ਸਿਵਲ ਸਰਜਨ ਨੇ ਆਮ ਲੋਕਾਂ ਨੂੰ ਕੋਵਿਡ 19 ਤੋਂ ਬਚਾਅ ਲਈ ਜਰੂਰੀ ਸਾਵਧਾਨੀਆਂ ਅਪਣਾਉਣ ਲਈ ਮੰਗਿਆ ਸਹਿਯੋਗ
ਬੀ ਟੀ ਐੱਨ, ਫ਼ਤਹਿਗੜ੍ਹ ਸਾਹਿਬ,16 ਮਈ 2021
ਸਿਵਲ ਸਰਜਨ ਡਾ ਮਹਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 5663 ਕੋਰੋਨਾ ਦੇ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਜਦੋਂ ਕਿ 01 ਲੱਖ 51 ਹਜ਼ਾਰ 824 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 01 ਲੱਖ 58 ਹਜਾਰ 974 ਸੈਂਪਲ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 6724 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ, ਜਿਨ੍ਹਾਂ ਵਿੱਚੋਂ 5663 ਮਰੀਜ਼ ਠੀਕ ਹੋ ਚੁੱਕੇ ਹਨ ਜਦੋਂ ਕਿ ਐਕਟਿਵ ਕੇਸਾਂ ਦੀ ਗਿਣਤੀ 873 ਹੈ।
ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਬਿਨਾਂ ਕਿਸੇ ਐਮਰਜੈਂਸੀ ਜਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਹੋਰ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਤੇ ਪਾਣੀ ਜਾਂ ਸੈਨੇਟਾਈਜ਼ਰ ਨਾਲ ਸਾਫ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਇੱਕ ਦੂਜੇ ਤੋਂ 6 ਫੁੱਟ ਦੀ ਦੂਰੀ ਬਣਾਈ ਰੱਖਣੀ ਚਾਹੀਦੀ ਹੈ।
ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕਾਂ ਨੂੰ ਇਸ ਗੱਲ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।