ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੁਦ ਟ੍ਰੈਕਟਰ ਚਲਾ ਕੇ ਲਿਆ ਝੋਨੇ ਦੀ ਸਿੱਧੀ ਬਿਜਾਈ ਦਾ ਟ੍ਰਾਇਲ

Advertisement
Spread information

ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਸਮੱਸਿਆ ਦਾ ਹੱਲ ਅਤੇ ਪਾਣੀ ਦੀ ਬੱਚਤ ਯਕੀਨੀ- ਰਾਮਵੀਰ

1 ਜੂਨ ਤੋਂ 15 ਜੂਨ ਤੱਕ ਹੈ ਝੋਨੇ ਦੀ ਸਿੱਧੀ ਬਿਜਾਈ ਦਾ ਢੁੱਕਵਾਂ ਸਮਾਂ-ਮੁੱਖ ਖੇਤੀਬਾੜੀ ਅਫ਼ਸਰ

ਹਰਪ੍ਰੀਤ ਕੌਰ ਬਬਲੀ , ਚੂੜਲ ਕਲਾਂ/ਸੰਗਰੂਰ ’25 ਮਈ: 2021

             ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕੁਦਰਤ ਦੇ ਵੱਡਮੁੱਲੇ ਸਰੋਤ ਪਾਣੀ ਦੀ ਬੱਚਤ ਹੋਵੇਗੀ, ਉੱਥੇ ਹੀ ਕਿਸਾਨਾਂ ਨੂੰ ਪਨੀਰੀ ਬੀਜ ਕੇ ਲਵਾਈ ਮੌਕੇ ਆਉਣ ਵਾਲੀ ਲੇਬਰ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਤੋਂ ਪਹਿਲਾਂ ਖੁਦ ਟ੍ਰੈਕਟਰ ਚਲਾ ਕੇ ਸਿੱਧੀ ਬਿਜਾਈ ਦੀ ਪਰਖ ਕਰਨ ਤੋਂ ਬਾਅਦ ਕੀਤਾ। ਸ਼੍ਰੀ ਰਾਮਵੀਰ ਨੇ ਕਿਹਾ ਕਿ ਇਸ ਤਕਨੀਕ ਨਾਲ ਜਿਥੇ ਇੱਕ ਪਾਸੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਉੱਥੇ ਹੀ ਕਿਸਾਨਾਂ ਉਤੇ ਆਰਥਿਕ ਬੋਝ ਵੀ ਘੱਟ ਪਵੇਗਾ ਕਿਉਕਿ ਲਵਾਈ ਮੌਕੇ ਲੇਬਰ ’ਤੇ ਆਉਣ ਵਾਲਾ ਸਿੱਧਾ ਖਰਚਾ ਤਾਂ ਬਚੇਗਾ ਤੇ ਨਾਲ ਹੀ ਖੇਤਾਂ ਨੂੰ ਪਾਣੀ ਨਾਲ ਭਰ ਕੇ ਵਾਹੁਣ ਦਾ ਖਰਚਾ ਵੀ ਬਚੇਗਾ।

Advertisement

ਸ਼੍ਰੀ ਰਾਮਵੀਰ ਨੇ ਕਿਹਾ ਕਿ ਅਜੋਕੇ ਸਮੇਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਵਰਤੋਂ ਪ੍ਰਤੀ ਸੁਹਿਰਦ ਹੋ ਕੇ ਸੋਚਣ ਦੀ ਲੋੜ ਹੈ ਕਿਉਕਿ ਇਨਾਂ ਦੀ ਅੰਨੇਵਾਹ ਦੁਰਵਰਤੋਂ ਨੇ ਕੁਦਰਤੀ ਸਰੋਤਾਂ ਦਾ ਵੱਡਾ ਨੁਕਸਾਨ ਕੀਤਾ ਹੈ। ਉਨਾਂ ਕਿਹਾ ਕਿ ਜੇਕਰ ਸਾਰੇ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ ਤਾਂ ਧਰਤੀ ਹੇਠਲੇ ਪਾਣੀ ਦੇ ਉੱਪਰ ਆਉਣ ਦੀ ਵੀ ਸੰਭਾਵਨਾ ਹੈ ਕਿਉਕਿ ਇਸ ਵਿਧੀ ਨਾਲ ਬੀਜੇ ਝੋਨੇ ਵਿੱਚ ਪਾਣੀ ਰਵਾਇਤੀ ਤਰੀਕੇ ਨਾਲੋਂ ਜ਼ਿਆਦਾ ਜ਼ੀਰਦਾ ਹੈ ਤੇ ਪਾਣੀ ਦੀ ਲੋੜ ਵੀ ਘੱਟ ਹੁੰਦੀ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੱਸਿਆ ਕਿ ਝੋਨੇ ਦੀ ਪਰਮਲ ਕਿਸਮਾਂ ਦੀ ਸਿੱਧੀ ਬਿਜਾਈ ਦਾ ਢੁੱਕਵਾਂ ਸਮਾਂ 01 ਜੂਨ ਤੋ 15 ਜੂਨ ਤੱਕ ਹੈ ਅਤੇ ਬਾਸਮਤੀ ਕਿਸਮਾਂ ਦੀ ਬਿਜਾਈ ਦਾ ਢੁੱਕਵਾਂ ਸਮਾਂ 16 ਜੂਨ ਤੋਂ 30 ਜੂਨ ਤੱਕ ਹੈ। ਉਨਾਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕੇਵਲ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਹੀ ਕੀਤੀ ਜਾਵੇ ਅਤੇ ਹਲਕੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਨਾ ਕੀਤੀ ਜਾਵੇ। ਉਨਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਝੋਨੇ ਦੀ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ.ਆਰ.121, ਪੀ.ਆਰ. 122, ਪੀ.ਆਰ. 124, ਪੀ.ਆਰ. 126, ਪੀ.ਆਰ. 127, ਪੀ.ਆਰ. 128, ਪੀ.ਆਰ. 129 ਅਤੇ ਪੀ.ਆਰ. 114 ਆਦਿ ਦੀ ਬਿਜਾਈ ਕੀਤੀ ਜਾਵੇ। ਸ. ਗਰੇਵਾਲ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਪਹਿਲਾਂ ਝੋਨੇ ਦੇ 8 ਕਿਲੋਗ੍ਰਾਮ ਬੀਜ ਨੂੰ 8 ਤੋਂ 10 ਘੰਟੇ ਪਾਣੀ ਵਿਚ ਭਿਉ ਕੇ ਗਿੱਲੀਆਂ ਬੋਰੀਆਂ ਉਤੇ ਵਿਛਾਉਣ ਉਪਰੰਤ ਬੀਜ ਸੋਧ ਲਈ 24 ਗ੍ਰਾਮ ਸਪਰਿੰਟ 75 ਡਬਲਯੂ.ਐਸ ਦਵਾਈ ਨੂੰ 80100 ਮਿਲੀਲਿਟਰ ਪਾਣੀ ਵਿੱਚ ਘੋਲਕੇ ਬੀਜ ਨੂੰ ਚੰਗੀ ਤਰਾਂ ਮਲ ਦਿਉ। ਇਸ ਉਪਰੰਤ ਬੀਜ ਨੂੰ ਛਾਂ ਵਿੱਚ ਸੁਕਾ ਕੇ ਬਿਜਾਈ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਉਪਰੰਤ ਪਹਿਲਾ ਪਾਣੀ ਬਿਜਾਈ ਤੋਂ 21 ਦਿਨਾਂ ਬਾਅਦ ਲਗਾਇਆ ਜਾਵੇ ਤਾਂ ਜੋ ਝੋਨੇ ਦੇ ਬੂਟੇ ਦੀ ਜੜ ਆਪਣੀ ਤਾਕਤ ਬਣਾ ਸਕੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਉਪਰੰਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਿਫਾਰਸ਼ਸੁਦਾ ਵੀਡੀਸਾਈਡ ਜਿਵੇਂ ਕਿ ਪੈਡੀਮੈਥਲੀਨ 50%, ਬਿਸਪਾਇਰੀਬੈਕ 10 ਐਸ.ਸੀ. ਅਜਿਮਸਲਫੂਰਾਨ 50 ਡੀ.ਐਫ ਆਦਿ ਮਾਹਿਰਾਂ ਦੀ ਸਿਫਾਰਸ਼ ਅਨੁਸਾਰ ਹੀ ਵਰਤੋ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਤੇ ਪਿੰਡ ਦੇ ਕਿਸਾਨ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!