ਸੰਯੁਕਤ ਕਿਸਾਨ ਮੋਰਚਾ: ਧਰਨੇ ਦਾ 267ਵਾਂ ਦਿਨ
ਮਹਿੰਗਾਈ ਵਿਰੁੱਧ ਸ਼ਹਿਰ ‘ਚ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ
ਪਰਦੀਪ ਕਸਬਾ , ਬਰਨਾਲਾ: 24 ਜੂਨ, 2021
ਤੀਹ ਜਥੇਬੰਦੀਆਂ ‘ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 267ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਧਰਨਾਕਾਰੀਆਂ ਵੱਲੋਂ ਸ਼ਹਿਰ ਵਿੱਚ ਪੈਟਰੋਲੀਅਮ ਤੇ ਜਰੂਰੀ ਖਾਧ ਪਦਾਰਥਾਂ ਦੀ ਲੱਕ-ਤੋੜ੍ਹ ਮਹਿੰਗਾਈ ਵਿਰੁੱਧ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮਹਿੰਗਾਈ ਨੇ ਆਮ ਆਦਮੀ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਪੈਟਰੋਲ, ਡੀਜ਼ਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲਿਟਰ ਦਾ ਅੰਕੜਾ ਛੋਹ ਰਹੀਆਂ ਹਨ ਅਤੇ ਹਰ ਆਏ ਦਿਨ ਇਨ੍ਹਾਂ ‘ਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਸਰੋਂ ਦਾ ਤੇਲ ਗਰੀਬ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਹੋ ਚੁੱਕਾ ਹੈ। ਹੋਰ ਜਰੂਰੀ ਵਸਤਾਂ ਦੀਆਂ ਕੀਮਤਾਂ ਵੀ ਅਸਮਾਨੀਂ ਚੜ੍ਹੀਆਂ ਹੋਈਆਂ ਹਨ
ਆਗੂਆਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋ ਜਾਣ ਬਾਅਦ ਇਹ ਮਹਿੰਗਾਈ ਬਹੁਤ ਜਿਆਦਾ ਵਧ ਜਾਵੇਗੀ।ਜਰੂਰੀ ਵਸਤਾਂ (ਸੋਧ) ਕਾਨੂੰਨ ਲਾਗੂ ਹੋ ਜਾਣ ਬਾਅਦ ਜਰੂਰੀ ਖਾਧ ਪਦਾਰਥਾਂ ਦਾ ਭੰਡਾਰਣ ਕੁੱਝ ਕੁ ਵੱਡੀਆਂ ਕੰਪਨੀਆਂ ਦੇ ਹੱਥ ਚਲਾ ਜਾਵੇਗਾ ਜੋ ਬਾਅਦ ਵਿੱਚ ਲੋਕਾਂ ਨੂੰ ਬਹੁਤ ਉਚੀਆਂ ਕੀਮਤਾਂ ‘ਤੇ ਵੇਚੀਆਂ ਜਾਣਗੀਆਂ। ਇਸ ਲਈ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਸਖਤ ਜਰੂਰਤ ਹੈ ਤਾਂ ਜੁ ਆਮ ਆਦਮੀ ਨੂੰ ਮਹਿੰਗਾਈ ਤੋਂ ਬਚਾਇਆ ਜਾ ਸਕੇ।
ਰੋਸ ਪ੍ਰਦਰਸ਼ਨ ਬਾਅਦ ਕਿਸਾਨ ਧਰਨਾਕਾਰੀ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਸ਼ਾਮਲ ਹੋਏ। ਸਫਾਈ ਕਰਮੀਆਂ ਦੇ ਧਰਨੇ ਨੂੰ ਨਰੈਣ ਦੱਤ, ਬਾਬੂ ਸਿੰਘ ਖੁੱਡੀ ਕਲਾਂ, ਗੋਰਾ ਸਿੰਘ ਢਿਲਵਾਂ ਤੇ ਹਰਚਰਨ ਸਿੰਘ ਚੰਨਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਸਫਾਈ ਕਰਮਚਾਰੀ ਪਿਛਲੇ ਡੇਢ ਮਹੀਨੇ ਤੋਂ ਠੇਕੇਦਾਰੀ ਪ੍ਰਬੰਧ ਖਤਮ ਕਰਵਾਉਣ, ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖਾਹਾਂ ਵਧਾਉਣ ਲਈ ਹੜਤਾਲ ‘ਤੇ ਹਨ। ਪਰ ਪੰਜਾਬ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲਮਟੋਲ ਦੀ ਨੀਤੀ ਅਪਣਾ ਰੱਖੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸਫਾਈ ਕਰਮੀਆਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ।
ਰੇਲਵੇ ਸਟੇਸ਼ਨ ਧਰਨੇ ਨੂੰ ਗੁਰਨਾਮ ਸਿੰਘ ਠੀਕਰੀਵਾਲਾ, ਨਛੱਤਰ ਸਿੰਘ ਸਾਹੌਰ ਤੇ ਨੇਕਦਰਸ਼ਨ ਨੇ ਸੰਬੋਧਨ ਕੀਤਾ। ਪ੍ਰੇਮਪਾਲ ਕੌਰ ਨੇ ਦਿੱਲੀ ਮੋਰਚੇ ਦਾ ਹਾਲ ਗੀਤ ਰਾਹੀਂ ਪੇਸ਼ ਕਰਕੇ ਧਰਨਾਕਾਰੀਆਂ ਨੂੰ ਭਾਵੁਕ ਕਰ ਦਿੱਤਾ।