ਪ੍ਰਸ਼ਾਸ਼ਨ ਜ਼ਿਲ੍ਹੇ ‘ਚ 4.54 ਲੱਖ ਸਮਾਰਟ ਕਾਰਡ ਧਾਰਕਾਂ ਨੂੰ ਵੰਡ ਰਿਹਾ ਹੈ ਮੁਫ਼ਤ ਕਣਕ
-ਡੀ.ਐਫ.ਐਸ.ਸੀ. ਵੱਲੋਂ ਰਾਸ਼ਨ ਡਿਪੂਆਂ ਰਾਹੀਂ ਕਣਕ ਵੰਡ ਪ੍ਰਕਿਰਿਆ ਦਾ ਕੀਤਾ ਨੀਰੀਖਣ
ਦਵਿੰਦਰ ਡੀ ਕੇ , ਲੁਧਿਆਣਾ, 22 ਮਈ 2021
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਜ਼ਿਲ੍ਹੇ ਦੇ ਸਮਾਰਟ ਕਾਰਡ ਧਾਰਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐੱਮ.ਜੀ.ਕੇ.ਏ.ਵਾਈ) ਅਧੀਨ ਇਕੱਠੀ ਦੋ ਮਹੀਨਿਆਂ ਲਈ ਮੁਫਤ ਕਣਕ ਵੰਡਦਿਆਂ ਮੱਦਦ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੁਰਾਕ, ਸਿਵਲ ਅਤੇ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀਆਂ ਹਦਾਇਤਾਂ ‘ਤੇ, ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਲੁਧਿਆਣਾ ਦੇ 4.54 ਲੱਖ ਸਮਾਰਟ ਕਾਰਡ ਧਾਰਕਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜ਼ਿਲ੍ਹੇ ਦੇ 17 ਲੱਖ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਲਈ ਪਾਬੰਦ ਹੈ।
ਇਸ ਦੌਰਾਨ ਡੀ.ਐੱਫ.ਐੱਸ.ਸੀ. ਸ. ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਫੂਡ ਸਪਲਾਈ ਟੀਮ ਨੇ ਰਾਸ਼ਨ ਵੰਡ ਪ੍ਰਕਿਰਿਆ ਦਾ ਹੈਬੋਵਾਲ, ਕੁੰਦਨਪੁਰੀ, ਲੋਹਾਰਾ, ਸ਼ਿਮਲਾਪੁਰੀ ਅਤੇ ਗਿਆਸਪੁਰਾ ਵਿਖੇ ਡਿਪੂਆਂ ਰਾਹੀਂ ਨੀਰੀਖਣ ਕੀਤਾ ਤਾਂ ਜੋ ਜਲਦ ਤੋਂ ਜਲਦ ਸਾਰੇ ਲਾਭਪਾਤਰੀਆਂ ਨੂੰ ਰਾਹਤ ਦਿੱਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਹਰ ਸਮਾਰਟ ਕਾਰਡ ਧਾਰਕ ਪਰਿਵਾਰ ਨੂੰ ਦੋ ਮਹੀਨਿਆਂ ਲਈ ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ 5 ਕਿੱਲੋ ਕਣਕ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਿਪੂ ਹੋਲਡਰਾਂ ਦੁਆਰਾ ਪੂਰੇ ਤੋਲ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਜਾਂ ਅਣਗਹਿਲੀ ਨੂੰ ਕੀਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੋਰੋਨਾ ਵਾਇਰਸ ਪਸਾਰ ਦੇ ਮੱਦੇਨਜ਼ਰ ਮਸ਼ੀਨ ‘ਤੇ ਕਿਸੇ ਵੀ ਲਾਭਪਾਤਰੀ ਦਾ ਅੰਗੂਠਾ ਨਹੀਂ ਲਗਾਇਆ ਜਾਵੇਗਾ।