ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਪਿੰਡ ਚਨਾਰਥਲ ਕਲਾਂ ਦੇ ਹਸਪਤਾਲ ਦਾ ਦੌਰਾ
ਬੀ ਟੀ ਐਨ , ਫ਼ਤਹਿਗੜ੍ਹ ਸਾਹਿਬ, 24 ਮਈ 2021
ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਮਾਤ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕਰੋਨਾ ਨੂੰ ਹਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿਚਲੀਆਂ ਸਿਹਤ ਸੰਸਥਾਵਾਂ ਵਿੱਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ ਅਤੇ ਜਿੱਥੇ ਕਿਤੇ ਕੋਈ ਕਮੀ ਹੈ, ਉਹ ਦੂਰ ਕੀਤੀ ਜਾ ਰਹੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਬੀਤੇ ਦਿਨ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨਾਲ ਪਿੰਡ ਚਨਾਰਥਲ ਕਲਾਂ ਦੇ ਸਰਕਾਰੀ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ।
ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਇਹ ਹਸਪਤਾਲ ਕੇਵਲ ਇਸੇ ਪਿੰਡ ਦੇ ਲੋਕਾਂ ਨੂੰ ਹੀ ਸਿਹਤ ਸਹੂਲਤਾਂ ਮੁਹਇਆ ਨਹੀਂ ਕਰਵਾ ਰਿਹਾ ਸਗੋਂ ਖੇਤਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਸਹੂਲਤਾਂ ਮੁਹਈਆ ਕਰਵਾ ਰਿਹਾ ਹੈ। ਇਸ ਹਸਪਤਾਲ ਵੱਲੋਂ ਕਰੋਨਾ ਸਬੰਧੀ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ ਤੇ ਕਰੋਨਾ ਮਰੀਜ਼ਾਂ ਨੂੰ ਤੈਅ ਪ੍ਰਕਿਰਿਆ ਮੁਤਾਬਕ ਸੰਭਾਲਿਆ ਜਾ ਰਿਹਾ ਹੈ।
ਸ. ਨਾਗਰਾ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਔਕਸੀਜ਼ਨ ਸੰਬੰਧਿਤ ਕੋਈ ਦਿੱਕਤ ਨਹੀ ਹੈ ਅਤੇ ਨਾ ਹੀ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਆਉਣ ਦਿੱਤੀ ਜਾਵੇਗੀ।
ਹਲਕਾ ਵਿਧਾਇਕ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਬੈਡ ਮੌਜੂਦ ਹਨ ਹਾਲਾਂਕਿ ਮੁੱਢਲੇ ਪੜਾਅ ਦੇ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ ਅਤੇ ਇਲਾਜ ਸਬੰਧੀ ਕਰੋਨਾ ਫ਼ਤਹਿ ਕਿਟ ਮੁਹਈਆ ਕਰਵਾਈ ਜਾਂਦੀ ਹੈ।
ਹਸਪਤਾਲ ਦਾ ਦੌਰਾ ਕਰਦਿਆਂ ਜਿੱਥੇ ਉਹਨਾਂ ਕੋਵਿਡ ਵੈਕਸੀਨੇਸ਼ਨ ਮੁਹਿੰਮ ਦਾ ਜਾਇਜ਼ਾ ਲਿਆ, ਉਥੇ ਹਸਪਤਾਲ ਸਬੰਧੀ ਕਮੀਆਂ ਨੂੰ ਦੇਖਦਿਆਂ ਸਮੀਖਿਆ ਰਿਪੋਰਟ ਤਿਆਰ ਕੀਤੀ ਅਤੇ ਇਨ੍ਹਾਂ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਸਟਾਫ ਨਾਲ ਗੱਲਬਾਤ ਵੀ ਕੀਤੀ ਅਤੇ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਖਿਆ।