ਮਾਂ ਬੋਲੀ ਪੰਜਾਬੀ ਭਾਸ਼ਾ ਦਾ ਸਤਿਕਾਰ
ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ, ਬਰਨਾਲਾ ਵੱਲੋਂ ਪਹਿਲਕਦਮੀ ਕਰਦਿਆਂ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਦੇ ਸਤਿਕਾਰ ਤੇ ਅਹਿਮੀਅਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮ ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਸਬੰਧੀ ਇਕ ਦਫ਼ਤਰੀ ਹੁਕਮ ਕੀਤਾ ਜਾਰੀ
ਪਰਦੀਪ ਕਸਬਾ , ਬਰਨਾਲਾ, 28 ਮਈ 2021
ਪੰਜਾਬ ਰਾਜ ਭਾਸ਼ਾ ਐਕਟ ਅਨੁਸਾਰ ਸਰਕਾਰੀ ਦਫ਼ਤਰਾਂ ਦਾ ਸਾਰਾ ਕੰਮ ਕਾਜ ਪੰਜਾਬੀ ਭਾਸ਼ਾ ਵਿੱਚ ਹੋਣਾ ਚਾਹੀਦਾ ਹੈ। ਇਸ ਲਈ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ, ਬਰਨਾਲਾ ਵੱਲੋਂ ਪਹਿਲਕਦਮੀ ਕਰਦਿਆਂ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਦੇ ਸਤਿਕਾਰ ਤੇ ਅਹਿਮੀਅਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮ ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਸਬੰਧੀ ਇਕ ਦਫ਼ਤਰੀ ਹੁਕਮ ਜਾਰੀ ਕੀਤਾ ਗਿਆ ਹੈ।
ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰ, ਦਫ਼ਤਰ ਸਿਵਲ ਸਰਜਨ ਬਰਨਾਲਾ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ, ਤਪਾ, ਮਹਿਲ ਕਲਾਂ, ਧਨੌਲਾ ਅਤੇ ਭਦੌੜ ਨੂੰ ਜਾਰੀ ਕੀਤੇ ਗਏ ਇਸ ਹੁਕਮ ਸਬੰਧੀ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਇਸ ਸਬੰਧੀ ਹੁਕਮ ਲਾਗੂ ਕੀਤੇ ਹੋਏ ਹਨ, ਪਰ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਕਈ ਵਾਰ ਸਰਕਾਰੀ ਕੰਮ ਪੰਜਾਬੀ ਭਾਸ਼ਾ ਵਿੱਚ ਨਹੀਂ ਕੀਤਾ ਜਾਂਦਾ ਤਾਂ ਤੁਰੰਤ ਉਨ੍ਹਾਂ ਆਪਣੀ ਮਾਂ ਬੋਲੀ ਦੇ ਸਤਿਕਾਰ ਪ੍ਰਤੀ ਇਹ ਹੁਕਮ ਆਪਣੇ ਵਿਭਾਗ ਨੂੰ ਜਾਰੀ ਕੀਤਾ ਗਿਆ ਹੈ।
ਸਿਵਲ ਸਰਜਨ ਨੇ ਕਿਹਾ ਕਿ ਉਹ ਪੰਜਾਬੀ ਮਾਂ ਬੋਲੀ ਦਾ ਅਦਬ ਤੇ ਸਤਿਕਾਰ ਆਪਣੇ ਸਰਕਾਰੀ ਤੇ ਆਮ ਕੰਮ ਕਾਜ ਵਿਚ ਕਰਨ ਨੂੰ ਸ਼ੁਰੂਆਤ ਤੋਂ ਪਹਿਲ ਦਿੰਦੇ ਹਨ ਤੇ ਇਹ ਸਾਡੇ ਹਰ ਇਕ ਪੰਜਾਬੀ ਦਾ ਅਹਿਮ ਫਰਜ ਹੈ।