ਮਾਲਵਾ ਲਿਖਾਰੀ ਸਭਾ ਵੱਲੋਂ ਰਾਜਿੰਦਰਜੀਤ ਸਿੰਘ ਕਾਲਾਬੂਲਾ ਦੀ ਮੱਦਦ ਕਰਨ ਦੀ ਮੰਗ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 15 ਜੂਨ 2021
“ਮਾਂ ਬੋਲੀ ਪੰਜਾਬੀ ਦੇ ਸਿਰੜੀ ਸਪੂਤ ਅਤੇ ਨਿਧੜਕ ਪੱਤਰਕਾਰ ਰਾਜਿੰਦਰਜੀਤ ਸਿੰਘ ਕਾਲਾਬੂਲਾ ਲੰਮੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਹਨ। ਕਿਉਂਕਿ ਕੋਰੋਨਾ ਮਹਾਂਮਾਰੀ ਕਾਰਨ ਸਾਰੇ ਕੰਮ-ਧੰਦੇ ਬੰਦ ਹਨ ਅਤੇ ਉਨ੍ਹਾਂ ਦਾ ਆਪਣਾ ਇਲਾਜ਼ ਕਰਵਾਉਣ ’ਤੇ ਬਹੁਤ ਪੈਸਾ ਖਰਚ ਹੋ ਚੁੱਕਿਆ ਹੈ, ਇਸ ਲਈ ਸਰਕਾਰ ਦਾ ਇਹ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਅਜਿਹੇ ਔਖੇ ਸਮੇਂ ਵਿੱਚ ਹੱਕ, ਸੱਚ ਅਤੇ ਇਨਸਾਫ਼ ਲਈ ਆਵਾਜ਼ ਬੁਲੰਦ ਕਰਨ ਵਾਲੇ ਇਸ ਜੁਝਾਰੂ ਕਲਮਕਾਰ ਦੀ ਦਿਲ ਖੋਲ੍ਹ ਕੇ ਆਰਥਿਕ ਮੱਦਦ ਕਰੇ।
ਰਾਜਿੰਦਰਜੀਤ ਸਿੰਘ ਕਾਲਾਬੂਲਾ ਇੱਕ ਮਾਣਮੱਤੀ ਸ਼ਖ਼ਸੀਅਤ ਹਨ, ਉਨ੍ਹਾਂ ਨੇ ਪੱਤਰਕਾਰੀ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਬੇਹੱਦ ਮਹੱਤਵਪੂਰਨ ਅਤੇ ਜ਼ਿਕਰਯੋਗ ਕਾਰਜ ਕੀਤਾ ਹੈ ਅਤੇ ਤਰਕਸ਼ੀਲ ਸੋਸਾਇਟੀ ਪੰਜਾਬ, ਪੰਜਾਬੀ ਭਾਸ਼ਾ ਪਾਸਾਰ ਭਾਈਚਾਰਾ ਆਦਿ ਲੋਕ-ਪੱਖੀ ਜੱਥੇਬੰਦੀਆਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈਂਦੇ ਰਹੇ ਹਨ।” ਇਹ ਸ਼ਬਦ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਅਤੇ ਉੱਘੇ ਬਾਲ ਕਵੀ ਜਗਜੀਤ ਸਿੰਘ ਲੱਡਾ ਨੇ ਰਾਜਿੰਦਰਜੀਤ ਸਿੰਘ ਕਾਲਾਬੂਲਾ ਨਾਲ ਉਨ੍ਹਾਂ ਦੇ ਘਰ ਜਾ ਕੇ ਹਾਲ-ਚਾਲ ਪੁੱਛਣ ਤੋਂ ਬਾਅਦ ਪ੍ਰੈੱਸ ਦੇ ਨਾਂ ਜਾਰੀ ਕੀਤੇ ਆਪਣੇ ਸਾਂਝੇ ਬਿਆਨ ਵਿੱਚ ਕਹੇ। ਉਨ੍ਹਾਂ ਨੇ ਕਿਹਾ ਪਿਛਲੇ ਸਮੇਂ ਵਿੱਚ ਬਹੁਤ ਸਾਰੇ ਸਾਹਿਤਕਾਰ ਅਤੇ ਕਲਾਕਾਰ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਪਰ ਦੁੱਖ ਦੀ ਗੱਲ ਹੈ ਕਿ ਕਿਸੇ ਵੀ ਸਰਾਕਾਰ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ।