ਸਰਕਾਰ ਕੋਲ ਐਪੀਡੈਮਿਕ ਡਿਸੀਜ਼ ਐਕਟ ਤਹਿਤ ਲੋੜ ਪੈਣ ‘ਤੇ ਕਿਸੇ ਵੀ ਡਿਲਾਫਲਟਰ ਹਸਪਤਾਲ ਨੂੰ ਆਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ
ਬਲਵਿੰਦਰਪਾਲ , ਪਟਿਆਲਾ, 21 ਮਈ: 2021
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਸ਼ੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਵੀ ਸ਼ਿਕਾਇਤ ਮਿਲੀ ਕਿ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਕੇ ਚਾਰਜ ਲੈ ਕੇ ਮਰੀਜ਼ਾਂ ਨੂੰ ਠੱਗ ਰਹੇ ਹਨ ਜਾਂ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਹੀਂ ਉਠਾਉਣਗੇ। ਅਜਿਹਾ ਕਰਨ ਵਾਲੇ ਡਿਫਾਲਟ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ।
ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।