ਸੰਯੁਕਤ ਕਿਸਾਨ ਮੋਰਚਾ: ਧਰਨੇ ਦਾ 266ਵਾਂ ਦਿਨ
ਸਫਾਈ ਕਰਮੀਆਂ ਦੇ ਧਰਨੇ ‘ਚ ਸ਼ਾਮਲ ਹੋ ਕੇ ਉਨ੍ਹਾਂ ਦੇ ਘੋਲ ਦੀ ਹਮਾਇਤ ਕੀਤੀ ਜਾਵੇਗੀ।
ਪਰਦੀਪ ਕਸਬਾ , ਬਰਨਾਲਾ: 23 ਜੂਨ, 2021
ਤੀਹ ਜਥੇਬੰਦੀਆਂ ‘ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 266ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।
ਅੱਜ ਧਰਨੇ ਨੂੰ ਕਰਨੈਲ ਸਿੰਘ ਗਾਂਧੀ,ਮੇਲਾ ਸਿੰਘ ਕੱਟੂ, ਬਿੱਕਰ ਸਿੰਘ ਔਲਖ, ਹਰਚਰਨ ਸਿੰਘ ਚੰਨਾ, ਗੁਰਦਰਸ਼ਨ ਸਿੰਘ ਦਿਉਲ, ਅਮਰਜੀਤ ਕੌਰ, ਨਛੱਤਰ ਸਿੰਘ ਸਾਹੌਰ, ਬਲਜੀਤ ਸਿੰਘ ਚੌਹਾਨਕੇ,ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮਹਿੰਗਾਈ ਨੇ ਆਮ ਆਦਮੀ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਪੈਟਰੋਲ, ਡੀਜ਼ਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲਿਟਰ ਦਾ ਅੰਕੜਾ ਛੋਹ ਰਹੀਆਂ ਹਨ ਅਤੇ ਹਰ ਆਏ ਦਿਨ ਇਨ੍ਹਾਂ ‘ਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਸਰੋਂ ਦਾ ਤੇਲ ਗਰੀਬ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਹੋ ਚੁੱਕਾ ਹੈ। ਕਿਸੇ ਵੀ ਖਾਧ ਪਦਾਰਥ ਅਤੇ ਨਿਤਾ-ਪ੍ਰਤੀ ਵਰਤੋਂ ਦੀਆਂ ਹੋਰ ਵਸਤ ਦੀ ਗੱਲ ਕਰ ਲਈਏ, ਹਰ ਵਸਤ ਦੀ ਕੀਮਤ ਅਸਮਾਨੀਂ ਚੜ੍ਹੀ ਹੋਈ ਹੈ। ਇਹ ਸਭ ਇਨ੍ਹਾਂ ਵਸਤਾਂ ਦੇ ਵਪਾਰ ਉਪਰ ਕੁੱਝ ਕੰਪਨੀਆਂ ਦੇ ਹੱਥਾਂ ਵਿੱਚ ਆ ਜਾਣ ਕਾਰਨ ਹੋ ਰਿਹਾ ਹੈ।
ਜਰੂਰੀ ਵਸਤਾਂ ਦੀ ਮਹਿੰਗਾਈ ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋ ਜਾਣ ਬਾਅਦ ਦੇ ਦਿਨਾਂ ਦੀ ਝਲਕ ਮਾਤਰ ਹੈ। ਜਰੂਰੀ ਵਸਤਾਂ (ਸੋਧ) ਕਾਨੂੰਨ ਲਾਗੂ ਹੋ ਜਾਣ ਬਾਅਦ ਜਰੂਰੀ ਖਾਧ ਪਦਾਰਥਾਂ ਦਾ ਭੰਡਾਰਣ ਕੁੱਝ ਕੁ ਵੱਡੀਆਂ ਕੰਪਨੀਆਂ ਦੇ ਹੱਥ ਚਲਾ ਜਾਵੇਗਾ ਜੋ ਬਾਅਦ ਵਿੱਚ ਲੋਕਾਂ ਨੂੰ ਬਹੁਤ ਉਚੀਆਂ ਕੀਮਤਾਂ ‘ਤੇ ਵੇਚੀਆਂ ਜਾਣਗੀਆਂ। ਇਸ ਲਈ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਸਖਤ ਜਰੂਰਤ ਹੈ ਤਾਂ ਜੁ ਆਮ ਆਦਮੀ ਨੂੰ ਮਹਿੰਗਾਈ ਤੋਂ ਬਚਾਇਆ ਜਾ ਸਕੇ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਫਾਈ ਕਰਮਚਾਰੀ ਪਿਛਲੇ ਡੇਢ ਮਹੀਨੇ ਤੋਂ ਠੇਕੇਦਾਰੀ ਪ੍ਰਬੰਧ ਖਤਮ ਕਰਵਾਉਣ, ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖਾਹਾਂ ਵਧਾਉਣ ਲਈ ਹੜਤਾਲ ‘ਤੇ ਹਨ। ਪਰ ਪੰਜਾਬ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲਮਟੋਲ ਦੀ ਨੀਤੀ ਅਪਣਾ ਰੱਖੀ ਹੈ। ਕੱਲ੍ਹ ਸੰਯੁਕਤ ਕਿਸਾਨ ਮੋਰਚਾ ਦੇ ਧਰਨਾਕਾਰੀ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੇ ਸੰਘਰਸ਼ ਨਾਲ ਇੱਕਜੁੱਟਤਾ ਪ੍ਰਗਟ ਕਰਨਗੇ।
ਅੱਜ ਰਾਜਵਿੰਦਰ ਸਿੰਘ ਮੱਲੀ ਦੇ ਕਵੀਸ਼ਰੀ ਜਥੇ ਨੇ ਬੀਰਰਸੀ ਕਵੀਸ਼ਰੀ ਰਾਹੀਂ ਪੰਡਾਲ ‘ਚ ਜੋਸ਼ ਭਰਿਆ। ਬਹਾਦਰ ਸਿੰਘ ਕਾਲਾ ਧਨੌਲਾ ਨੇ ਜੋਸ਼ੀਲੇ ਗੀਤ ਸੁਣਾਏ।