ਸਫ਼ਾਈ ਕਰਮਚਾਰੀਆਂ ਨੇ ਕੈਪਟਨ ਸਰਕਾਰ ਦੀ ਅਰਥੀ ਫੂਕੀ ਅਤੇ ਕੀਤਾ ਪਿੱਟ ਸਿਆਪਾ
ਰਘੂਵੀਰ ਹੈਪੀ , ਬਰਨਾਲਾ 31ਮਈ 2021
ਲਗਪਗ ਪਿਛਲੇ ਸਤਾਰਾਂ ਦਿਨਾਂ ਤੋਂ ਸਫਾਈ ਕਰਮਚਾਰੀਆਂ ਦਾ ਸੰਘਰਸ਼ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ ਇਸ ਮੌਕੇ ਅੱਜ ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕਦਿਆਂ ਪਿੱਟ ਸਿਆਪਾ ਕੀਤਾ ਹੈ ।
ਇਸ ਮੌਕੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਵਿਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਵਿੰਦਰ ਬੀਹਲਾ ਨੇ ਕੈਪਟਨ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਇਕ ਪਾਸੇ ਤਾਂ ਕੈਪਟਨ ਸਰਕਾਰ ਸਫ਼ਾਈ ਕਰਮਚਾਰੀਆਂ ਨੂੰ ਕੋਰੋਨਾ ਯੋਧੇ ਦਾ ਖ਼ਿਤਾਬ ਦੀ ਰਹੀ ਹੈ, ਦੂਸਰੇ ਪਾਸੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਉਨ੍ਹਾਂ ਦਾ ਅਪਮਾਨ ਕਰ ਰਹੀ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮਹਿਲਾਂ ਵਿੱਚੋਂ ਬਾਹਰ ਨਿਕਲ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਚਾਹੀਦਾ ਹੈ , ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕਿ ਅਤੇ ਲਾਰੇ ਲਾ ਕੇ ਸੱਤਾ ਵਿਚ ਆਈ ਹੈ , ਹੁਣ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ ।
ਦਵਿੰਦਰ ਬੀਹਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦੀ ਤੋਂ ਜਲਦੀ ਮੰਨਿਆ ਜਾਵੇ ਤਾਂ ਜੋ ਸਫਾਈ ਕਰਮਚਾਰੀ ਆਪਣਾ ਸੰਘਰਸ਼ ਨੂੰ ਛੱਡ ਕੇ ਸ਼ਹਿਰ ਦੀ ਸਫ਼ਾਈ ਵੱਲ ਧਿਆਨ ਦੇ ਸਕਣ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਫ਼ਾਈ ਕਰਮਚਾਰੀਆਂ ਦੀ ਸੰਘਰਸ਼ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਫਾਈ ਕਰਮਚਾਰੀਆਂ ਦਾ ਸੰਘਰਸ਼ ਸਮਾਪਤ ਨਹੀਂ ਹੋ ਜਾਂਦਾ ਉਦੋਂ ਤਕ ਸ਼੍ਰੋਮਣੀ ਅਕਲੀ ਉਨਾਂ ਦੇ ਸੰਘਰਸ਼ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਰਹੇਗੀ ।