ਆਮ ਆਦਮੀ ਪਾਰਟੀ ਦਾ ਸਕੂਲਾਂ ਵਾਲਾ ਫੋਕਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ: ਵਿਜੈ ਇੰਦਰ ਸਿੰਗਲਾ
ਹਰਪ੍ਰੀਤ ਕੌਰ ਬਬਲੀ , ਸੰਗਰੂਰ , 12 ਜੂਨ 2021
ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਨੂੰ ਬਦਨਾਮ ਦੀ ਨੀਅਤ ਨਾਲ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਕੂਲ ਮਾਡਲ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੰਜਾਬ ਦੇ ਅੱਵਲ ਆਉਣ ਨਾਲ ਬੇਨਕਾਬ ਹੋ ਗਈ ਹੈ ਅਤੇ ਹੁਣ ਮਨੀਸ਼ ਸਿਸੋਦੀਆ ਦੀ ਨਮੋਸ਼ੀ ਉਨ੍ਹਾਂ ਦੀ ਬਿਆਨਬਾਜ਼ੀ ‘ਚੋਂ ਸਾਫ ਝਲਕ ਰਹੀ ਹੈ।
ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਝੂਠੇ ਦੋਸ਼ਾਂ ਦੇ ਅਧਾਰ ‘ਤੇ ਆਪਣੀ ਤਰਕਹੀਣ ਬਿਆਨਬਾਜੀ ਰਾਹੀਂ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਬੇਤੁੱਕੀ ਕੋਸ਼ਿਸ਼ ‘ਤੇ ਸਿਸੋਦੀਆ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹਾਲਾਂਕਿ ਪੰਜਾਬ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੂਲਾਂ ਦੇ ਕਾਰਗੁਜ਼ਾਰੀ ਗ੍ਰੇਡਿੰਗ ਸੂਚਕਾਂਕ ਵਿੱਚ ਚੋਟੀ ਦਾ ਦਰਜਾ ਮਿਲਿਆ ਹੈ, ਪਰ ਦਿੱਲੀ ਨੂੰ ਸਿਖਰਲੇ ਪੰਜ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੀ ਜਗ੍ਹਾ ਹਾਸਲ ਨਹੀਂ ਹੋਈ। ਇਸ ਨੂੰ ਛੇਵੇਂ ਸਥਾਨ ‘ਤੇ ਰੱਖਿਆ ਗਿਆ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਜਦੋਂ ਪੰਜਾਬ ਨੇ ਮੈਰਿਟ ਦੇ ਆਧਾਰ ‘ਤੇ ਇਹ ਦਰਜਾ ਹਾਸਲ ਕੀਤਾ ਹੈ, ਦਿੱਲੀ ਦੇ ਸਿੱਖਿਆ ਮੰਤਰੀ ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸਿਆਹੀ ਲਾਹਾ ਲੈਣ ਲਈ ਝੂਠ ਬੋਲ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸਾਡੇ ਲਈ ਸਿੱਖਿਆ ਵਿਚ ਸੁਧਾਰ ਇਕ ਪਵਿੱਤਰ ਮੁੱਦਾ ਹੈ ਅਤੇ ਅਸੀਂ ਕਦੇ ਵੀ ਇਸ ਨੂੰ ਰਾਜਨੀਤੀ ਲਈ ਵਰਤਣ ਦੀ ਕੋਸ਼ਿਸ਼ ਨਹੀਂ ਕੀਤੀ ਜਿਵੇਂ ਕਿ ਆਪ ਸਰਕਾਰ ਵੱਲੋਂ ਕੀਤਾ ਜਾਂਦਾ ਰਿਹਾ ਹੈ। ਸਿੱਖਿਆ ਮੰਤਰੀ ਨੇ ਆਪ ਸਰਕਾਰ ਦੇ ਮੰਤਰੀਆਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਤਾਂ ਜੋ ਉਹ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਕਾਂਗਰਸ ਸਰਕਾਰ ਤੋਂ ਸਿੱਖ ਸਕਣ।
ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹੋਰ ਸਟਾਫ ਨੇ ਵੀ ਸੂਬੇ ਨੂੰ ਸਿਖਰਲੇ ਅਹੁਦੇ ’ਤੇ ਲਿਆਉਣ ਲਈ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਵਿਚ ਲਗਭਗ 15 ਫ਼ੀਸਦੀ ਦਾਖਲੇ ਵਧਾਉਣ ਵਿਚ ਵੀ ਸਹਾਇਤਾ ਮਿਲੀ ਹੈ ਕਿਉਂਕਿ ਨਤੀਜਿਆਂ ਦੇ ਮਾਮਲੇ ਵਿਚ ਵੀ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ, ਗੁਣਾਤਮਕ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਵਿਚ ਆਰਟੀਈ ਦੇ ਨਿਯਮਾਂ ਦੀ ਪਾਲਣਾ ਕਰਨ ਵਿਚ ਮੋਹਰੀ ਬਣ ਕੇ ਸਕੂਲ ਸਿੱਖਿਆ ਨੂੰ ਸੁਰਜੀਤ ਕਰਨ ਵਿਚ ਪੰਜਾਬ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।
ਪੀ.ਜੀ.ਆਈ. ਰੈਂਕ ਹਾਸਲ ਕਰਨ, ਸਕੂਲ ਬੰਦ ਕਰਨ, ਸਿੱਖਿਆ ਦਾ ਨਿੱਜੀਕਰਨ ਕਰਨ ਬਾਰੇ ਮੋਦੀ ਸਰਕਾਰ ਦੇ ਘੁਟਾਲੇ ਕਰਨ ਸਬੰਧੀ ਝੂਠੇ ਬਿਆਨਾਂ ‘ਤੇ ਪ੍ਰਤੀਕਿਰਿਆ ਕਰਦਿਆਂ ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਰੈਂਕਿੰਗ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤੀ ਗਈ ਸੀ ਜੋ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਇਕੋ ਜਿਹੀ ਸੀ। ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਸਕੂਲਾਂ ਵਿੱਚ ਦਾਖਲਾ ਲਗਾਤਾਰ ਵੱਧ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਵੱਲੋਂ ਸਰਕਾਰੀ ਸਕੂਲਾਂ ਵਿਚ ਭਰੋਸਾ ਇਸ ਤੱਥ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਤਿੰਨ ਲੱਖ ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸੂਬੇ ਦੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦਾ ਲਾਹਾ ਲੈਣ ਲਈ ਸਰਕਾਰੀ ਸਕੂਲਾਂ ਵਿਚ ਤਬਦੀਲ ਹੋ ਗਏ ਹਨ।