-11ਵੀਂ ਤੇ 12ਵੀਂ ਜਮਾਤ ਦੇ ਪ੍ਰੈਕਟੀਕਲ ਪੇਪਰਾਂ ਦਾ ਹੈ ਮਾਮਲਾ
ਦਵਿੰਦਰ ਡੀ ਕੇ , ਲੁਧਿਆਣਾ, 19 ਮਈ 2021
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ/ਸੀ.ਬੀ.ਐਸ.ਈ/ਸੀ.ਆਈ.ਐਸ.ਸੀ.ਈ. ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਪ੍ਰੈਕਟੀਕਲ ਪੇਪਰ ਕਰਾਉਣ ਲਈ ਵੱਖ-ਵੱਖ ਹਦਾਇਤਾਂ ਤਹਿਤ ਛੋਟ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਪੱਤਰ ਨੰਬਰ 5754-95/ਐਮ.ਏ. ਮਿਤੀ 16-05-2021 ਰਾਹੀਂ ਜ਼ਿਲ੍ਹਾ ਲੁਧਿਆਣਾ ਵਿੱਚ 31 ਮਈ, 2021 ਤੱਕ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕੁੱਝ ਪਾਬੰਦੀਆਂ ਨਾਲ ਪ੍ਰੈਕਟੀਕਲ ਪੇਪਰ ਕਰਾਉਣ ਦੀ ਛੋਟ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਹੁਕਮ ਜਾਰੀ ਕੀਤੇ ਹਨ ਕਿ ਪੇਪਰ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਨਹੀਂ ਲਏ ਜਾਣਗੇ, ਪੇਪਰ ਸਵੇਰੇ 08 ਵਜੇ ਤੋਂ ਦੁਪਹਿਰ 12 ਵਜੇ ਤੱਕ ਲਏ ਜਾਣਗੇ ਅਤੇ ਪੇਪਰ 12 ਵਜੇ ਤੋਂ ਪਹਿਲਾਂ ਲਾਜ਼ਮੀ ਤੌਰ ‘ਤੇ ਖ਼ਤਮ ਹੋ ਜਾਣੇ ਚਾਹੀਦੇ ਹਨ।
ਇਸ ਤੋਂ ਇਲਾਵਾ ਸ੍ਰੀ ਸ਼ਰਮਾ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਕੂਲ ਵਿੱਚ ਕਿਸੇ ਕਿਸਮ ਦਾ ਇਕੱਠ ਨਾ ਕੀਤਾ ਜਾਵੇ।