਾ , ਜੱਗੂ ਸਿੰਘ, ਜਗਜੀਤ ਸਿੰਘ ਜੱਗਾ ਗਹਿਲ ਹਾਜਰ ਹਨ
Advertisement