ਜ਼ਿਲ੍ਹੇ ਵਿਚਲੇ ਮਗਨਰੇਗਾ ਕਾਮਿਆਂ ਦੀ ਕੰਮ ਵਾਲੀ ਥਾਂ ਉਤੇ ਹੀ ਹੋਵੇਗੀ ਕੋਰੋਨਾ ਟੈਸਟਿੰਗ ਤੇ ਵੈਕਸੀਨੇਸ਼ਨ: ਡਿਪਟੀ ਕਮਿਸ਼ਨਰ

Advertisement
Spread information

ਪਿੰਡਾਂ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਠੱਲ੍ਹ ਪਾਉਣ ਵਿੱਚ ਸਰਪੰਚਾਂ ਦੀ ਭੂਮਿਕਾ ਅਹਿਮ 

ਬੀ ਟੀ ਐੱਨ  , ਫ਼ਤਹਿਗੜ੍ਹ ਸਾਹਿਬ, 19 ਮਈ 2021

ਜ਼ਿਲ੍ਹੇ ਦੇ ਪਿੰਡਾਂ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਠੱਲ੍ਹ ਪਾਉਣ ਤਹਿਤ ਮਗਨਰੇਗਾ ਕਾਮਿਆਂ ਦੀ ਕੰਮ ਵਾਲੀ ਥਾਂ ਉਤੇ ਕੋਰੋਨਾ ਟੈਸਟਿੰਗ ਅਤੇ ਵੈਕਸੀਨੇਸ਼ਨ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਰਪੰਚਾਂ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਨੂੰ ਕਾਬੂ ਪਾਉਣ ਲਈ ਵਿਡੀਓ ਕਾਨਫ਼ਰੈਂਸਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ।
ਇਸ ਮੌਕੇ ਸ਼੍ਰੀਮਤੀ ਗਿੱਲ ਨੇ ਕਿਹਾ ਕਿ ਪਿੰਡਾਂ ਵਿੱਚ ਕੋਰੋਨਾ ਨੂੰ ਠੱਲ੍ਹਣ ਵਿੱਚ ਸਭ ਤੋਂ ਅਹਿਮ ਰੋਲ ਸਰਪੰਚ ਨਿਭਾਅ ਸਕਦੇ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਲੋਕਾਂ ਨੂੰ ਅੱਗੇ ਹੋ ਕੇ ਵੈਕਸੀਨ ਲਗਵਾਉਣ ਲਈ ਪ੍ਰੇਰਨ ਅਤੇ ਇਸ ਗੱਲ ਲਈ ਵੀ ਜਾਗਰੂਕ ਕਰਨ ਕਿ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਵੀ ਲੱਛਣ ਹੈ ਤਾਂ ਉਹ ਫੌਰੀ ਡਾਕਟਰ ਕੋਲੋਂ ਆਪਣੀ ਜਾਂਚ ਕਰਵਾਏ। ਜੇਕਰ ਛੇਤੀ ਟੈਸਟ ਕਰਵਾਉਣ ਉਤੇ ਮੁੱਢਲੇ ਪੜਾਅ ਤਹਿਤ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਵੀ ਜਾਂਦੀ ਹੈ ਤਾਂ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਰਕਾਰ ਵੱਲੋਂ ਇਲਾਜ ਲਈ ਉਸ ਮਰੀਜ਼ ਨੂੰ ਘਰ ਵਿੱਚ ਹੀ ਕੋਰੋਨਾ ਫ਼ਤਹਿ ਕਿੱਟ ਮੁਹੱਈਆ ਕਰਵਾਈ ਜਾਂਦੀ ਹੈ। ਜੇਕਰ ਕੋਈ ਲੋੜਵੰਦ ਹੈ ਤਾਂ ਸਰਕਾਰ ਵੱਲੋਂ ਸਬੰਧਤ ਪਰਿਵਾਰ ਨੂੰ ਰਾਸ਼ਨ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਲਈ ਪਿੰਡਾਂ ਦੇ ਲੋਕ ਵੱਧ ਤੋਂ ਵੱਧ ਟੈਸਟਿੰਗ ਕਰਵਾਉਣ ਅਤੇ ਅੱਗੇ ਹੋ ਕੇ ਵੈਕਸੀਨੇਸ਼ਨ ਵੀ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 100 ਫੀਸਦ ਵੈਕਸੀਨੇਸ਼ਨ ਕਰਵਾਉਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ 10 ਲੱਖ ਰੁਪਏ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਲਈ ਜ਼ਿਲ੍ਹੇ ਦੀਆਂ ਪੰਚਾਇਤਾਂ ਜਿੱਥੇ 100 ਫੀਸਦ ਟੀਕਾਕਰਨ ਨਾਲ ਆਪਣੇ ਪਿੰਡ ਵਾਸੀਆਂ ਨੂੰ ਇਸ ਬਿਮਾਰੀ ਤੋਂ ਮਹਿਫੂਜ਼ ਕਰ ਸਕਦੀਆਂ ਹਨ, ਉਥੇ 10 ਲੱਖ ਰੁਪਏ ਗਰਾਂਟ ਨਾਲ ਆਪਣੇ ਪਿੰਡ ਦੇ ਵਿਕਾਸ ਕਾਰਜ ਕਰਵਾ ਸਕਦੇ ਹਨ।
ਇਸ ਮੌਕੇ ਪੁੱਜੇ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਗੁਰਮੁੱਖ ਸਿੰਘ ਪੰਡਰਾਲੀ ਸਰਪੰਚ ਪਿੰਡ ਪੰਡਰਾਲੀ, ਪਰਮਿੰਦਰ ਸਿੰਘ ਸਰਪੰਚ ਪਿੰਡ ਨਬੀਪੁਰ, ਚੇਅਰਮੈਨ ਭੁਪਿੰਦਰ ਸਿੰਘ ਬਧੌਸ਼ੀ ਅਤੇ ਪਿੰਡ ਬਾਗੜੀਆਂ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਖਿਲਾਫ ਜੰਗ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ।
ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਦਿਆਲ ਸਿੰਘ ਚੱਠਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ: ਵਿਡੀਓ ਕਾਨਫ਼ਰੰਸ ਵਿੱਚ ਸ਼ਾਮਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਤੇ ਪਿੰਡਾਂ ਦੇ ਸਰਪੰਚ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ।

Advertisement
Advertisement
Advertisement
Advertisement
Advertisement
Advertisement
error: Content is protected !!