ਚੌਥੀ ਬਰਸੀ ਮੌਕੇ ,ਲੋਕ-ਪੱਖੀ ਨਾਟਕਕਾਰ ਅਜਮੇਰ ਸਿੰਘ ਔਲਖ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ।
ਪਰਦੀਪ ਕਸਬਾ , ਬਰਨਾਲਾ: 15 ਜੂਨ, 2021
ਤੀਹ ਜਥੇਬੰਦੀਆਂ ‘ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 258 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਦੇ ਹੀ ਦਿਨ ਸੰਨ 2017 ਵਿੱਚ ਸਾਡੇ ਮਹਿਬੂਬ ਨਾਟਕਕਾਰ ਅਜਮੇਰ ਸਿੰਘ ਔਲਖ, ਜਿੰਨਾਂ ਨੇ ਆਪਣੀ ਤਾਉਮਰ ਦੱਬੇ ਕੁਚਲੇ ਲੋਕਾਂ ਦੇ ਦੁਖਾਂ ਤਕਲੀਫਾਂ ਦੀ ਗੱਲ ਕੀਤੀ, ਸਾਨੂੰ ਸਦੀਵੀ ਵਿਛੋੜੇ ਦੇ ਗਏ ਸਨ। ਔਲਖ ਜੀ ਨੇ ਆਮ ਲੋਕਾਂ ਦੀ ਜਿੰਦਗੀ ਦੀ ਬਾਤ ਪਾਉਣ ਵਾਲੇ ਉਚਪਾਏ ਦੇ ਦਰਜਨਾਂ ਨਾਟਕ ਲਿਖੇ ਅਤੇ ਪੰਜਾਬ ਦੇ ਦੂਰ ਦੁਰੇਡੇ ਸੈਂਕੜੇ ਪਿੰਡਾਂ ਤੇ ਸ਼ਹਿਰਾਂ ‘ਚ ਪੇਸ਼ ਕੀਤੇ। ਅੱਜ ਧਰਨੇ ਵਿੱਚ ਲੋਕਾਂ ਦੇ ਉਸ ਮਹਾਨ ਸਾਹਿਤਕਾਰ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ।
ਧਰਨੇ ਨੂੰ ਬਲਵੰਤ ਸਿੰਘ ਉਪਲੀ,ਕਰਨੈਲ ਸਿੰਘ ਗਾਂਧੀ, ਮਨਜੀਤ ਰਾਜ, ਗੁਰਨਾਮ ਸਿੰਘ ਠੀਕਰੀਵਾਲਾ, ਹਰਚਰਨ ਸਿੰਘ ਚੰਨਾ, ਗੁਰਦਰਸ਼ਨ ਸਿੰਘ ਦਿਉਲ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਗੋਰਾ ਸਿੰਘ ਢਿੱਲਵਾਂ, ਚਰਨਜੀਤ ਕੌਰ, ਪ੍ਰੇਮਪਾਲ ਕੌਰ, ਬਲਜੀਤ ਸਿੰਘ ਚੌਹਾਨਕੇ, ਮੇਲਾ ਸਿੰਘ ਕੱਟੂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿਸਾਨ ਜਥੇਬੰਦੀਆਂ ਨਾਲ ਹੋਈਆਂ 11ਦੌਰ ਦੀਆਂ ਮੀਟਿੰਗਾਂ ਦੌਰਾਨ ਸਰਕਾਰ ਨੇ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਸਬੰਧੀ ਆਰਡੀਨੈਂਸ ਨੂੰ ਵਾਪਸ ਲੈਣ ਬਾਰੇ ਸਹਿਮਤੀ ਪ੍ਰਗਟਾਈ ਸੀ। ਪਰ ਹੁਣ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਇੱਕ ਚਿੱਠੀ ਲਿਖੀ ਹੈ ਜਿਸ ਅਨੁਸਾਰ ਜੇਕਰ ਸੂਬਾ ਸਰਕਾਰ ਸਟੇਟ ਜੀਡੀਪੀ ਦਾ 0.5% ਹੋਰ ਕਰਜ਼ਾ ਲੈਣਾ ਚਾਹੁੰਦੀ ਹੈ ਤਾਂ ਬਿਜਲੀ ਸੋਧਾਂ ਲਾਗੂ ਕਰਨੀਆਂ ਪੈਣਗੀਆਂ।
ਇਹ ਸਿੱਧਮ-ਸਿੱਧਾ ਬਿਜਲੀ ਸੋਧ ਬਿੱਲ 2020 ਲਾਗੂ ਕਰਨ ਲਈ ਸੂਬਾ ਸਰਕਾਰਾਂ ਨੂੰ ਦਿੱਤਾ ਲਾਲਚ ਹੈ। ਜਿਸ ਬਿੱਲ ਨੂੰ ਵਾਪਸ ਲੈਣ ਲਈ ਕੇਂਦਰ ਸਰਕਾਰ ਸਹਿਮਤ ਹੋ ਚੁੱਕੀ ਸੀ, ਉਸੇ ਬਿੱਲ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਕੋਝੀ ਕੋਸ਼ਿਸ਼ ਕਰਨਾ, ਥੁੱਕ ਕੇ ਚੱਟਣ ਜਿਹੀ ਅਨੈਤਿਕ ਕਾਰਵਾਈ ਹੈ। ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਦੀ ਇਸ ਕੋਝੀ ਸਾਜਿਸ਼ ਦੀ ਸਖਤ ਨਿਖੇਧੀ ਕਰਦਾ ਹੈ ਅਤੇ ਸੂਬਾ ਸਰਕਾਰਾਂ ਨੂੰ ਚਿਤਾਵਨੀ ਦਿੰਦਾ ਹੈ ਕਿ ਉਹ ਕੇਂਦਰ ਸਰਕਾਰ ਦੀ ਇਸ ਸਾਜਿਸ਼ ਦਾ ਸ਼ਿਕਾਰ ਨਾ ਹੋਣ ਅਤੇ ਇਸ ਚਿੱਠੀ ਨੂੰ ਰੱਦੀ ਦੀ ਟੋਕਰੀ ਹਵਾਲੇ ਕਰਨ।
ਅੱਜ ਰਾਜਵਿੰਦਰ ਸਿੰਘ ਮੱਲੀ ਤੇ ਜਗਦੀਸ਼ ਸਿੰਘ ਠੁੱਲੀਵਾਲ ਨੇ ਇਨਕਲਾਬੀ ਕਵਿਤਾਵਾਂ ਤੇ ਗੀਤ ਸੁਣਾਏ।